ਪਟਿਆਲਾ, 24 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਪਟਿਆਲਾ ਦੇ ਵਾਰਡ ਨੰਬਰ 41 ਵਿੱਚ ਆਮ ਆਦਮੀ ਪਾਰਟੀ ਦੀ ਕੌਂਸਲਰ ਉਮੀਦਵਾਰ ਅਮਨਪ੍ਰੀਤ ਕੌਰ ਪਾਲੀ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਖੰਡੌਲੀ ਭਾਈਚਾਰੇ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਖੁੱਲ੍ਹਾ ਸਮਰਥਨ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਖੰਡੌਲੀ ਪਰਿਵਾਰ ਨੇ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਸੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਖੰਡੌਲੀ ਪਰਿਵਾਰ ਦੇ ਸਮਰਥਨ ਨਾਲ ਪਾਰਟੀ ਦੀ ਚੋਣ ਮੁਹਿੰਮ ਨੂੰ ਨਵੀਂ ਤਾਕਤ ਮਿਲੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਰੇਕ ਵਰਗ ਅਤੇ ਵਪਾਰਕ ਭਾਈਚਾਰੇ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਕਾਰਨ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਕੋਹਲੀ ਨੇ ਭਰੋਸਾ ਜਤਾਇਆ ਕਿ ਲੋਕ ਭਲਾਈ ਸਕੀਮਾਂ ਦਾ ਸਿਲਸਿਲਾ ਜਾਰੀ ਰਹੇਗਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਮੁੜ ਪੰਜਾਬ ਵਿੱਚ ਸਰਕਾਰ ਬਣਾਏਗੀ। ਇਸ ਮੌਕੇ ਵਿਨੋਦ ਕੁਮਾਰ, ਕਾਲੂ ਅਰੋੜਾ ਅਤੇ ਅੰਮ੍ਰਿਤਪਾਲ ਸਿੰਘ ਪਾਲੀ ਸਮੇਤ ਹੋਰ ਪਾਰਟੀ ਆਗੂ ਅਤੇ ਸਮਰਥਕ ਮੌਜੂਦ ਸਨ।
