Homeਪੰਜਾਬਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਸੀ.ਆਰ.ਐਮ. ਪ੍ਰੋਜੈਕਟ ਅਧੀਨ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ...

ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਸੀ.ਆਰ.ਐਮ. ਪ੍ਰੋਜੈਕਟ ਅਧੀਨ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਲਗਾਇਆ

KVK Sangrur Holds Awareness Camp on Crop Residue Management

ਸੰਗਰੂਰ, 6 ਸਤੰਬਰ, 2026 (ਹਰਸ਼ਪ੍ਰੀਤ ਕੌਰ) :  ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਵਿੱਢੀ ਮੁਹਿੰਮ ਅਧੀਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਫੁੰਮਣ ਸਿੰਘ ਵਾਲਾ, ਬਲਾਕ ਭਵਾਨੀਗੜ੍ਹ ਵਿਖੇ ਇੱਕ -ਰੋਜ਼ਾ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਪਿੰਡ ਦੇ ਸਰਪੰਚ ਸ ਸੁਖਚੈਨ ਸਿੰਘ ਸਮੇਤ ਲੱਗਭੱਗ 70 ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਸਿਹਤ ਅਤੇ ਮਨੁੱਖੀ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਹਨਾਂ ਦੱਸਿਆ ਕਿ ਇੱਕ ਟਨ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਸਲਫ਼ਰ ਤੱਤ ਦਾ ਨੁਕਸਾਨ ਹੁੰਦਾ ਹੈ। ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੀਆਂ ਹਾਨੀਕਾਰਕ ਗੈਸਾਂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਮਨੁੱਖਾਂ ਲਈ ਬਿਮਾਰੀਆਂ ਦਾ ਕਾਰਣ ਬਣਦੀਆਂ ਹਨ। ਉਹਨਾਂ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਨੂੰ ਖੇਤ ਵਿੱਚ ਹੀ ਸੰਭਾਲਣ ਦੀਆਂ ਤਕਨੀਕਾਂ ਅਪਣਾਉਣ ਦੀ ਪੁਰਜ਼ੋਰ ਅਪੀਲ ਕੀਤੀ। ਉਹਨਾਂ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਨਾਲ ਹੋਣ ਵਾਲੇ ਫ਼ਾਇਦਿਆਂ ਅਤੇ ਮਿੱਟੀ ਦੀ ਸਿਹਤ ਵਿੱਚ ਹੋਣ ਵਾਲੇ ਸੁਧਾਰ ਸੰਬੰਧੀ ਵੀ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹੁਣ ਨਾਲ ਮਿੱਟੀ ਵਿੱਚ ਜੈਵਿਕ ਕਾਰਬਨ ਦੀ ਮਾਤਰਾ ਵਧਦੀ ਹੈ । ਜਿਸ ਨਾਲ ਮਿੱਟੀ ਵਧੇਰੇ ਉਪਜਾਊ ਬਣਦੀ ਹੈ ਅਤੇ ਰਸਾਇਣਿਕ ਖਾਦਾਂ ਦਾ ਖਰਚਾ ਘਟਦਾ ਹੈ ਅਤੇ ਫ਼ਸਲ ਦੀ ਪੈਦਾਵਾਰ ਵਧਦੀ ਹੈ।ਇਸ ਤੋਂ ਇਲਾਵਾ ਉਹਨਾਂ ਕਣਕ ਦੀ ਨਵੀਂ ਕਿਸਮ ਪੀ ਬੀ ਡਬਲਯੂ 887 ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਤੰਬਰ ਮਹੀਨੇ ਦੌਰਾਨ ਲੱਗਣ ਵਾਲੇ ਕਿਸਾਨ ਮੇਲਿਆਂ ਵਿੱਚ ਹੁੰਮ-ਹੁੰਮਾ ਕੇ ਭਾਗ ਲੈਣ ਦਾ ਸੱਦਾ ਵੀ ਦਿੱਤਾ।

ਡਾ. ਰੁਕਿੰਦਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਵਾਲੀਆਂ ਮਸ਼ੀਆਂ ਬਾਬਤ ਜਾਣਕਾਰੀ ਦਿੱਤੀ। ਉਹਨਾਂ ਪਰਾਲੀ ਖੇਤ ਵਿੱਚ ਮਿਲਾ ਕੇ ਬੀਜੀ ਕਣਕ ਦੀ ਫ਼ਸਲ ਵਿੱਚ ਨਦੀਆਂ ਦੀ ਰੋਕਥਾਮ ਅਤੇ ਖੁਰਾਕੀ ਤੱਤਾਂ ਦੀ ਪੂਰਤੀ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਝੋਨੇ ਵਿੱਚ ਪੋਟਾਸ਼ੀਅਮ ਨਾਈਟ੍ਰੇਟ (13:0:45) ਦੀ ਵਰਤੋਂ ਦੇ ਫਾਇਦਿਆਂ ਬਾਰੇ ਦੱਸਦੇ ਹੋਏ ਇਸ ਦਾ ਸਪਰੇਅ ਕਰਨ ਲਈ ਵੀ ਆਖਿਆ। ਉਹਨਾਂ ਕਿਹਾ ਕਿ ਜਦੋਂ ਝੋਨਾ ਗ਼ੋਭ ਵਿੱਚ ਆਵੇ ਤਾਂ 1.5% ਪੋਟਾਸ਼ੀਅਮ ਨਾਈਟ੍ਰੇਟ (3 ਕਿਲੋ ਪੋਟਾਸ਼ੀਅਮ ਨਾਈਟ੍ਰੇਟ 200 ਲਿਟਰ ਪਾਣੀ ਪ੍ਰਤੀ ਏਕੜ) ਦਾ ਛਿੜਕਾਅ ਕਰੋ। ਡਾ. ਰਵਿੰਦਰ ਕੌਰ, ਸਹਿਯੋਗੀ ਪ੍ਰੋਫੈਸਰ (ਬਾਗਬਾਨੀ) ਨੇ ਕਿਸਾਨਾਂ ਨੂੰ ਸਰਦੀ ਰੁੱਤ ਦੀ ਘਰੇਲੂ ਸਬਜ਼ੀ ਬਗੀਚੀ ਲਗਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਸਬਜ਼ੀਆਂ ਦੀਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀਆਂ ਵੱਖ-ਵੱਖ ਕਿਸਮਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਕਿਸਾਨਾਂ ਲਈ ਤਿਆਰ ਕੀਤੀਆਂ ਜਾਂਦੀਆਂ ਸਬਜ਼ੀਆਂ ਦੀਆਂ ਪਨੀਰੀਆਂ ਸੰਬੰਧੀ ਵੀ ਜਾਣਕਾਰੀ ਦਿੱਤੀ।
ਇਸ ਕੈਂਪ ਦੇ ਅਖੀਰ ਵਿੱਚ ਕਿਸਾਨ ਵੀਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ ਉਹਨਾਂ ਨੂੰ ਯੂਨੀਵਰਸਿਟੀ ਵੱਲੋਂ ਤਿਆਰ ਸਰਦੀ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਅਤੇ ਖੇਤੀ ਸਾਹਿਤ ਮੁਹਈਆ ਕਰਵਾਇਆ ਗਿਆ। ਪਿੰਡ ਦੇ ਸਰਪੰਚ ਸ. ਸੁਖਚੈਨ ਸਿੰਘ ਅਤੇ ਕਿਸਾਨ ਯੂਨੀਅਨ ਦੇ ਪ੍ਰਧਾਨ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਦੀ ਟੀਮ ਦਾ ਤਹਿ-ਦਿਲੋਂ ਧੰਨਵਾਦ ਕੀਤਾ ਗਿਆ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments