ਸੰਗਰੂਰ, 6 ਸਤੰਬਰ, 2026 (ਹਰਸ਼ਪ੍ਰੀਤ ਕੌਰ) : ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਵਿੱਢੀ ਮੁਹਿੰਮ ਅਧੀਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਫੁੰਮਣ ਸਿੰਘ ਵਾਲਾ, ਬਲਾਕ ਭਵਾਨੀਗੜ੍ਹ ਵਿਖੇ ਇੱਕ -ਰੋਜ਼ਾ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਪਿੰਡ ਦੇ ਸਰਪੰਚ ਸ ਸੁਖਚੈਨ ਸਿੰਘ ਸਮੇਤ ਲੱਗਭੱਗ 70 ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਸਿਹਤ ਅਤੇ ਮਨੁੱਖੀ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਹਨਾਂ ਦੱਸਿਆ ਕਿ ਇੱਕ ਟਨ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਸਲਫ਼ਰ ਤੱਤ ਦਾ ਨੁਕਸਾਨ ਹੁੰਦਾ ਹੈ। ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੀਆਂ ਹਾਨੀਕਾਰਕ ਗੈਸਾਂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਮਨੁੱਖਾਂ ਲਈ ਬਿਮਾਰੀਆਂ ਦਾ ਕਾਰਣ ਬਣਦੀਆਂ ਹਨ। ਉਹਨਾਂ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਨੂੰ ਖੇਤ ਵਿੱਚ ਹੀ ਸੰਭਾਲਣ ਦੀਆਂ ਤਕਨੀਕਾਂ ਅਪਣਾਉਣ ਦੀ ਪੁਰਜ਼ੋਰ ਅਪੀਲ ਕੀਤੀ। ਉਹਨਾਂ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਨਾਲ ਹੋਣ ਵਾਲੇ ਫ਼ਾਇਦਿਆਂ ਅਤੇ ਮਿੱਟੀ ਦੀ ਸਿਹਤ ਵਿੱਚ ਹੋਣ ਵਾਲੇ ਸੁਧਾਰ ਸੰਬੰਧੀ ਵੀ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹੁਣ ਨਾਲ ਮਿੱਟੀ ਵਿੱਚ ਜੈਵਿਕ ਕਾਰਬਨ ਦੀ ਮਾਤਰਾ ਵਧਦੀ ਹੈ । ਜਿਸ ਨਾਲ ਮਿੱਟੀ ਵਧੇਰੇ ਉਪਜਾਊ ਬਣਦੀ ਹੈ ਅਤੇ ਰਸਾਇਣਿਕ ਖਾਦਾਂ ਦਾ ਖਰਚਾ ਘਟਦਾ ਹੈ ਅਤੇ ਫ਼ਸਲ ਦੀ ਪੈਦਾਵਾਰ ਵਧਦੀ ਹੈ।ਇਸ ਤੋਂ ਇਲਾਵਾ ਉਹਨਾਂ ਕਣਕ ਦੀ ਨਵੀਂ ਕਿਸਮ ਪੀ ਬੀ ਡਬਲਯੂ 887 ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਤੰਬਰ ਮਹੀਨੇ ਦੌਰਾਨ ਲੱਗਣ ਵਾਲੇ ਕਿਸਾਨ ਮੇਲਿਆਂ ਵਿੱਚ ਹੁੰਮ-ਹੁੰਮਾ ਕੇ ਭਾਗ ਲੈਣ ਦਾ ਸੱਦਾ ਵੀ ਦਿੱਤਾ।








