ਨਵੀਂ ਦਿੱਲੀ, 17 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਛਾਤੀ ਵਿੱਚ ਇਨਫੈਕਸ਼ਨ ਹੋਣ ਕਾਰਨ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 98 ਸਾਲਾ ਅਡਵਾਨੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਉਹ ਹਸਪਤਾਲ ਦੇ ਫੇਫੜਿਆਂ ਨਾਲ ਸਬੰਧਤ ਵਿਭਾਗ ਵਿੱਚ ਇਲਾਜ ਅਧੀਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ, ਉਨ੍ਹਾਂ ਨੂੰ ਸ਼ੁੱਕਰਵਾਰ ਸ਼ਾਮ ਕਰੀਬ 7:30 ਵਜੇ ਹਸਪਤਾਲ ਲਿਆਂਦਾ ਗਿਆ ਸੀ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ’ਤੇ ਨਜ਼ਰ ਰੱਖ ਰਹੀ ਹੈ। ਅਡਵਾਨੀ 8 ਨਵੰਬਰ ਨੂੰ ਆਪਣਾ 99ਵਾਂ ਜਨਮ ਦਿਨ ਮਨਾਉਣਗੇ।
ਪ੍ਰਧਾਨ ਮੰਤਰੀ ਮੋਦੀ ਨੇ ਹਾਲ ਹੀ ਵਿੱਚ ਕੀਤੀ ਸੀ ਮੁਲਾਕਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਅਡਵਾਨੀ ਦੀ ਰਿਹਾਇਸ਼ ’ਤੇ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਸੀ। ਇਸ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਕਿਹਾ ਸੀ ਕਿ ਅਡਵਾਨੀ ਦੀ ਦਹਾਕਿਆਂ ਦੀ ਜਨਤਕ ਸੇਵਾ ਅਤੇ ਦੇਸ਼ ਦੇ ਰਾਸ਼ਟਰੀ ਜੀਵਨ ਵਿੱਚ ਪਾਏ ਯੋਗਦਾਨ ਨੇ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਨੇ ਭਾਰਤ ਦੀ ਤਰੱਕੀ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ।
ਭਾਜਪਾ ਦੇ ਨਿਰਮਾਣ ਅਤੇ ਵਿਸਥਾਰ ਵਿੱਚ ਅਹਿਮ ਭੂਮਿਕਾ
ਲਾਲ ਕ੍ਰਿਸ਼ਨ ਅਡਵਾਨੀ ਨੇ ਅਟਲ ਬਿਹਾਰੀ ਵਾਜਪਾਈ ਨਾਲ ਮਿਲ ਕੇ 1980 ਵਿੱਚ ਭਾਰਤੀ ਜਨਤਾ ਪਾਰਟੀ ਦੀ ਸਥਾਪਨਾ ਵਿੱਚ ਅਹਿਮ ਭੂਮਿਕਾ ਨਿਭਾਈ। ਉਹ ਪਾਰਟੀ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹਿਣ ਵਾਲੇ ਆਗੂਆਂ ਵਿੱਚ ਸ਼ਾਮਲ ਹਨ। ਉਨ੍ਹਾਂ ਦੀ ਅਗਵਾਈ ਦੌਰਾਨ ਭਾਜਪਾ ਨੇ 1984 ਦੀਆਂ ਲੋਕ ਸਭਾ ਚੋਣਾਂ ਵਿੱਚ ਦੋ ਸੀਟਾਂ ਤੋਂ ਆਪਣਾ ਸਿਆਸੀ ਆਧਾਰ ਵਧਾਉਂਦਿਆਂ 1998 ਵਿੱਚ 182 ਸੀਟਾਂ ਤੱਕ ਦਾ ਸਫ਼ਰ ਤੈਅ ਕੀਤਾ। ਅਡਵਾਨੀ 1989 ਤੋਂ ਲੋਕ ਸਭਾ ਦੇ ਮੈਂਬਰ ਰਹੇ ਅਤੇ ਆਪਣੇ ਸੰਸਦੀ ਸਿਆਸੀ ਜੀਵਨ ਦੌਰਾਨ ਸੱਤ ਵਾਰ ਲੋਕ ਸਭਾ ਲਈ ਚੁਣੇ ਗਏ। ਉਨ੍ਹਾਂ ਨੇ ਜ਼ਿਆਦਾਤਰ ਸਮਾਂ ਗੁਜਰਾਤ ਦੇ ਗਾਂਧੀਨਗਰ ਹਲਕੇ ਦੀ ਨੁਮਾਇੰਦਗੀ ਕੀਤੀ।
ਗ੍ਰਹਿ ਮੰਤਰੀ ਤੋਂ ਉਪ ਪ੍ਰਧਾਨ ਮੰਤਰੀ ਤੱਕ ਦਾ ਸਫ਼ਰ
ਅਡਵਾਨੀ ਨੇ 1998 ਤੋਂ 2004 ਤੱਕ ਕੇਂਦਰੀ ਗ੍ਰਹਿ ਮੰਤਰੀ ਵਜੋਂ ਸੇਵਾ ਨਿਭਾਈ ਅਤੇ 2002 ਤੋਂ 2004 ਤੱਕ ਦੇਸ਼ ਦੇ ਉਪ ਪ੍ਰਧਾਨ ਮੰਤਰੀ ਰਹੇ। ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੇ ਲੰਬੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਸਾਲ 2024 ਵਿੱਚ ਉਨ੍ਹਾਂ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਤ ਕੀਤਾ ਗਿਆ। ਫਿਲਹਾਲ ਅਡਵਾਨੀ ਦਾ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਇਲਾਜ ਜਾਰੀ ਹੈ। ਉਨ੍ਹਾਂ ਦੀ ਸਿਹਤ ਸਬੰਧੀ ਅਗਲੇ ਅਧਿਕਾਰਤ ਅਪਡੇਟ ਦੀ ਉਡੀਕ ਹੈ।






