Home ਪਟਿਆਲਾ ਅਪਡੇਟ ਕੂੜੇ ਦੇ ਨਿਪਟਾਰੇ ’ਚ ਢਿੱਲ ਬਰਦਾਸ਼ਤ ਨਹੀਂ: ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ

ਕੂੜੇ ਦੇ ਨਿਪਟਾਰੇ ’ਚ ਢਿੱਲ ਬਰਦਾਸ਼ਤ ਨਹੀਂ: ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ

0

ਪਟਿਆਲਾ, 17 ਜੁਲਾਈ, 2026 (ਦੀਪਕ ਦੱਤਾ): ਸ਼ਹਿਰ ਦੀ ਸਾਫ਼-ਸਫ਼ਾਈ ਅਤੇ ਕੂੜੇ ਦੇ ਪੱਕੇ ਨਿਪਟਾਰੇ ਨੂੰ ਲੈ ਕੇ ਨਗਰ ਨਿਗਮ ਪਟਿਆਲਾ ਵੱਲੋਂ ਸਖ਼ਤ ਰੁਖ਼ ਅਖਤਿਆਰ ਕੀਤਾ ਗਿਆ ਹੈ। ਇਸੇ ਤਹਿਤ ਬੀਤੇ ਦਿਨੀ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸ੍ਰੀਮਤੀ ਸਿਮਰਪ੍ਰੀਤ ਕੌਰ ਵੱਲੋਂ ਮੈਡੀਕਲ ਅਫ਼ਸਰ ਹੈਲਥ ਅਤੇ ਨਿਗਮ ਦੇ ਸੈਨੇਟਰੀ ਇੰਸਪੈਕਟਰਾਂ ਨੂੰ ਨਾਲ ਲੈ ਕੇ ਸ਼ਹਿਰ ਦੇ ਮੇਨ ਗਾਰਬੇਜ ਡੰਪ ਦਾ ਮੌਕੇ ‘ਤੇ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਵਧੀਕ ਕਮਿਸ਼ਨਰ ਨੇ ਉੱਥੇ ਚੱਲ ਰਹੇ ਪੁਰਾਣੇ ਕੂੜੇ ਦੇ ਨਿਪਟਾਰੇ ਦੇ ਕੰਮ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।

ਨਿਰੀਖਣ ਦੌਰਾਨ ਮੌਕੇ ‘ਤੇ ਮੌਜੂਦ “ਕਾਲ ਐਂਡ ਫਿਕਸ” ਕੰਪਨੀ ਦੇ ਨੁਮਾਇੰਦਿਆਂ ਨੂੰ ਵਧੀਕ ਕਮਿਸ਼ਨਰ ਵੱਲੋਂ ਬੇਹੱਦ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਕੰਪਨੀ ਨੂੰ ਦੋ-ਟੁੱਕ ਸ਼ਬਦਾਂ ਵਿੱਚ ਕਿਹਾ ਕਿ ਲੀਗੇਸੀ ਵੇਸਟ ਰੀਮੀਡੀਏਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਕੰਮ ਦੀ ਰਫ਼ਤਾਰ ਨੂੰ ਵਧਾਉਣ ਲਈ ਕੰਪਨੀ ਨੂੰ ਤੁਰੰਤ ਵਾਧੂ ਨਵੀਆਂ ਮਸ਼ੀਨਾਂ ਤਾਇਨਾਤ ਕਰਨ ਦੇ ਹੁਕਮ ਦਿੱਤੇ ਗਏ ਤਾਂ ਜੋ ਕੰਮ ਦੀ ਗਤੀ ਅਤੇ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ ਦੇਖਣ ਨੂੰ ਮਿਲੇ।

ਵਧੀਕ ਕਮਿਸ਼ਨਰ ਸ੍ਰੀਮਤੀ ਸਿਮਰਪ੍ਰੀਤ ਕੌਰ ਨੇ ਸਪੱਸ਼ਟ ਕੀਤਾ ਕਿ ਲੀਗੇਸੀ ਵੇਸਟ ਦੇ ਸਮੇਂ ਸਿਰ ਨਿਪਟਾਰੇ ਲਈ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਪ੍ਰੋਜੈਕਟ ਦੀ ਨਿਯਮਿਤ (ਰੋਜ਼ਾਨਾ) ਨਿਗਰਾਨੀ ਕੀਤੀ ਜਾਵੇ ਅਤੇ ਨਗਰ ਨਿਗਮ ਵੱਲੋਂ ਕੰਪਨੀ ਨੂੰ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਹਰ ਹਾਲ ਵਿੱਚ ਯਕੀਨੀ ਬਣਾਈ ਜਾਵੇ, ਤਾਂ ਜੋ ਇਸ ਅਹਿਮ ਕਾਰਜ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਜਾ ਸਕੇ।

 

Exit mobile version