ਸੰਗਰੂਰ/ਸੁਨਾਮ, 08 ਅਗਸਤ, 2026 (ਹਰਸ਼ਪ੍ਰੀਤ ਕੌਰ): ਪਿੰਡ ਕੁਲਾਰ ਖੁਰਦ ਦੇ ਵਸਨੀਕਾਂ ਦੀ ਪਿਛਲੇ ਲਗਭਗ 23-24 ਸਾਲਾਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਦੇ ਹਾਈ ਸਕੂਲ ਨੂੰ ਸੀਨੀਅਰ ਸੈਕੰਡਰੀ ਸਕੂਲ ਵਜੋਂ ਅਪਗ੍ਰੇਡ ਕਰ ਦਿੱਤਾ ਗਿਆ ਹੈ। ਸਕੂਲ ਨੂੰ ਅਪਗ੍ਰੇਡ ਕਰਨ ਸਬੰਧੀ ਸਰਕਾਰ ਵੱਲੋਂ ਪ੍ਰਾਪਤ ਮਨਜ਼ੂਰੀ ਦਾ ਪੱਤਰ
ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਪਿੰਡ ਦੀ ਪੰਚਾਇਤ, ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਪਿੰਡ ਵਾਸੀਆਂ ਨੂੰ ਸੌਂਪਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਦਾ ਦਿਨ ਕੁਲਾਰ ਖੁਰਦ ਅਤੇ ਸਮੁੱਚੇ ਇਲਾਕੇ ਲਈ ਬੇਹੱਦ ਖੁਸ਼ੀ ਦਾ ਦਿਨ ਹੈ, ਕਿਉਂਕਿ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੁਣ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਪ੍ਰਬੰਧ ਪਿਛਲੇ ਲੰਬੇ ਸਮੇਂ ਤੋਂ ਪੰਚਾਇਤੀ ਪੱਧਰ ’ਤੇ ਬਹੁਤ ਹੀ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਸੀ ਅਤੇ ਸਕੂਲ ਦੇ ਪ੍ਰਿੰਸੀਪਲ, ਸਮੁੱਚੇ ਅਧਿਆਪਕ ਵਰਗ, ਪੰਚਾਇਤ ਅਤੇ ਪਿੰਡ ਵਾਸੀਆਂ ਨੇ ਮਿਲ ਕੇ ਸਕੂਲ ਦੀ ਬਿਹਤਰੀ ਲਈ ਸ਼ਾਨਦਾਰ ਯਤਨ ਕੀਤੇ ਹਨ।
