ਚੰਡੀਗੜ੍ਹ, 28 ਸਤੰਬਰ 2026 (ਗੁਰਮੀਤ ਸਿੰਘ ਤੁੰਗ): ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU), ਫਗਵਾੜਾ ਵਿੱਚ ਵਿਦਿਆਰਥੀ ਵਿਰੋਧ ਅਤੇ ਹਿੰਸਾ ਦੀਆਂ ਘਟਨਾਵਾਂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਮਲੇ ਵਿੱਚ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਖੁਦ ਯੂਨੀਵਰਸਿਟੀ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਲਈ ਕਿਹਾ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਭਗਵੰਤ ਮਾਨ ਨੇ LPU ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਡੀਜੀਪੀ ਨੂੰ ਮੌਕੇ ’ਤੇ ਜਾ ਕੇ ਹਾਲਾਤ ਦਾ ਮੁਲਾਂਕਣ ਕਰਨ ਅਤੇ ਮਾਮਲੇ ਨਾਲ ਸਬੰਧਤ ਜਾਣਕਾਰੀ ਹਾਸਲ ਕਰਨ ਲਈ ਕਿਹਾ ਗਿਆ ਹੈ। ਇਹ ਕਾਰਵਾਈ ਯੂਨੀਵਰਸਿਟੀ ਵਿੱਚ ਕਥਿਤ ਜਬਰ-ਜਨਾਹ ਦੀ ਘਟਨਾ ਨੂੰ ਲੈ ਕੇ ਹੋਏ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਕੀਤੀ ਗਈ ਹੈ। ਐਤਵਾਰ ਨੂੰ ਸੋਸ਼ਲ ਮੀਡੀਆ ’ਤੇ ਕਥਿਤ ਘਟਨਾ ਸਬੰਧੀ ਜਾਣਕਾਰੀ ਫੈਲਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਵਿਦਿਆਰਥੀ ਇਕੱਠੇ ਹੋ ਗਏ ਸਨ। ਬਾਅਦ ਵਿੱਚ ਪ੍ਰਦਰਸ਼ਨ ਨੇ ਹਿੰਸਕ ਰੂਪ ਧਾਰ ਲਿਆ, ਜਿਸ ਤੋਂ ਬਾਅਦ ਪੁਲਿਸ ਦੀ ਵੱਡੀ ਤਾਇਨਾਤੀ ਕਰਨੀ ਪਈ।
ਸੋਮਵਾਰ ਸਵੇਰੇ ਯੂਨੀਵਰਸਿਟੀ ਕੈਂਪਸ ਵਿੱਚ ਸਥਿਤੀ ਸ਼ਾਂਤ ਰਹੀ। ਪੁਲਿਸ ਅਧਿਕਾਰੀਆਂ ਮੁਤਾਬਕ LPU ਵੱਲੋਂ 10 ਦਿਨਾਂ ਲਈ ਨਿਯਮਤ ਕਲਾਸਾਂ ਮੁਅੱਤਲ ਕਰਨ ਤੋਂ ਬਾਅਦ ਵਿਦਿਆਰਥੀ ਕੈਂਪਸ ਤੋਂ ਆਪਣੇ ਘਰਾਂ ਵੱਲ ਜਾਣ ਲੱਗੇ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਯੂਨੀਵਰਸਿਟੀ ਦੇ ਸਾਰੇ ਗੇਟਾਂ ’ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਕਥਿਤ ਜਬਰ-ਜਨਾਹ ਦੇ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਜੇ ਤੱਕ ਇਹ ਪੁਸ਼ਟੀ ਨਹੀਂ ਹੋਈ ਕਿ ਯੂਨੀਵਰਸਿਟੀ ਕੈਂਪਸ ਵਿੱਚ ਅਜਿਹੀ ਘਟਨਾ ਵਾਪਰੀ ਸੀ। ਕਥਿਤ ਘਟਨਾ ਦੇ ਦੋਸ਼ੀ ਦੀ ਪਛਾਣ ਵੀ ਅਜੇ ਸਾਹਮਣੇ ਨਹੀਂ ਆਈ ਹੈ। ਇਸ ਤੋਂ ਇਲਾਵਾ ਹਿੰਸਾ ਨਾਲ ਜੁੜੇ ਮਾਮਲੇ ਵਿੱਚ ਕਈ ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR ਦਰਜ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ LPU ਵਿੱਚ ਫਲੈਗ ਮਾਰਚ ਵੀ ਕੀਤਾ ਗਿਆ। ADGP ਫੈਯਾਜ਼ ਫਾਰੂਕੀ ਮੁਤਾਬਕ ਕੈਂਪਸ ਵਿੱਚ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ 2,000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਹੋਸਟਲਾਂ ਵਿੱਚ ਗੜਬੜੀ ਦੀਆਂ ਰਿਪੋਰਟਾਂ ਨੂੰ ਅਫਵਾਹ ਦੱਸਦਿਆਂ ਕਿਹਾ ਕਿ ਸਾਰੇ ਹੋਸਟਲਾਂ ਦੀ ਜਾਂਚ ਕੀਤੀ ਗਈ ਹੈ। LPU ਪ੍ਰਸ਼ਾਸਨ ਨੇ 28 ਸਤੰਬਰ ਤੋਂ 10 ਦਿਨਾਂ ਲਈ ਨਿਯਮਤ ਕਲਾਸਾਂ ਮੁਅੱਤਲ ਕਰ ਦਿੱਤੀਆਂ ਹਨ। ਮਿਡ-ਟਰਮ ਪ੍ਰੀਖਿਆਵਾਂ ਵੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਮਾਪਿਆਂ ਜਾਂ ਸਰਪ੍ਰਸਤਾਂ ਨਾਲ ਸਲਾਹ ਕਰਕੇ ਆਪਣੇ ਘਰ ਜਾਣ ਅਤੇ ਕੈਂਪਸ ਵਿੱਚ ਰਹਿਣ ਵਾਲਿਆਂ ਨੂੰ ਬੇਲੋੜੀ ਆਵਾਜਾਈ ਤੋਂ ਬਚਣ ਦੀ ਸਲਾਹ ਦਿੱਤੀ ਹੈ। ਫਿਲਹਾਲ ਪੁਲਿਸ ਜਾਂਚ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕਥਿਤ ਘਟਨਾ ਅਤੇ ਹਿੰਸਾ ਨਾਲ ਜੁੜੇ ਤੱਥ ਸਪੱਸ਼ਟ ਹੋਣਗੇ।
