ਚੰਡੀਗੜ੍ਹ, 28 ਸਤੰਬਰ 2026 (ਗੁਰਮੀਤ ਸਿੰਘ ਤੁੰਗ): ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਾਲ ਹੀ ਵਿੱਚ ਹੋਈ ਹਿੰਸਕ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਨੂੰ ਖੁਦ ਯੂਨੀਵਰਸਿਟੀ ਕੈਂਪਸ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਵੱਲੋਂ LPU ਕੈਂਪਸ ਦਾ ਦੌਰਾ ਕਰਕੇ ਮੌਕੇ ਦੀ ਸਥਿਤੀ ਦਾ ਜਾਇਜ਼ਾ ਲੈਣ ਦੀ ਉਮੀਦ ਹੈ। ਮੁੱਖ ਮੰਤਰੀ ਨੇ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ ਹੈ।
ਫਗਵਾੜਾ ਸਥਿਤ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੇ ਵਿਰੋਧ ਦੌਰਾਨ ਐਤਵਾਰ ਨੂੰ ਸਥਿਤੀ ਤਣਾਅਪੂਰਨ ਹੋ ਗਈ ਸੀ। ਪ੍ਰਦਰਸ਼ਨ ਦੌਰਾਨ ਕੈਂਪਸ ਵਿੱਚ ਭੰਨਤੋੜ, ਵਾਹਨਾਂ ਨੂੰ ਨੁਕਸਾਨ ਅਤੇ ਰਾਸ਼ਟਰੀ ਰਾਜਮਾਰਗ ’ਤੇ ਆਵਾਜਾਈ ਪ੍ਰਭਾਵਿਤ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਵੀ ਬਣਾਈ ਗਈ ਹੈ। ਇਸ ਦੌਰਾਨ ਸੋਮਵਾਰ ਨੂੰ ਪੁਲਿਸ ਨੇ ਸਥਿਤੀ ਕਾਬੂ ਹੇਠ ਹੋਣ ਦੀ ਜਾਣਕਾਰੀ ਦਿੱਤੀ ਹੈ ਅਤੇ NH-44 ’ਤੇ ਆਵਾਜਾਈ ਵੀ ਬਹਾਲ ਕਰ ਦਿੱਤੀ ਗਈ ਹੈ। LPU ਨੇ 28 ਸਤੰਬਰ ਤੋਂ 10 ਦਿਨਾਂ ਲਈ ਨਿਯਮਤ ਕਲਾਸਾਂ ਮੁਅੱਤਲ ਕਰ ਦਿੱਤੀਆਂ ਹਨ, ਜਦਕਿ ਮਿਡ-ਟਰਮ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਹੁਣ ਡੀਜੀਪੀ ਦੇ ਦੌਰੇ ਦੌਰਾਨ ਸੁਰੱਖਿਆ ਪ੍ਰਬੰਧਾਂ, ਹਿੰਸਕ ਘਟਨਾਵਾਂ ਅਤੇ ਚੱਲ ਰਹੀ ਜਾਂਚ ਦੀ ਸਥਿਤੀ ਦਾ ਜਾਇਜ਼ਾ ਲਏ ਜਾਣ ਦੀ ਉਮੀਦ ਹੈ।
