ਲੁਧਿਆਣਾ, 19 ਜੁਲਾਈ, 2026 (ਹਰਸ਼ਪ੍ਰੀਤ ਕੌਰ): ਮਹਾਨਗਰ ਵਿੱਚ ਨਸ਼ੇ ਦੇ ਸੌਦਾਗਰਾਂ ਅਤੇ ਸਮੱਗਲਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਪੀ.ਏ.ਯੂ. (PAU) ਦੀ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਟੀਮ ਨੇ ਮੁਸਤੈਦੀ ਦਿਖਾਉਂਦੇ ਹੋਏ ਨਾਕਾਬੰਦੀ ਅਤੇ ਚੈਕਿੰਗ ਦੌਰਾਨ ਦੋ ਨਾਮੀ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਰਘੁਵੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।
ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ ਬਜਾਜ ਪਲੈਟੀਨਾ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ, ਜਿਸ ਦੀ ਵਰਤੋਂ ਉਹ ਸ਼ਹਿਰ ਵਿੱਚ ਨਸ਼ਾ ਸਪਲਾਈ ਕਰਨ ਲਈ ਕਰ ਰਹੇ ਸਨ। ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਸਲਾਖਾਂ ਪਿੱਛੇ ਬੰਦ ਕਰ ਦਿੱਤਾ ਗਿਆ ਹੈ।
ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਦੀ ਕਰ ਰਹੇ ਸਨ ਕੋਸ਼ਿਸ਼
ਥਾਣਾ ਪੀ.ਏ.ਯੂ. ਪੁਲਿਸ ਤੋਂ ਮਿਲੀ ਅਧਿਕਾਰਤ ਜਾਣਕਾਰੀ ਅਨੁਸਾਰ, ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਇਲਾਕੇ ਵਿੱਚ ਅਮਨ-ਕਾਨੂੰਨ ਅਤੇ ਸੁਰੱਖਿਆ ਦੇ ਮੱਦੇਨਜ਼ਰ ਗਸ਼ਤ ’ਤੇ ਸੀ। ਇਸੇ ਦੌਰਾਨ ਜਦੋਂ ਪੁਲਿਸ ਪਾਰਟੀ ਪਿੰਡ ਜੈਨਪੁਰ ਤੋਂ ਪਿੰਡ ਤਲਵਾੜਾ ਬਰਹੱਡਾ ਰੋਡ ਵੱਲ ਜਾ ਰਹੀ ਸੀ, ਤਾਂ ਸਾਹਮਣੇ ਤੋਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾ ਗਏ ਅਤੇ ਪਿੱਛੇ ਮੁੜਨ ਦੀ ਕੋਸ਼ਿਸ਼ ਕਰਨ ਲੱਗੇ। ਨੌਜਵਾਨਾਂ ਦੀ ਇਸ ਸ਼ੱਕੀ ਹਰਕਤ ਨੂੰ ਦੇਖਦਿਆਂ ਪੁਲਿਸ ਨੇ ਤੁਰੰਤ ਘੇਰਾਬੰਦੀ ਕਰ ਕੇ ਦੋਵਾਂ ਨੂੰ ਮੌਕੇ ‘ਤੇ ਹੀ ਦਬੋਚ ਲਿਆ।
ਅੰਤਰਰਾਸ਼ਟਰੀ ਬਾਜ਼ਾਰ ‘ਚ ਲੱਖਾਂ ਦੀ ਕੀਮਤ
ਪੁਲਿਸ ਟੀਮ ਨੇ ਜਦੋਂ ਕਾਨੂੰਨ ਅਨੁਸਾਰ ਦੋਵਾਂ ਮੁਲਜ਼ਮਾਂ ਅਤੇ ਉਨ੍ਹਾਂ ਦੇ ਮੋਟਰਸਾਈਕਲ ਦੀ ਬਾਰੀਕੀ ਨਾਲ ਤਲਾਸ਼ੀ ਲਈ, ਤਾਂ ਉਨ੍ਹਾਂ ਦੇ ਕਬਜ਼ੇ ‘ਚੋਂ 190 ਗ੍ਰਾਮ ਸ਼ੁੱਧ ਹੈਰੋਇਨ ਦੀ ਵਪਾਰਕ ਖੇਪ ਬਰਾਮਦ ਹੋਈ। ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ।
ਬਿਨਾਂ ਨੰਬਰ ਪਲੇਟ ਵਾਲਾ ਮੋਟਰਸਾਈਕਲ ਚੋਰੀ ਦਾ ਹੋਣ ਦਾ ਸ਼ੱਕ
ਮੁਲਜ਼ਮ ਜਿਸ ਬਜਾਜ ਪਲੈਟੀਨਾ ਮੋਟਰਸਾਈਕਲ ‘ਤੇ ਸਵਾਰ ਸਨ, ਉਸ ‘ਤੇ ਕੋਈ ਨੰਬਰ ਪਲੇਟ ਨਹੀਂ ਲੱਗੀ ਹੋਈ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਹ ਮੋਟਰਸਾਈਕਲ ਚੋਰੀ ਦਾ ਹੋ ਸਕਦਾ ਹੈ ਜਾਂ ਫਿਰ ਪੁਲਿਸ ਦੀਆਂ ਨਜ਼ਰਾਂ ਤੋਂ ਬਚਣ ਲਈ ਮੁਲਜ਼ਮਾਂ ਨੇ ਜਾਣਬੁੱਝ ਕੇ ਇਸ ਦੀ ਨੰਬਰ ਪਲੇਟ ਉਤਾਰ ਦਿੱਤੀ ਸੀ। ਪੁਲਿਸ ਨੇ ਨਸ਼ੀਲੇ ਪਦਾਰਥ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।
NDPS ਐਕਟ ਤਹਿਤ ਮਾਮਲਾ ਦਰਜ, ਅਗਲੇਰੀ ਪੁੱਛਗਿੱਛ ਜਾਰੀ
ਪੁਲਿਸ ਨੇ ਦੋਵੇਂ ਨਾਮਜ਼ਦ ਸਮੱਗਲਰਾਂ ਦੇ ਖ਼ਿਲਾਫ਼ ਐਨ.ਡੀ.ਪੀ.ਐਸ. (NDPS) ਐਕਟ ਦੀਆਂ ਗੰਭੀਰ ਅਤੇ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।
“ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਹੈਰੋਇਨ ਕਿੱਥੋਂ ਲੈ ਕੇ ਆਏ ਸਨ ਅਤੇ ਲੁਧਿਆਣਾ ਵਿੱਚ ਇਹ ਖੇਪ ਕਿਹੜੇ ਤਸਕਰਾਂ ਜਾਂ ਨੌਜਵਾਨਾਂ ਨੂੰ ਸਪਲਾਈ ਕੀਤੀ ਜਾਣੀ ਸੀ। ਇਸ ਮਾਮਲੇ ਦੇ ਤਾਰ ਕਿੱਥੇ ਜੁੜੇ ਹਨ, ਉਸ ਦਾ ਪਤਾ ਲਗਾ ਕੇ ਜਲਦ ਹੀ ਹੋਰ ਵੀ ਵੱਡੇ ਖੁਲਾਸੇ ਅਤੇ ਗ੍ਰਿਫ਼ਤਾਰੀਆਂ ਕੀਤਿਆਂ ਜਾਣਗੀਆਂ।”







