ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਮੁਲਜ਼ਮ ਗ੍ਰਿਫ਼ਤਾਰ, ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ ਨਸ਼ੇ ਦੀ ਖੇਪ
ਅੰਮ੍ਰਿਤਸਰ, 16 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਸਰਹੱਦੀ ਇਲਾਕੇ ਵਿੱਚ ਨਸ਼ਾ ਤਸਕਰੀ ਨੂੰ ਰੋਕਣ ਲਈ ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ ਕੁੱਲ 6 ਕਿਲੋ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਣਕਾਰੀ ਅਨੁਸਾਰ ਨਸ਼ੇ ਦੀ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤੀ ਸਰਹੱਦ ਅੰਦਰ ਭੇਜੀ ਗਈ ਸੀ, ਜਿਸ ਨੂੰ ਅੱਗੇ ਤਸਕਰੀ ਲਈ ਸਪਲਾਈ ਕੀਤਾ ਜਾਣਾ ਸੀ। ਪੁਲਿਸ ਵੱਲੋਂ ਬੀਐਸਐਫ ਦੇ ਸਹਿਯੋਗ ਨਾਲ ਕੀਤੀ ਗਈ ਪਹਿਲੀ ਕਾਰਵਾਈ ਥਾਣਾ ਲੋਪੋਕੇ ਅਧੀਨ ਆਉਂਦੇ ਇਲਾਕੇ ਵਿੱਚ ਹੋਈ। ਏਐਸਆਈ ਜਗਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਅਤੇ ਬੀਐਸਐਫ ਦੇ ਜਵਾਨਾਂ ਵੱਲੋਂ ਪੁਲ ਨਹਿਰ ਸਿੱਧਵਾਂ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸੇ ਦੌਰਾਨ ਮੋਟਰਸਾਈਕਲ ਸਵਾਰ ਲੱਖਾ ਖੱਤਰੀ ਅਤੇ ਵਿਸ਼ਵਦੇਵ ਸਿੰਘ ਨੂੰ ਰੋਕ ਕੇ ਤਲਾਸ਼ੀ ਲਈ ਗਈ। ਜਾਂਚ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ 992 ਗ੍ਰਾਮ ਹੈਰੋਇਨ ਮਿਲੀ। ਇਸੇ ਤਰ੍ਹਾਂ ਦੂਜੀ ਕਾਰਵਾਈ ਥਾਣਾ ਘਰਿੰਡਾ ਦੇ ਅਧੀਨ ਪਿੰਡ ਢੋਡੀਵਿੰਡ ਦੇ ਖੇਤਾਂ ਵਿੱਚ ਕੀਤੀ ਗਈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਡਰੋਨ ਰਾਹੀਂ ਖੇਤਾਂ ਵਿੱਚ ਇੱਕ ਸ਼ੱਕੀ ਪੈਕੇਟ ਸੁੱਟਿਆ ਗਿਆ ਹੈ। ਇਸ ਤੋਂ ਬਾਅਦ ਐਸਆਈ ਰਾਜਬੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਪੈਕੇਟ ਦੀ ਜਾਂਚ ਕੀਤੀ। ਡਰੱਗ ਕਿੱਟ ਨਾਲ ਜਾਂਚ ਕਰਨ ਉਪਰੰਤ ਇਸ ਵਿੱਚੋਂ 1 ਕਿਲੋ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਅਨੁਸਾਰ ਦੋਵਾਂ ਮਾਮਲਿਆਂ ਵਿੱਚ ਨਸ਼ਾ ਤਸਕਰੀ ਦੇ ਸਰੋਤ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਾ ਭੇਜਣ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਏਜੰਸੀਆਂ ਵੱਲੋਂ ਚੌਕਸੀ ਵਧਾਈ ਜਾ ਰਹੀ ਹੈ।





