ਹਰਿਆਣਾ, 7 ਸਤੰਬਰ, 2026 (ਸੰਜੀਵ ਸ਼ਰਮਾ): ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਗਰ ਨਿਗਮਾਂ ਵਿੱਚ ਲੰਬੇ ਸਮੇਂ ਤੋਂ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਲਈ ਕਈ ਅਹਿਮ ਐਲਾਨ ਕੀਤੇ ਹਨ। ਸਰਕਾਰ 10 ਸਾਲ ਤੋਂ ਵੱਧ ਸਮੇਂ ਤੋਂ ਸੇਵਾ ਨਿਭਾ ਰਹੇ 13,093 ਮਿਊਂਸਿਪਲ ਰੋਲ ਸਫਾਈ ਕਰਮਚਾਰੀਆਂ ਨੂੰ ਹਰਿਆਣਾ ਕਾਂਟਰੈਕਚੁਅਲ ਕਰਮਚਾਰੀ (ਸੇਵਾ ਸੁਰੱਖਿਆ) ਐਕਟ, 2024 ਦੇ ਦਾਇਰੇ ਵਿੱਚ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਤਹਿਤ ਕਰਮਚਾਰੀਆਂ ਦੀ ਨੌਕਰੀ 60 ਸਾਲ ਦੀ ਉਮਰ ਤੱਕ ਸੁਰੱਖਿਅਤ ਰਹੇਗੀ। ਇਸ ਤੋਂ ਇਲਾਵਾ ਉਨ੍ਹਾਂ ਨੂੰ 2,000 ਰੁਪਏ ਮਹੀਨਾਵਾਰ ਜੋਖਮ ਭੱਤਾ ਅਤੇ ਮੌਜੂਦਾ ਤਨਖਾਹ ’ਤੇ 15 ਫੀਸਦੀ ਵਾਧੂ ਰਾਸ਼ੀ ਦੇਣ ’ਤੇ ਵੀ ਸਹਿਮਤੀ ਬਣੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਸਾਫ਼-ਸੁਥਰਾ ਰੱਖਣ ਵਾਲੇ ਸਫਾਈ ਕਰਮਚਾਰੀਆਂ ਦੇ ਸਨਮਾਨ, ਅਧਿਕਾਰਾਂ ਅਤੇ ਸੁਰੱਖਿਅਤ ਭਵਿੱਖ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ। ਇਸ ਫੈਸਲੇ ਨਾਲ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ ਦੇ ਨਾਲ-ਨਾਲ ਆਰਥਿਕ ਲਾਭ ਵੀ ਮਿਲੇਗਾ।
