ਜਲੰਧਰ:24 ਜੁਲਾਈ (ਛਤਰਪਾਲ ਸਿੰਘ):ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਇੱਕ ਨੌਜਵਾਨ ਨੂੰ ਵੱਡੀ ਮਾਤਰਾ ਵਿੱਚ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮ ਕੋਲੋਂ 1 ਕਿਲੋ 536 ਗ੍ਰਾਮ ਹੈਰੋਇਨ ਅਤੇ ਇੱਕ ਸਕੂਟਰ ਵੀ ਜ਼ਬਤ ਕੀਤਾ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਮਨਦੀਪ ਸ਼ਰਮਾ ਉਰਫ਼ ਡੌਨ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਦੇ ਆਜ਼ਾਦ ਨਗਰ ਦਾ ਵਸਨੀਕ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਅੰਮ੍ਰਿਤਸਰ ਬਾਈਪਾਸ ਨੇੜੇ ਕੀਤੀ ਗਈ, ਜਿੱਥੇ ਏਐਨਟੀਐਫ ਦੀ ਟੀਮ ਵੱਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ।
ਏਆਈਜੀ ਵਤਸਲਾ ਗੁਪਤਾ ਨੇ ਦੱਸਿਆ ਕਿ ਸ਼ੱਕ ਦੇ ਆਧਾਰ ‘ਤੇ ਰੋਕੇ ਗਏ ਸਕੂਟਰ ਦੀ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਮੁਲਜ਼ਮ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ ਗਿਆ। ਬਰਾਮਦ ਕੀਤਾ ਗਿਆ ਸਕੂਟਰ ਵੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਏਐਨਟੀਐਫ ਥਾਣਾ ਐਸਏਐਸ ਨਗਰ (ਮੁਹਾਲੀ) ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਹਿਲਾਂ ਕੱਪੜਿਆਂ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ।
ਪੁਲਿਸ ਅਨੁਸਾਰ ਤੇਜ਼ੀ ਨਾਲ ਪੈਸਾ ਕਮਾਉਣ ਅਤੇ ਆਰਾਮਦਾਇਕ ਜੀਵਨ ਜਿਊਣ ਦੀ ਲਾਲਸਾ ਕਾਰਨ ਉਹ ਨਸ਼ਾ ਤਸਕਰੀ ਦੇ ਰਾਹ ਪੈ ਗਿਆ। ਹੁਣ ਜਾਂਚ ਟੀਮ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਉਸ ਨੂੰ ਹੈਰੋਇਨ ਕਿੱਥੋਂ ਮਿਲਦੀ ਸੀ ਅਤੇ ਇਸ ਗੈਰ-ਕਾਨੂੰਨੀ ਧੰਦੇ ਨਾਲ ਜੁੜੇ ਹੋਰ ਕੌਣ-ਕੌਣ ਲੋਕ ਸ਼ਾਮਲ ਹਨ।
ਏਐਨਟੀਐਫ ਨੇ ਕਿਹਾ ਹੈ ਕਿ ਸੂਬੇ ਵਿੱਚ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
