ਚੰਡੀਗੜ੍ਹ, 8 ਨਵੰਬਰ 2026 (ਚੌਧਰੀ ਪ੍ਰਭਜੀਤ ਸਿੰਘ): ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਅੰਤਰਰਾਸ਼ਟਰੀ ਪੱਧਰ ‘ਤੇ ਚਲਾਈ ਗਈ ਕਾਰਵਾਈ ਤਹਿਤ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਹੈ। ਇਹ ਕਾਰਵਾਈ ‘ਆਪ੍ਰੇਸ਼ਨ ਸ਼ਹੀਦ’ ਤਹਿਤ ਲਗਭਗ 10 ਮਹੀਨਿਆਂ ਤੱਕ ਚੱਲੇ ਅੰਤਰਰਾਸ਼ਟਰੀ ਪੱਧਰ ਦੇ ਯਤਨਾਂ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ AGTF ਪੰਜਾਬ ਨੇ ਕਾਊਂਟਰ ਇੰਟੈਲੀਜੈਂਸ ਪੰਜਾਬ ਦੇ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ (OFTEC) ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਸਫਲ ਬਣਾਇਆ ਹੈ।
ਪੁਲਿਸ ਅਨੁਸਾਰ ਗੁਰਵਿੰਦਰ ਉਰਫ਼ ਅਫ਼ਰੀਦੀ ਡੋਨੀ ਬੱਲ-ਪ੍ਰਭ ਦਸੂਵਾਲ ਗੈਂਗ ਦਾ ਇੱਕ ਅਹਿਮ ਸਰਗਣਾ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਰਹਿ ਕੇ ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ, ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਅਤੇ ਹੋਰ ਸੰਗਠਿਤ ਅਪਰਾਧਿਕ ਗਤੀਵਿਧੀਆਂ ਨੂੰ ਕਥਿਤ ਤੌਰ ‘ਤੇ ਨਿਰਦੇਸ਼ਿਤ ਕਰ ਰਿਹਾ ਸੀ। ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੁਰਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਵਿੱਚ ਸਹਾਇਕ ਜਾਣਕਾਰੀ ਦੇਣ ਵਾਲੇ ਵਿਅਕਤੀ ਲਈ 5 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ।
ਇਸ ਅੰਤਰਰਾਸ਼ਟਰੀ ਮੁਹਿੰਮ ਦੌਰਾਨ ਪੁਲਿਸ ਅਤੇ ਸਬੰਧਤ ਏਜੰਸੀਆਂ ਵੱਲੋਂ ਲਗਾਤਾਰ ਖੁਫੀਆ ਜਾਣਕਾਰੀ ਇਕੱਠੀ ਕਰਨ, ਨਿਗਰਾਨੀ ਰੱਖਣ ਅਤੇ ਮੁਲਜ਼ਮ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਦਾ ਕੰਮ ਕੀਤਾ ਗਿਆ। ਇਸ ਲਈ ਏਸ਼ੀਆ, ਦੱਖਣੀ ਅਮਰੀਕਾ ਅਤੇ ਅਫ਼ਰੀਕਾ ਦੇ ਕਈ ਦੇਸ਼ਾਂ ਵਿੱਚ ਤਾਲਮੇਲ ਨਾਲ ਕਾਰਵਾਈ ਕੀਤੀ ਗਈ। ਗੌਰਵ ਯਾਦਵ ਨੇ ਇਸ ਸਾਂਝੀ ਕਾਰਵਾਈ ਵਿੱਚ ਸਹਿਯੋਗ ਦੇਣ ਲਈ ਵਿਦੇਸ਼ ਮੰਤਰਾਲੇ ਅਤੇ ਹੋਰ ਕੇਂਦਰੀ ਏਜੰਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਏਜੰਸੀਆਂ ਦੇ ਆਪਸੀ ਸਹਿਯੋਗ ਨਾਲ ਇਸ ਕਾਰਵਾਈ ਨੂੰ ਸਿਰੇ ਚੜ੍ਹਾਇਆ ਗਿਆ। ਪੰਜਾਬ ਪੁਲਿਸ ਅਨੁਸਾਰ ਇਸ ਕਾਰਵਾਈ ਨਾਲ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਚਲਾਉਣ ਵਾਲੇ ਅਪਰਾਧੀਆਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਹੋਰ ਮਜ਼ਬੂਤੀ ਮਿਲੀ ਹੈ।






