ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਕਰਨ ਸਿੰਘ ਡੀਟੀਓ ਅਤੇ ਸੈਂਕੜੇ ਸਮਰਥਕ ਵੀ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਪਾਤੜਾਂ, 1 ਜੁਲਾਈ (ਵਿਸ਼ਾਲ ਗੁਪਤਾ): ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਹਲਕੇ ਦੀ ਸਿਆਸਤ ਵਿੱਚ ਮੰਗਲਵਾਰ ਨੂੰ ਉਸ ਵੇਲੇ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਜਦੋਂ ਸ਼ਿਰੋਮਣੀ ਅਕਾਲੀ ਦਲ ਦੀ ਸਾਬਕਾ ਵਿਧਾਇਕ ਵਰਿੰਦਰ ਕੌਰ ਲੂੰਬਾ ਅਤੇ ਆਗੂ ਕਰਨ ਸਿੰਘ ਡੀਟੀਓ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਹੋਏ ਸਮਾਗਮ ਦੌਰਾਨ ਦੋਵੇਂ ਆਗੂਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਰਸਮੀ ਤੌਰ ‘ਤੇ ‘ਆਪ’ ਦਾ ਦਾਮਨ ਥਾਮਿਆ। ਇਸ ਮੌਕੇ ਮੁੱਖ ਮੰਤਰੀ ਨੇ ਨਵੇਂ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਮਜ਼ਬੂਤ ਪਕੜ ਰੱਖਣ ਵਾਲੇ ਆਗੂਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਪਾਤੜਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਹੋਰ ਮਜ਼ਬੂਤੀ ਮਿਲੇਗੀ।
ਭਗਵੰਤ ਮਾਨ ਨੇ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਆਗੂਆਂ ਅਤੇ ਵਰਕਰਾਂ ਦਾ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ‘ਤੇ ਲੋਕਾਂ ਦੇ ਭਰੋਸੇ ਦੀ ਨਿਸ਼ਾਨੀ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਦਾ ਉਦੇਸ਼ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਨੂੰ ਹੋਰ ਤੇਜ਼ ਕਰਨਾ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਹੈ। ਨਵੇਂ ਆਗੂਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਦੀ ਸੰਗਠਨਾਤਮਕ ਤਾਕਤ ਹੋਰ ਵਧੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਲਾਭ ਖੇਤਰੀ ਪੱਧਰ ‘ਤੇ ਵੀ ਦੇਖਣ ਨੂੰ ਮਿਲੇਗਾ।
ਰਾਜਨੀਤਿਕ ਮਾਹਿਰ ਇਸ ਘਟਨਾਕ੍ਰਮ ਨੂੰ ਪਾਤੜਾਂ ਹਲਕੇ ਦੀ ਸਿਆਸਤ ਲਈ ਇੱਕ ਮਹੱਤਵਪੂਰਨ ਮੋੜ ਮੰਨ ਰਹੇ ਹਨ, ਕਿਉਂਕਿ ਇਸ ਨਾਲ ਖੇਤਰ ਦੇ ਸਿਆਸੀ ਸਮੀਕਰਨਾਂ ‘ਤੇ ਅਸਰ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।








