ਪਟਿਆਲਾ, 17 ਅਗਸਤ 2026 (ਬਲਜੀਤ ਸਰਨਾ: ਪਟਿਆਲਾ ਤੋਂ ਲਾਪਤਾ ਹੋਈਆਂ ਤਿੰਨ ਨਾਬਾਲਗ ਕੁੜੀਆਂ ਨੂੰ ਪਟਿਆਲਾ ਪੁਲਿਸ ਨੇ ਪਾਣੀਪਤ ਰੇਲਵੇ ਸਟੇਸ਼ਨ ਤੋਂ ਸੁਰੱਖਿਅਤ ਬਰਾਮਦ ਕਰ ਲਿਆ ਹੈ। ਪੁਲਿਸ ਦੀ ਤੁਰੰਤ ਕਾਰਵਾਈ ਅਤੇ ਲਗਾਤਾਰ ਤਲਾਸ਼ੀ ਮੁਹਿੰਮ ਤੋਂ ਬਾਅਦ ਤਿੰਨਾਂ ਕੁੜੀਆਂ ਦਾ ਪਤਾ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਸਿਟੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਤਿੰਨਾਂ ਨਾਬਾਲਗ ਕੁੜੀਆਂ ਨੂੰ ਸੁਰੱਖਿਅਤ ਤਰੀਕੇ ਨਾਲ ਲੱਭ ਕੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਉਣਾ ਸੀ। ਪੁਲਿਸ ਇਸ ਮਾਮਲੇ ਵਿੱਚ ਸਫਲ ਰਹੀ ਹੈ।
ਐਸਪੀ ਸਿਟੀ ਨੇ ਦੱਸਿਆ ਕਿ ਐਸਐਸਪੀ ਵਰੁਣ ਸ਼ਰਮਾ ਵੱਲੋਂ ਕੁੜੀਆਂ ਦਾ ਜਲਦ ਤੋਂ ਜਲਦ ਪਤਾ ਲਗਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਸਨ। ਇਸ ਤੋਂ ਬਾਅਦ ਸੀਆਈਏ ਸਟਾਫ ਸਮੇਤ ਪੁਲਿਸ ਦੀਆਂ ਕਈ ਟੀਮਾਂ ਨੂੰ ਤਲਾਸ਼ੀ ਮੁਹਿੰਮ ਵਿੱਚ ਲਗਾਇਆ ਗਿਆ।
video:
ਪੁਲਿਸ ਟੀਮਾਂ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੌਰਾਨ ਤਿੰਨਾਂ ਕੁੜੀਆਂ ਦੀ ਲੋਕੇਸ਼ਨ ਪਾਣੀਪਤ ਰੇਲਵੇ ਸਟੇਸ਼ਨ ’ਤੇ ਮਿਲੀ, ਜਿੱਥੋਂ ਉਨ੍ਹਾਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਗਿਆ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੋੜੀਂਦੀ ਕਾਰਵਾਈ ਪੂਰੀ ਕਰਨ ਉਪਰੰਤ ਤਿੰਨਾਂ ਕੁੜੀਆਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਾਗਰਿਕਾਂ ਦਾ ਭਰੋਸਾ ਕਾਇਮ ਰੱਖਣ ਲਈ ਪੁਲਿਸ ਵੱਲੋਂ ਲਗਾਤਾਰ ਯਤਨ ਕੀਤੇ ਜਾਂਦੇ ਰਹਿਣਗੇ।






