ਨਵੀਂ ਦਿੱਲੀ, 4 ਅਗਸਤ 2026 (ਹਰਸ਼ਪ੍ਰੀਤ ਕੌਰ) : ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਗਲਾਸਗੋ ਕਾਮਨਵੈਲਥ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਵੇਟਲਿਫਟਿੰਗ ਟੀਮ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਵੱਲੋਂ ਜਿੱਤਿਆ ਗਿਆ ਹਰ ਤਗਮਾ ਦੇਸ਼ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਸਨਮਾਨ ਸਮਾਰੋਹ ਦੌਰਾਨ ਮਾਂਡਵੀਆ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ ਇਰਾਦੇ ਨਾਲ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਟੀਮ ਦੇ ਸਾਰੇ ਮੈਂਬਰਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਗਲਾਸਗੋ ਵਿੱਚ ਹੋਈਆਂ ਕਾਮਨਵੈਲਥ ਖੇਡਾਂ ਦੌਰਾਨ ਭਾਰਤੀ ਵੇਟਲਿਫਟਿੰਗ ਟੀਮ ਨੇ ਇੱਕ ਸੋਨ, ਛੇ ਚਾਂਦੀ ਅਤੇ ਇੱਕ ਕਾਂਸੀ ਦਾ ਤਗਮਾ ਜਿੱਤਿਆ। ਓਲੰਪਿਕ ਤਮਗਾ ਜੇਤੂ ਮੀਰਾਬਾਈ ਚਾਨੂ ਨੇ ਟੀਮ ਲਈ ਇਕਲੌਤਾ ਸੋਨ ਤਗਮਾ ਹਾਸਲ ਕੀਤਾ। ਖੇਡ ਮੰਤਰੀ ਨੇ ਕਿਹਾ ਕਿ ਅਜਿਹੀਆਂ ਉਪਲਬਧੀਆਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦੀਆਂ ਹਨ ਅਤੇ ਭਾਰਤ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਮਜ਼ਬੂਤ ਬਣਾਉਂਦੀਆਂ ਹਨ।






