ਜਲੰਧਰ, 20 ਸਤੰਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਆਗੂ ਭਗਤ ਚੁੰਨੀ ਲਾਲ ਦੀ ਰਸਮ ਕਿਰਿਆ ਅਤੇ ਸ਼ਰਧਾਂਜਲੀ ਸਮਾਗਮ ਮੌਕੇ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਇਸ ਮੌਕੇ ਮਨੀਸ਼ ਸਿਸੋਦੀਆ ਅਤੇ ਡਾ. ਗੁਰਪ੍ਰੀਤ ਕੌਰ ਨੇ ਭਗਤ ਚੁੰਨੀ ਲਾਲ ਦੀ ਤਸਵੀਰ ’ਤੇ ਫੁੱਲ ਭੇਟ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਇਸ ਦੁੱਖ ਦੀ ਘੜੀ ਵਿੱਚ ਆਪਣੀ ਹਮਦਰਦੀ ਪ੍ਰਗਟ ਕੀਤੀ।
ਸ਼ਰਧਾਂਜਲੀ ਸਮਾਗਮ ਦੌਰਾਨ ਦੋਵਾਂ ਨੇ ਕਿਹਾ ਕਿ ਭਗਤ ਚੁੰਨੀ ਲਾਲ ਦਾ ਦਿਹਾਂਤ ਪਰਿਵਾਰ ਲਈ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਭਗਤ ਚੁੰਨੀ ਲਾਲ ਦੇ ਲੰਬੇ ਸਿਆਸੀ ਜੀਵਨ ਅਤੇ ਪੰਜਾਬ ਲਈ ਕੀਤੇ ਕਾਰਜਾਂ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਜਨਤਕ ਜੀਵਨ ਦੌਰਾਨ ਉਨ੍ਹਾਂ ਵੱਲੋਂ ਨਿਭਾਈ ਭੂਮਿਕਾ ਅਤੇ ਕੀਤੇ ਗਏ ਕੰਮਾਂ ਨੂੰ ਲੋਕ ਯਾਦ ਰੱਖਣਗੇ। ਸਮਾਗਮ ਵਿੱਚ ਮੌਜੂਦ ਲੋਕਾਂ ਅਤੇ ਆਗੂਆਂ ਨੇ ਵੀ ਭਗਤ ਚੁੰਨੀ ਲਾਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
