ਏਝਿਮਾਲਾ (ਕੇਰਲ), 28 ਨਵੰਬਰ, 2026 (ਹਰਸ਼ਪ੍ਰੀਤ ਕੌਰ ): ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕਿਹਾ ਹੈ ਕਿ ਮੌਜੂਦਾ ਸਮੇਂ ਵਿੱਚ ਸਮੁੰਦਰੀ ਮਾਰਗਾਂ ਦੀ ਮਹੱਤਤਾ ਲਗਾਤਾਰ ਵਧ ਰਹੀ ਹੈ, ਕਿਉਂਕਿ ਵਿਸ਼ਵ ਵਪਾਰ ਦਾ ਇੱਕ ਵੱਡਾ ਹਿੱਸਾ ਸਮੁੰਦਰਾਂ ਰਾਹੀਂ ਹੁੰਦਾ ਹੈ। ਸਮੁੰਦਰੀ ਰਸਤਿਆਂ ਦੀ ਸੁਰੱਖਿਆ ਸਿਰਫ਼ ਦੇਸ਼ਾਂ ਦੀ ਰੱਖਿਆ ਨਾਲ ਹੀ ਨਹੀਂ, ਸਗੋਂ ਉਨ੍ਹਾਂ ਦੀ ਆਰਥਿਕ ਖੁਸ਼ਹਾਲੀ ਅਤੇ ਆਮ ਲੋਕਾਂ ਦੇ ਰੋਜ਼ਾਨਾ ਜੀਵਨ ਨਾਲ ਵੀ ਸਿੱਧੇ ਤੌਰ ’ਤੇ ਜੁੜੀ ਹੋਈ ਹੈ। ਉਹ ਕੇਰਲ ਦੇ ਏਝਿਮਾਲਾ ਵਿਖੇ ਭਾਰਤੀ ਜਲ ਸੈਨਾ ਅਕੈਡਮੀ (INA) ਦੀ ਪਾਸਿੰਗ ਆਊਟ ਪਰੇਡ ਨੂੰ ਸੰਬੋਧਨ ਕਰ ਰਹੇ ਸਨ। ਰਾਸ਼ਟਰਪਤੀ ਨੇ ਕਿਹਾ ਕਿ ਸਮੁੰਦਰੀ ਰਸਤਿਆਂ ’ਤੇ ਜਹਾਜ਼ਾਂ ਦੀ ਆਵਾਜਾਈ ਵਿੱਚ ਰੁਕਾਵਟ ਆਉਣ ਨਾਲ ਜ਼ਰੂਰੀ ਵਸਤਾਂ ਦੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ, ਜਿਸ ਕਾਰਨ ਵਸਤਾਂ ਦੀਆਂ ਕੀਮਤਾਂ ਵਧਣ ਅਤੇ ਆਮ ਨਾਗਰਿਕਾਂ ’ਤੇ ਆਰਥਿਕ ਬੋਝ ਪੈਣ ਦਾ ਖ਼ਦਸ਼ਾ ਰਹਿੰਦਾ ਹੈ। ਉਨ੍ਹਾਂ ਨਵੇਂ ਨਿਯੁਕਤ ਜਲ ਸੈਨਾ ਅਧਿਕਾਰੀਆਂ ਨੂੰ ਯਾਦ ਦਿਵਾਇਆ ਕਿ ਸਮੁੰਦਰ ਵਿੱਚ ਉਨ੍ਹਾਂ ਦੀ ਡਿਊਟੀ ਦੇਸ਼ ਦੇ ਲੋਕਾਂ ਦੀ ਸੁਰੱਖਿਆ, ਖੁਸ਼ਹਾਲੀ ਅਤੇ ਭਲਾਈ ਨਾਲ ਜੁੜੀ ਹੋਈ ਹੈ।
ਭਾਰਤ ਦੀ ਰੱਖਿਆ ਸਮਰੱਥਾ ਬਾਰੇ ਗੱਲ ਕਰਦਿਆਂ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਦੇਸ਼ ਸਵਦੇਸ਼ੀ ਰੱਖਿਆ ਉਤਪਾਦਨ ਨੂੰ ਮਜ਼ਬੂਤ ਕਰਨ ਵੱਲ ਲਗਾਤਾਰ ਅੱਗੇ ਵਧ ਰਿਹਾ ਹੈ। ਭਾਰਤੀ ਸ਼ਿਪਯਾਰਡਾਂ ਵਿੱਚ ਵੱਡੀ ਗਿਣਤੀ ਵਿੱਚ ਜੰਗੀ ਜਹਾਜ਼ਾਂ ਅਤੇ ਪਣਡੁੱਬੀਆਂ ਦਾ ਡਿਜ਼ਾਈਨ ਅਤੇ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਆਤਮਨਿਰਭਰ ਭਾਰਤ ਦੇ ਸੰਕਲਪ ਅਤੇ ਦੇਸ਼ ਦੇ ਇੰਜੀਨੀਅਰਾਂ, ਵਿਗਿਆਨੀਆਂ ਤੇ ਤਕਨੀਕੀ ਮਾਹਿਰਾਂ ਦੀ ਯੋਗਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਤਕਨਾਲੋਜੀ ਵਿੱਚ ਤੇਜ਼ੀ ਨਾਲ ਹੋ ਰਹੇ ਬਦਲਾਅ ਕਾਰਨ ਜੰਗੀ ਰਣਨੀਤੀਆਂ ਅਤੇ ਸਮੁੰਦਰੀ ਸੁਰੱਖਿਆ ਦਾ ਸਰੂਪ ਵੀ ਬਦਲ ਰਿਹਾ ਹੈ। ਭਵਿੱਖ ਦੀਆਂ ਸਾਰੀਆਂ ਚੁਣੌਤੀਆਂ ਦਾ ਪਹਿਲਾਂ ਤੋਂ ਅੰਦਾਜ਼ਾ ਲਗਾਉਣਾ ਸੰਭਵ ਨਹੀਂ ਹੈ, ਪਰ ਸਿਖਲਾਈ, ਅਨੁਸ਼ਾਸਨ ਅਤੇ ਨਵੀਆਂ ਚੀਜ਼ਾਂ ਸਿੱਖਣ ਦੀ ਲਗਨ ਨਾਲ ਇਨ੍ਹਾਂ ਦਾ ਸਾਹਮਣਾ ਕੀਤਾ ਜਾ ਸਕਦਾ ਹੈ। ਉਨ੍ਹਾਂ ਨੌਜਵਾਨ ਅਧਿਕਾਰੀਆਂ ਨੂੰ ਆਪਣੇ ਗਿਆਨ ਅਤੇ ਹੁਨਰ ਨੂੰ ਲਗਾਤਾਰ ਅਪਗ੍ਰੇਡ ਕਰਨ ਦੀ ਸਲਾਹ ਦਿੱਤੀ।
ਵਿਕਸਿਤ ਭਾਰਤ ਦੇ ਸੁਪਨੇ ਦਾ ਜ਼ਿਕਰ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਦੀ ਤਰੱਕੀ ਦਾ ਮਕਸਦ ਸਿਰਫ਼ ਆਰਥਿਕ ਵਿਕਾਸ ਦੇ ਅੰਕੜਿਆਂ ਤੱਕ ਸੀਮਤ ਨਹੀਂ ਹੋਣਾ ਚਾਹੀਦਾ। ਅਸਲ ਵਿਕਸਿਤ ਭਾਰਤ ਉਹ ਹੋਵੇਗਾ, ਜਿੱਥੇ ਹਰ ਨਾਗਰਿਕ ਸੁਰੱਖਿਅਤ ਮਹਿਸੂਸ ਕਰੇ, ਉਸ ਨੂੰ ਬਰਾਬਰ ਮੌਕੇ ਮਿਲਣ ਅਤੇ ਉਹ ਸਨਮਾਨ ਤੇ ਸਵੈ-ਮਾਣ ਨਾਲ ਜੀਵਨ ਬਤੀਤ ਕਰ ਸਕੇ। ਵਿਕਾਸ ਦਾ ਲਾਭ ਸਮਾਜ ਦੇ ਹਰ ਵਰਗ ਅਤੇ ਦੇਸ਼ ਦੇ ਹਰ ਖੇਤਰ ਤੱਕ ਪਹੁੰਚਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਭਾਰਤੀ ਜਲ ਸੈਨਾ ਵਿੱਚ ਸਿਖਲਾਈ ਪ੍ਰਾਪਤ ਕਰ ਰਹੀਆਂ ਨੌਜਵਾਨ ਮਹਿਲਾਵਾਂ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਹਿਲਾ ਕੈਡਿਟਾਂ ਦੀ ਮੌਜੂਦਗੀ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੀ ਹਿੰਮਤ, ਦ੍ਰਿੜ੍ਹ ਇਰਾਦੇ ਅਤੇ ਯੋਗਤਾ ਹੋਰ ਲੜਕੀਆਂ ਨੂੰ ਵੀ ਦੇਸ਼ ਦੀ ਸੇਵਾ ਵਿੱਚ ਵੱਡੀਆਂ ਜ਼ਿੰਮੇਵਾਰੀਆਂ ਸੰਭਾਲਣ ਲਈ ਪ੍ਰੇਰਿਤ ਕਰੇਗੀ।
ਰਾਸ਼ਟਰਪਤੀ ਨੇ ਪਾਸ ਆਊਟ ਹੋਣ ਵਾਲੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਅਜਿਹੀ ਸਖ਼ਤ ਸਿਖਲਾਈ ਪੂਰੀ ਕੀਤੀ ਹੈ, ਜਿਸ ਨੇ ਉਨ੍ਹਾਂ ਦੀ ਸਰੀਰਕ ਸਮਰੱਥਾ, ਮਾਨਸਿਕ ਮਜ਼ਬੂਤੀ ਅਤੇ ਅਨੁਸ਼ਾਸਨ ਦੀ ਪਰਖ ਕੀਤੀ ਹੈ। ਉਨ੍ਹਾਂ ਨੇ ਕੈਡਿਟਾਂ ਦੇ ਮਾਪਿਆਂ ਅਤੇ ਪਰਿਵਾਰਾਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਇਸ ਮੁਕਾਮ ਤੱਕ ਪਹੁੰਚਣ ਲਈ ਉਨ੍ਹਾਂ ਦਾ ਸਾਥ ਦਿੱਤਾ। ਇਸ ਪਾਸਿੰਗ ਆਊਟ ਪਰੇਡ ਦੌਰਾਨ ਕੁੱਲ 427 ਅਧਿਕਾਰੀ ਸਿਖਿਆਰਥੀ ਸਿਖਲਾਈ ਪੂਰੀ ਕਰਕੇ ਕਮਿਸ਼ਨਡ ਅਧਿਕਾਰੀ ਬਣੇ। ਰਾਸ਼ਟਰਪਤੀ ਮੁਰਮੂ ਨੇ ਪਰੇਡ ਦਾ ਨਿਰੀਖਣ ਕੀਤਾ, ਮਾਰਚ ਕਰਦੇ ਜਵਾਨਾਂ ਤੋਂ ਸਲਾਮੀ ਲਈ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕੈਡਿਟਾਂ ਨੂੰ ਇਨਾਮ ਵੀ ਪ੍ਰਦਾਨ ਕੀਤੇ। ਸਮਾਗਮ ਵਿੱਚ ਕੇਰਲ ਦੇ ਰਾਜਪਾਲ ਓਮ ਪ੍ਰਕਾਸ਼ ਮਾਥੁਰ, ਜਲ ਸੈਨਾ ਮੁਖੀ ਐਡਮਿਰਲ ਕ੍ਰਿਸ਼ਨਾ ਸਵਾਮੀਨਾਥਨ ਅਤੇ ਹੋਰ ਸੀਨੀਅਰ ਜਲ ਸੈਨਾ ਅਧਿਕਾਰੀ ਵੀ ਮੌਜੂਦ ਸਨ।
