ਸੰਗਰੂਰ, 23 ਜੁਲਾਈ,2026 (ਬਲਜੀਤ ਸਰਨਾ): ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਕਮਿਊਨਿਟੀ ਹੈਲਥ ਅਫਸਰ (ਸੀ.ਐਚ.ਓ) ਇੱਕ ਵਾਰ ਫਿਰ ਸੜਕਾਂ ‘ਤੇ ਉਤਰ ਆਏ। ਕਮਿਊਨਿਟੀ ਹੈਲਥ ਅਫਸਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਸੈਂਕੜੇ ਸੀਐਚਓਜ਼ ਨੇ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਵੱਲ ਰੋਸ ਮਾਰਚ ਕੀਤਾ। ਹਾਲਾਂਕਿ ਪੁਲਿਸ ਨੇ ਉਨ੍ਹਾਂ ਨੂੰ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ‘ਤੇ ਹੀ ਰੋਕ ਦਿੱਤਾ, ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਸੜਕ ‘ਤੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਤੋਂ ਪਹਿਲਾਂ ਜ਼ੀਰਕਪੁਰ-ਬਠਿੰਡਾ ਨੈਸ਼ਨਲ ਹਾਈਵੇ-7 ‘ਤੇ ਸੰਗਰੂਰ-ਪਟਿਆਲਾ ਬਾਈਪਾਸ ਓਵਰਬ੍ਰਿਜ ਹੇਠ ਇਕੱਠੇ ਹੋਏ ਕਮਿਊਨਿਟੀ ਹੈਲਥ ਅਫਸਰਾਂ ਨੇ ਵਿਸ਼ਾਲ ਰੋਸ ਰੈਲੀ ਕੱਢੀ। ਰੈਲੀ ਤੋਂ ਬਾਅਦ ਜਦੋਂ ਉਹ ਮੁੱਖ ਮੰਤਰੀ ਦੀ ਕੋਠੀ ਵੱਲ ਵਧੇ ਤਾਂ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਤਹਿਤ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਇਸ ਦੌਰਾਨ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ।
ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਤਿੰਦਰ ਸਿੰਘ, ਮੀਤ ਪ੍ਰਧਾਨ ਡਾ. ਨਵਜੋਤ ਸਿੰਘ, ਡਾ. ਵਿਪਨ, ਜਨਰਲ ਸਕੱਤਰ ਡਾ. ਦਰਬਾਰੀ ਲਾਲ, ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਅਤੇ ਕਮਲਪ੍ਰੀਤ ਕੌਰ ਕਲਿਆਣ ਨੇ ਕਿਹਾ ਕਿ ਕਮਿਊਨਿਟੀ ਹੈਲਥ ਅਫਸਰ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਅਤੇ ਲੋਕਤੰਤਰੀ ਤਰੀਕੇ ਨਾਲ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ।
ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਪਹਿਲਾਂ ਮੰਨੀਆਂ ਗਈਆਂ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੀਐਚਓਜ਼ ਦਾ ਮਕਸਦ ਸਿਹਤ ਸੇਵਾਵਾਂ ਨੂੰ ਪ੍ਰਭਾਵਿਤ ਕਰਨਾ ਨਹੀਂ, ਸਗੋਂ ਆਪਣੇ ਹੱਕਾਂ ਲਈ ਸੰਵਿਧਾਨਕ ਅਤੇ ਲੋਕਤੰਤਰੀ ਢੰਗ ਨਾਲ ਆਵਾਜ਼ ਬੁਲੰਦ ਕਰਨਾ ਹੈ।
ਬਾਅਦ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਗੱਲਬਾਤ ਦੌਰਾਨ 4 ਅਗਸਤ ਨੂੰ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਇਸ ਭਰੋਸੇ ਤੋਂ ਬਾਅਦ ਐਸੋਸੀਏਸ਼ਨ ਨੇ ਆਪਣਾ ਰੋਸ ਧਰਨਾ ਸਮਾਪਤ ਕਰ ਦਿੱਤਾ, ਨਾਲ ਹੀ ਚੇਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਵਿੱਚ ਕੋਈ ਠੋਸ ਨਤੀਜਾ ਨਾ ਨਿਕਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।








