ਫਤਹਿਗੜ੍ਹ ਸਾਹਿਬ, 10 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ‘ਖੇਡਾਂ ਵਤਨ ਪੰਜਾਬ ਦੀਆਂ-2026 (ਸੀਜ਼ਨ-4)’ ਤਹਿਤ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਖੇਡਾਂ ਸਬੰਧੀ ਚੱਲ ਰਹੀ ਰਜਿਸਟ੍ਰੇਸ਼ਨ ਤੇ ਮੋਬਿਲਾਈਜ਼ੇਸ਼ਨ ਮੁਹਿੰਮ ਦੀ ਸਮੀਖਿਆ ਲਈ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਹਲਕਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਖੇਡ ਵਿਭਾਗ, ਯੁਵਕ ਸੇਵਾਵਾਂ ਵਿਭਾਗ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਡਾਂ ਸਬੰਧੀ ਜਾਣਕਾਰੀ ਪਿੰਡ ਅਤੇ ਵਾਰਡ ਪੱਧਰ ਤੱਕ ਪਹੁੰਚਾ ਕੇ ਹਰ ਯੋਗ ਖਿਡਾਰੀ ਨੂੰ ਖੇਡ ਮੈਦਾਨ ਨਾਲ ਜੋੜਨ ਲਈ ਸਰਗਰਮੀ ਨਾਲ ਕੰਮ ਕੀਤਾ ਜਾਵੇ।
ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-4 ਦੌਰਾਨ ਜੇਤੂ ਖਿਡਾਰੀਆਂ ਨੂੰ ਨਕਦ ਇਨਾਮਾਂ ਦੇ ਨਾਲ ਸਰਟੀਫਿਕੇਟ ਵੀ ਦਿੱਤੇ ਜਾਣਗੇ ਅਤੇ ਪੰਜਾਬ ਸਰਕਾਰ ਦੀ ਨੀਤੀ ਤਹਿਤ ਇਨ੍ਹਾਂ ਖੇਡਾਂ ਦੇ ਜੇਤੂ ਖਿਡਾਰੀਆਂ ਲਈ ਖੇਡ ਕੋਟਾ ਵੀ ਰਾਖਵਾਂ ਹੋਵੇਗਾ। ਇਹ ਉਪਰਾਲਾ ਜ਼ਮੀਨੀ ਪੱਧਰ ’ਤੇ ਨੌਜਵਾਨਾਂ ਦੀ ਖੇਡ ਪ੍ਰਤਿਭਾ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆ ਤੋਂ ਦੂਰ ਰੱਖਣ ਲਈ ਖੇਡਾਂ ਲਾਹੇਵੰਦ ਸਾਬਤ ਹੋ ਰਹੀਆਂ ਹਨ।
ਵਿਧਾਇਕ ਰਾਏ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿੱਚ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਅਤੇ ਖੇਡ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ। ਉਨ੍ਹਾਂ ਦੱਸਿਆ ਕਿ ਖਿਡਾਰੀ ਆਨਲਾਈਨ ਤੇ ਆਫਲਾਈਨ ਦੋਵੇਂ ਤਰੀਕਿਆਂ ਨਾਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਮਾਪਿਆਂ, ਅਧਿਆਪਕਾਂ, ਸਰਪੰਚਾਂ, ਪੰਚਾਇਤ ਮੈਂਬਰਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ, ਯੂਥ ਆਗੂਆਂ ਅਤੇ ਪਿੰਡਾਂ ਦੀਆਂ ਯੂਥ ਕਲੱਬਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਵਾਲਾ ਮਾਹੌਲ ਪੈਦਾ ਕਰਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ।
ਇਸ ਤੋਂ ਪਹਿਲਾਂ ਹਲਕਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਲਈ ਲੋੜੀਂਦੇ ਪ੍ਰਬੰਧ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਪਰ ਇਨ੍ਹਾਂ ਸਹੂਲਤਾਂ ਦਾ ਲਾਭ ਲੈਣ ਲਈ ਬੱਚਿਆਂ ਅਤੇ ਨੌਜਵਾਨਾਂ ਦੀ ਖੇਡ ਮੈਦਾਨਾਂ ਵਿੱਚ ਸ਼ਮੂਲੀਅਤ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਅੱਗੇ ਚੱਲ ਕੇ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣਾ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਦੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਹਿਲੀ ਵਾਰ ਖੇਡ ਖੇਤਰ ਲਈ 1800 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 3100 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਨੌਜਵਾਨਾਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਵਿਧਾਇਕ ਹੈਪੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 05 ਸਤੰਬਰ ਨੂੰ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ-2026 ਸੀਜ਼ਨ-4 ਦਾ ਉਦਘਾਟਨ ਕੀਤਾ ਗਿਆ ਸੀ ਅਤੇ ਇਨ੍ਹਾਂ ਖੇਡਾਂ ਦੀ ਸਮਾਪਤੀ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ। ਉਨ੍ਹਾਂ ਸਾਰੇ ਮਾਪਿਆਂ, ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾ ਕੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿੱਚ ਭਾਗ ਲੈਣ ਅਤੇ ਇਸ ਸੀਜ਼ਨ ਨੂੰ ਸਫਲ ਬਣਾਉਣ ਲਈ ਸਾਂਝੇ ਤੌਰ ’ਤੇ ਯੋਗਦਾਨ ਪਾਉਣ।
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਜ਼ਿਲ੍ਹੇ ਦੇ ਦੋ ਬਲਾਕਾਂ ਵਿੱਚ ਖੇਡ ਮੁਕਾਬਲੇ ਕਰਵਾਏ ਜਾ ਚੁੱਕੇ ਹਨ, ਜਦਕਿ ਬਾਕੀ ਰਹਿੰਦੇ ਬਲਾਕਾਂ ਵਿੱਚ 15 ਸਤੰਬਰ ਤੱਕ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਸਤੰਬਰ ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ। ਇਸ ਸੀਜ਼ਨ ਤਹਿਤ ਕੁੱਲ 38 ਖੇਡਾਂ ਅਤੇ 4 ਪੈਰਾ-ਐਥਲੈਟਿਕਸ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ 09 ਉਮਰ ਵਰਗਾਂ ਅਧੀਨ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਭਾਗ ਲੈ ਸਕਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਅਮਰਬੀਰ ਕੌਰ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਸ੍ਰੀ ਸੁਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ(ਜ) ਸੂਬਾ ਸਿੰਘ, ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ, ਹਲਕਾ ਯੂਥ ਪ੍ਰਧਾਨ ਸ੍ਰੀ ਦਿਲਪ੍ਰੀਤ ਸਿੰਘ ਭੱਟੀ, ਗੁਰਪ੍ਰੀਤ ਸਿੰਘ ਭਿੰਡਰ, ਸਤਿੰਦਰ ਮਲਿਕਪੁਰ, ਬਿਕਰਮ ਸਹੋਤਾ ਮੀਡੀਆ ਕੋਆਰਡੀਨੇਟਰ ਸਮੇਤ ਹੋਰ ਅਧਿਕਾਰੀ ਹਾਜਰ ਸਨ।







