ਪਟਿਆਲਾ, 21 ਅਗਸਤ, 2026 (ਦੀਪਕ ਦੱਤਾ) : ਨਗਰ ਨਿਗਮ ਪਟਿਆਲਾ ਦੀਆਂ ਸਰਕਾਰੀ ਜ਼ਮੀਨਾਂ ਅਤੇ ਖਾਲੀ ਪਈਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਰੱਖਣ ਲਈ ਨਿਗਮ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਮੇਅਰ ਕੁੰਦਨ ਗੋਗੀਆ ਅਤੇ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਵੱਲੋਂ ਸਾਂਝੇ ਤੌਰ ‘ਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸ਼ਹਿਰ ਅੰਦਰ ਨਿਗਮ ਦੀ ਕਿਸੇ ਵੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਬਿਨਾਂ ਕਿਸੇ ਪੱਖਪਾਤ ਦੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਜਾਇਦਾਦਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਪ੍ਰਮੁੱਖ ਖੇਤਰਾਂ ਵਿੱਚ ਨਗਰ ਨਿਗਮ ਦੀਆਂ ਕਈ ਕੀਮਤੀ ਜ਼ਮੀਨਾਂ ਤੇ ਪਲਾਟ ਖਾਲੀ ਪਏ ਹਨ, ਜਿਨ੍ਹਾਂ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਨਾਜਾਇਜ਼ ਕਬਜ਼ੇ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਨਗਰ ਨਿਗਮ ਦੀ ਲੈਂਡ ਬ੍ਰਾਂਚ ਵੱਲੋਂ ਸ਼ਹਿਰ ਭਰ ਵਿੱਚ ਮੁਹਿੰਮ ਚਲਾ ਕੇ ਖਾਲੀ ਪਈਆਂ ਥਾਵਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ‘ਤੇ ਨਗਰ ਨਿਗਮ ਦੀ ਮਲਕੀਅਤ ਦਰਸਾਉਂਦੇ ਵਿਸ਼ੇਸ਼ ਚੇਤਾਵਨੀ ਬੋਰਡ ਲਗਾਏ ਜਾ ਰਹੇ ਹਨ।
ਉਪਰੋਕਤ ਨੇ ਸਖ਼ਤ ਸ਼ਬਦਾ ‘ਚ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੇ ਨਿਗਮ ਦੀ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਉਸਾਰੀ, ਕਬਜ਼ਾ ਜਾਂ ਬੋਰਡਾਂ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਸ ਵਿਰੁੱਧ ਤੁਰੰਤ ਐੱਫ.ਆਈ.ਆਰ. ਦਰਜ ਕਰਵਾ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਨਿਗਮ ਅਧਿਕਾਰੀਆਂ ਨੂੰ ਨਿਯਮਿਤ ਤੌਰ ‘ਤੇ ਇਨ੍ਹਾਂ ਥਾਵਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰੀ ਜਾਇਦਾਦਾਂ ਦੀ ਰਾਖੀ ਲਈ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਕਿਸੇ ਵੀ ਨਾਜਾਇਜ਼ ਕਬਜ਼ੇ ਦੀ ਸੂਚਨਾ ਤੁਰੰਤ ਨਗਰ ਨਿਗਮ ਦਫ਼ਤਰ ਨੂੰ ਦੇਣ।