ਪਟਿਆਲਾ, 16 ਜੁਲਾਈ (ਦੀਪਕ ਦੱਤਾ): ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਜਗਨਨਾਥ ਮੰਦਰ, ਸੰਜੇ ਕਲੋਨੀ ਨੇੜੇ ਤੋਂ ਸ਼ੁਰੂ ਹੋਈ ਪਵਿੱਤਰ ਜਗਨਨਾਥ ਰੱਥ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ, ਸਮਾਜ ਸੇਵੀ, ਧਾਰਮਿਕ ਆਗੂ ਅਤੇ ਸ਼ਹਿਰ ਦੇ ਪਤਵੰਤੇ ਵਿਅਕਤੀ ਹਾਜ਼ਰ ਰਹੇ। ਰੱਥ ਯਾਤਰਾ ਦੌਰਾਨ ਭਗਵਾਨ ਜਗਨਨਾਥ ਦੇ ਜੈਕਾਰਿਆਂ ਨਾਲ ਪੂਰਾ ਇਲਾਕਾ ਭਗਤੀਮਈ ਮਾਹੌਲ ਵਿੱਚ ਰੰਗਿਆ ਨਜ਼ਰ ਆਇਆ।

ਇਸ ਮੌਕੇ ਸੰਬੋਧਨ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਜਗਨਨਾਥ ਰੱਥ ਯਾਤਰਾ ਸਿਰਫ਼ ਇੱਕ ਧਾਰਮਿਕ ਸਮਾਗਮ ਹੀ ਨਹੀਂ, ਸਗੋਂ ਆਪਸੀ ਪਿਆਰ, ਭਾਈਚਾਰੇ ਅਤੇ ਸਮਾਜਿਕ ਏਕਤਾ ਦਾ ਪ੍ਰਤੀਕ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਲੋਕਾਂ ਨੂੰ ਇਕੱਠੇ ਹੋ ਕੇ ਮਨੁੱਖਤਾ ਦੀ ਸੇਵਾ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦੇ ਹਨ।
ਮੇਅਰ ਗੋਗੀਆ ਨੇ ਸਮੂਹ ਸੰਗਤ ਨੂੰ ਰੱਥ ਯਾਤਰਾ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਪਟਿਆਲਾ ਹਮੇਸ਼ਾ ਹੀ ਧਾਰਮਿਕ ਸਦਭਾਵਨਾ ਅਤੇ ਸਾਂਝੀਵਾਲਤਾ ਦੀ ਮਿਸਾਲ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਂਦਾ ਰਹੇਗਾ ਤਾਂ ਜੋ ਸ਼ਹਿਰ ਦੀਆਂ ਰਿਵਾਇਤਾਂ ਅਤੇ ਸੱਭਿਆਚਾਰਕ ਵਿਰਾਸਤ ਨੂੰ ਹੋਰ ਮਜ਼ਬੂਤੀ ਮਿਲ ਸਕੇ।
ਰੱਥ ਯਾਤਰਾ ਦੌਰਾਨ ਭਗਵਾਨ ਜਗਨਨਾਥ ਦੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਸ਼ਰਧਾਲੂਆਂ ਨੇ ਭਜਨ-ਕੀਰਤਨ ਕਰਦੇ ਹੋਏ ਸ਼ਹਿਰ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਲੋਕ ਭਲਾਈ ਲਈ ਅਰਦਾਸ ਕੀਤੀ। ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਲਈ ਪ੍ਰਸ਼ਾਸਨ ਵੱਲੋਂ ਵੀ ਉਚਿਤ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਯਾਤਰਾ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ। ਇਸ ਮੌਕੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਹਾਜ਼ਰੀ ਲਗਾ ਕੇ ਰੱਥ ਯਾਤਰਾ ਦੀ ਸ਼ੋਭਾ ਵਧਾਈ।