ਧੂਰੀ/ਸ਼ੇਰਪੁਰ, 12 ਅਕਤੂਬਰ, 2026 (ਛਤਰਪਾਲ ਸਿੰਘ ) : ਪੰਜਾਬ ਸਰਕਾਰ ਦੀ ਪਹਿਲਕਦਮੀ ਤਹਿਤ ਚਲਾਈ ਜਾ ਰਹੀ ‘ਸਿਹਤਮੰਦ ਅੱਖਾਂ, ਸੁਖਾਲਾ ਪੰਜਾਬ’ ਮੁਹਿੰਮ ਤਹਿਤ ਅੱਜ ਪਿੰਡ ਘਨੌਰੀ ਕਲਾਂ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਲਈ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਕੀਤਾ। ਸ਼ੰਕਰਾ ਆਈ ਹਸਪਤਾਲ, ਲੁਧਿਆਣਾ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਡਾਕਟਰੀ ਸਲਾਹ ਦਿੱਤੀ ਗਈ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਅੱਖਾਂ ਦੇ ਲੋੜਵੰਦ ਮਰੀਜ਼ਾਂ ਦੇ ਆਪ੍ਰੇਸ਼ਨ ਦੀ ਸਹੂਲਤ ਵੀ ਦਿੱਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਓ.ਐੱਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ‘ਰੰਗਲਾ ਪੰਜਾਬ, ਸਿਹਤਮੰਦ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਖਾਂ ਸਾਡੇ ਜੀਵਨ ਦਾ ਅਨਮੋਲ ਅੰਗ ਹਨ ਅਤੇ ਸਮੇਂ-ਸਮੇਂ ’ਤੇ ਅੱਖਾਂ ਦੀ ਜਾਂਚ ਕਰਵਾਉਣ ਨਾਲ ਕਈ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਸੰਭਵ ਹੋ ਸਕਦਾ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਮੁਫ਼ਤ ਮੈਡੀਕਲ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ। ਕੈਂਪ ਦੌਰਾਨ ਇਲਾਕੇ ਦੇ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ ਅਤੇ ਉਪਲਬਧ ਸਿਹਤ ਸਹੂਲਤਾਂ ਦਾ ਲਾਭ ਲਿਆ।