ਅੰਮ੍ਰਿਤਸਰ, 17 ਅਗਸਤ, 2026 (ਹਰਸ਼ਪ੍ਰੀਤ ਕੌਰ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇੱਕ ਸਮਾਗਮ ਦੌਰਾਨ ਸਿੱਖ ਕੌਮ ਨੂੰ ਵਿਆਹ ਅਤੇ ਪਰਿਵਾਰਕ ਜੀਵਨ ਨਾਲ ਜੁੜਿਆ ਸੰਦੇਸ਼ ਦਿੱਤਾ। ਉਨ੍ਹਾਂ ਕੌਮ ਦੀ ਜਨਸੰਖਿਆ ਵਧਾਉਣ ਅਤੇ ਨੌਜਵਾਨਾਂ ਨੂੰ ਸਮੇਂ ਸਿਰ ਵਿਆਹ ਕਰਵਾਉਣ ਲਈ ਪ੍ਰੇਰਿਤ ਕੀਤਾ।
ਜਥੇਦਾਰ ਨੇ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 30 ਸਾਲ ਤੋਂ ਵੱਧ ਹੋ ਚੁੱਕੀ ਹੈ, ਉਨ੍ਹਾਂ ਦੇ ਰਿਸ਼ਤੇ ਕਰਵਾਉਣ ਲਈ ਪਰਿਵਾਰਾਂ ਅਤੇ ਸਮਾਜ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਿਸ਼ਤੇ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇ, ਨਾ ਕਿ ਕਿਸੇ ਦੇ ਵਿਆਹ ਵਿੱਚ ਰੁਕਾਵਟ ਪਾਈ ਜਾਵੇ। ਉਨ੍ਹਾਂ ਪਰਿਵਾਰਾਂ ਨੂੰ ਵਿਆਹ-ਸ਼ਾਦੀ ਦੇ ਮਾਮਲਿਆਂ ਵਿੱਚ ਸਕਾਰਾਤਮਕ ਸੋਚ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕੌਮ ਦੇ ਭਵਿੱਖ ਨੂੰ ਮਜ਼ਬੂਤ ਕਰਨ ਲਈ ਪਰਿਵਾਰਕ ਢਾਂਚੇ ਅਤੇ ਜਨਸੰਖਿਆ ਵੱਲ ਵੀ ਧਿਆਨ ਦੇਣ ਦੀ ਲੋੜ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਰਿਵਾਰਾਂ ਨੂੰ ਵੱਧ ਤੋਂ ਵੱਧ ਬੱਚਿਆਂ ਦੀ ਪਰਵਰਿਸ਼ ਲਈ ਉਤਸ਼ਾਹਿਤ ਹੋਣਾ ਚਾਹੀਦਾ ਹੈ ਅਤੇ ਘੱਟੋ-ਘੱਟ ਤਿੰਨ ਬੱਚਿਆਂ ਦੀ ਗੱਲ ਵੀ ਰੱਖੀ। ਉਨ੍ਹਾਂ ਮਾਲਵਾ ਅਤੇ ਮਾਝਾ ਖੇਤਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਮਾਜ ਵਿੱਚ ਇੱਕ-ਦੂਜੇ ਦੇ ਰਿਸ਼ਤਿਆਂ ਵਿੱਚ ਰੁਕਾਵਟਾਂ ਪਾਉਣ ਦੀ ਬਜਾਏ ਵਿਆਹ ਲਈ ਸਹਿਯੋਗ ਦਾ ਮਾਹੌਲ ਬਣਾਇਆ ਜਾਣਾ ਚਾਹੀਦਾ ਹੈ। ਜਥੇਦਾਰ ਨੇ ਕੌਮ ਦੀ ਜਨਸੰਖਿਆ ਵਧਾਉਣ ਨੂੰ ਭਵਿੱਖ ਲਈ ਅਹਿਮ ਦੱਸਿਆ।






