ਨਵੀਂ ਦਿੱਲੀ, 5 ਅਗਸਤ, 2026 (ਹਰਸ਼ਪ੍ਰੀਤ ਕੌਰ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀਡੀਓ ਗਲਤੀ ਨਾਲ ਫੇਸਬੁੱਕ ਤੋਂ ਹਟਾਏ ਜਾਣ ਦੇ ਮਾਮਲੇ ਵਿੱਚ ਮੈਟਾ ਦੇ ਸੀਨੀਅਰ ਅਧਿਕਾਰੀਆਂ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਦੇ ਸਕੱਤਰ ਐਸ. ਕ੍ਰਿਸ਼ਨਨ ਨਾਲ ਮੁਲਾਕਾਤ ਕਰਕੇ ਪੂਰੇ ਮਾਮਲੇ ਬਾਰੇ ਸਪੱਸ਼ਟੀਕਰਨ ਦਿੱਤਾ।
ਇਸ ਦੌਰਾਨ ਮੈਟਾ ਨੇ ਵੀਡੀਓ ਹਟਾਉਣ ਨੂੰ ਤਕਨੀਕੀ ਗਲਤੀ ਦੱਸਦਿਆਂ ਇਸ ਦੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ। ਦੂਜੇ ਪਾਸੇ ਸੰਸਦੀ ਸਥਾਈ ਕਮੇਟੀ ਨੇ ਮੈਟਾ ਦੇ ਸੀਈਓ ਮਾਰਕ ਜ਼ੁਕਰਬਰਗ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਕਾਨੂੰਨੀ ਸੁਰੱਖਿਆ ਵਾਪਸ ਲੈਣ ਬਾਰੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਇਸ ਮਾਮਲੇ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜਵਾਬਦੇਹੀ ਅਤੇ ਆਨਲਾਈਨ ਸਮੱਗਰੀ ਦੀ ਨਿਗਰਾਨੀ ਨੂੰ ਲੈ ਕੇ ਚਰਚਾ ਹੋਰ ਤੇਜ਼ ਹੋ ਗਈ ਹੈ।
