Home ਪਟਿਆਲਾ ਅਪਡੇਟ ਪਟਿਆਲਾ ਵਿੱਚ ਮੰਗਾਂ ਨੂੰ ਲੈ ਕੇ ਮੀਟਰ ਰੀਡਰਾਂ ਦਾ ਤਿੱਖਾ ਪ੍ਰਦਰਸ਼ਨ

ਪਟਿਆਲਾ ਵਿੱਚ ਮੰਗਾਂ ਨੂੰ ਲੈ ਕੇ ਮੀਟਰ ਰੀਡਰਾਂ ਦਾ ਤਿੱਖਾ ਪ੍ਰਦਰਸ਼ਨ

0

ਪਟਿਆਲਾ, 12 ਜੁਲਾਈ (ਦੀਪਕ ਦੱਤਾ): ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮੀਟਰ ਰੀਡਰਾਂ ਨੇ ਸ਼ੁੱਕਰਵਾਰ ਨੂੰ ਆਪਣਾ ਰੋਸ ਪ੍ਰਦਰਸ਼ਨ ਹੋਰ ਤੇਜ਼ ਕਰ ਦਿੱਤਾ। ਪ੍ਰਦਰਸ਼ਨਕਾਰੀ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਦੀ ਉੱਚੀ ਟੈਂਕੀ ‘ਤੇ ਚੜ੍ਹ ਗਏ ਅਤੇ ਪਾਵਰਕਾਮ ਪ੍ਰਬੰਧਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਸ ਦੌਰਾਨ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਵੱਡੇ ਪੱਧਰ ‘ਤੇ ਸੜਕਾਂ ਜਾਮ ਕੀਤੀਆਂ ਜਾਣਗੀਆਂ।

ਮੀਟਰ ਰੀਡਰ ਯੂਨੀਅਨ ਦੇ ਮੈਂਬਰਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ, ਪਰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਕਈ ਦੌਰ ਦੀਆਂ ਮੀਟਿੰਗਾਂ ਦੇ ਬਾਵਜੂਦ ਪਾਵਰਕਾਮ ਪ੍ਰਬੰਧਨ ਸਿਰਫ਼ ਭਰੋਸੇ ਹੀ ਦੇ ਰਿਹਾ ਹੈ, ਜਦਕਿ ਉਨ੍ਹਾਂ ਦੀਆਂ ਮੰਗਾਂ ਅਜੇ ਵੀ ਲੰਬਿਤ ਪਈਆਂ ਹਨ।

ਅਧਿਕਾਰੀ ਮੰਗਾਂ ਸਰਕਾਰ ਤੱਕ ਨਹੀਂ ਪਹੁੰਚਾ ਰਹੇ

ਯੂਨੀਅਨ ਆਗੂਆਂ ਨੇ ਕਿਹਾ ਕਿ ਪਾਵਰਕਾਮ ਦੇ ਅਧਿਕਾਰੀ ਉਨ੍ਹਾਂ ਦੀਆਂ ਮੰਗਾਂ ਅਤੇ ਸਬੰਧਤ ਫਾਈਲਾਂ ਨੂੰ ਮੁੱਖ ਮੰਤਰੀ ਤੱਕ ਪਹੁੰਚਾਉਣ ਲਈ ਗੰਭੀਰਤਾ ਨਹੀਂ ਦਿਖਾ ਰਹੇ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਕਾਰਨ ਲੰਬੇ ਸਮੇਂ ਤੋਂ ਲਟਕੇ ਮੁੱਦਿਆਂ ਦਾ ਹੱਲ ਨਹੀਂ ਹੋ ਰਿਹਾ ਅਤੇ ਮੀਟਰ ਰੀਡਰਾਂ ਨੂੰ ਮਜਬੂਰਨ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ।

ਪ੍ਰਦਰਸ਼ਨਕਾਰੀਆਂ ਨੇ ਇਹ ਵੀ ਦੋਸ਼ ਲਗਾਇਆ ਕਿ ਨਿੱਜੀ ਕੰਪਨੀਆਂ ਪਾਵਰਕਾਮ ਨਾਲ ਕੰਮ ਕਰਕੇ ਭਾਰੀ ਮੁਨਾਫ਼ਾ ਕਮਾ ਰਹੀਆਂ ਹਨ, ਜਦਕਿ ਦੂਜੇ ਪਾਸੇ ਮੀਟਰ ਰੀਡਰਾਂ ਦਾ ਆਰਥਿਕ ਅਤੇ ਕੰਮਕਾਜੀ ਪੱਧਰ ‘ਤੇ ਲਗਾਤਾਰ ਸ਼ੋਸ਼ਣ ਹੋ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਸੇਵਾਵਾਂ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਅਤੇ ਹੱਕ ਨਹੀਂ ਮਿਲ ਰਹੇ।

 

Exit mobile version