ਅੰਮ੍ਰਿਤਸਰ, 25 ਸਤੰਬਰ, 2026 (ਅਮਰੀਕ ਸਿੰਘ) : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ 24 ਜੁਲਾਈ ਨੂੰ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਪੰਜਾਬ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋ ਗਿਆ। ਮਾਰਚ ਦੌਰਾਨ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ, ਗੁਰਮਤਿ ਜੀਵਨ-ਜਾਚ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਸਿੱਖੀ ਸਿਧਾਂਤਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ ਗਿਆ। ਮਾਰਚ ਦੇ ਆਖਰੀ ਪੜਾਅ ਵਿੱਚ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ, ਕੱਥੂਨੰਗਲ ਤੋਂ ਵੱਡੀ ਗਿਣਤੀ ਵਿੱਚ ਸੰਗਤ ਨਾਲ ਇਹ ਯਾਤਰਾ ਸ੍ਰੀ ਅੰਮ੍ਰਿਤਸਰ ਪਹੁੰਚੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਾਰਚ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਤੇ ਚੰਗੀਆਂ ਗਤੀਵਿਧੀਆਂ ਨਾਲ ਜੁੜਨ ਅਤੇ ਸਿੱਖੀ ਸਰੂਪ ਤੇ ਸਿਧਾਂਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਵੀ ਰਿਹਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਕਿ ਮਾਰਚ ਦੀ ਸੰਪੂਰਨਤਾ ਤੋਂ ਬਾਅਦ ਹਰ ਸ਼੍ਰੋਮਣੀ ਕਮੇਟੀ ਹਲਕੇ ਵਿੱਚ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਵੱਡੇ ਪੱਧਰ ’ਤੇ ਕਰਵਾਏ ਜਾਣਗੇ। ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਸੰਗਤ ਨੂੰ ਇਨ੍ਹਾਂ ਸਮਾਗਮਾਂ ਨਾਲ ਜੋੜਨ ਲਈ ਕਿਹਾ। ਸਮਾਗਮ ਦੌਰਾਨ ਪੰਜ ਪਿਆਰਿਆਂ ਅਤੇ ਨਿਸ਼ਾਨ ਸਾਹਿਬ ਦੇ ਸੇਵਾਦਾਰਾਂ ਨੂੰ ਸਿਰੋਪਾਓ ਭੇਟ ਕੀਤੇ ਗਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ। ਮਾਰਚ ਦੇ ਵੱਖ-ਵੱਖ ਪੜਾਵਾਂ ’ਤੇ ਸੰਗਤ ਵੱਲੋਂn ਸਵਾਗਤ ਅਤੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਗਿਆ।







