ਪਟਿਆਲਾ, 15 ਜੁਲਾਈ (ਸੰਜੀਵ ਸ਼ਰਮਾ): ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਟਿਆਲਾ ਸ਼ਹਿਰ ਦੇ ਮਾਡਲ ਟਾਊਨ ਤੋਂ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ। ਇਸ ਬੱਸ ਨੂੰ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਵਿਰਾਸਤ ਸੇਵਾ ਸੰਗਠਨ ਪਟਿਆਲਾ ਦੇ ਕੋਆਰਡੀਨੇਟਰ ਹਰਮਿੰਦਰ ਪਾਲ ਸਿੰਘ ਵਿੰਟੀ ਸਭਰਵਾਲ, ਕੌਂਸਲਰ ਗੁਰਜੀਤ ਸਿੰਘ ਸਾਹਨੀ, ਸੂਬਾ ਜਨਰਲ ਸਕੱਤਰ ਮੋਨਿਕਾ ਸ਼ਰਮਾ ਅਤੇ ਬਲਾਕ ਪ੍ਰਧਾਨ ਰਾਜਿੰਦਰ ਮੋਹਨ ਸਮੇਤ ਹੋਰ ਆਗੂ ਅਤੇ ਸ਼ਰਧਾਲੂ ਮੌਜੂਦ ਸਨ।
ਯਾਤਰਾ ਲਈ ਰਵਾਨਾ ਹੋ ਰਹੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ।
ਵਿਧਾਇਕ ਕੋਹਲੀ ਨੇ ਦੱਸਿਆ ਕਿ ਇਹ ਤਿੰਨ ਦਿਨਾਂ ਦੀ ਤੀਰਥ ਯਾਤਰਾ ਹੈ, ਜਿਸ ਦੌਰਾਨ ਸ਼ਰਧਾਲੂਆਂ ਲਈ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਵਧੀਆ ਹੋਟਲਾਂ ਵਿੱਚ ਕੀਤਾ ਜਾਂਦਾ ਹੈ। ਯਾਤਰਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ ਅਤੇ ਵਾਹਗਾ ਬਾਰਡਰ ਸਮੇਤ ਹੋਰ ਮਹੱਤਵਪੂਰਨ ਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਇਸ ਤੀਰਥ ਯਾਤਰਾ ਦਾ ਪੂਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਸ਼ਰਧਾਲੂ ਤੋਂ ਕੋਈ ਫੀਸ ਨਹੀਂ ਲਈ ਜਾ ਰਹੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ ਅਤੇ ਲੋਕਾਂ ਵੱਲੋਂ ਇਸ ਉਪਰਾਲੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਇਸ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।
ਉਨ੍ਹਾਂ ਯਾਤਰਾ ‘ਤੇ ਜਾ ਰਹੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ।







