Home ਪੰਜਾਬ  ਵਿਧਾਇਕ ਲਖਵੀਰ ਸਿੰਘ ਰਾਏ ਨੇ ਜੂਡੋ ਤੇ ਸਾਫਟਬਾਲ ਦੇ ਖਿਡਾਰੀਆਂ ਦੀ ਕੀਤੀ...

 ਵਿਧਾਇਕ ਲਖਵੀਰ ਸਿੰਘ ਰਾਏ ਨੇ ਜੂਡੋ ਤੇ ਸਾਫਟਬਾਲ ਦੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜ਼ਾਈ

MLA Lakhvir Singh Rai Encourages Judo and Softball Players

0
ਫਤਹਿਗੜ੍ਹ ਸਾਹਿਬ, 23 ਨਵੰਬਰ, 2026 (ਛਤਰਪਾਲ ਸਿੰਘ ) : ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਜੂਡੋ ਅਤੇ ਸਾਫਟਬਾਲ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਜੂਡੋ ਦੇ (ਵਿਸ਼ੇਸ਼ ਲੋੜਾਂ ਵਾਲੇ) ਖਿਡਾਰੀਆਂ ਦੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਅਤੇ ਸਾਫਟਬਾਲ ਦੇ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਤੇ ਸਕਾਰਾਤਮਕ ਦਿਸ਼ਾ ਦੇਣ ਲਈ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਖਿਡਾਰੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਸੂਬਾ ਤੇ ਕੌਮੀ ਪੱਧਰ ’ਤੇ ਆਪਣੀ ਪ੍ਰਤਿਭਾ ਦਿਖਾਉਣ ਦੇ ਢੁਕਵੇਂ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਛੇਵੇਂ ਦਿਨ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਦੇ 55 ਕਿਲੋਗ੍ਰਾਮ ਭਾਰ ਵਰਗ ਵਿੱਚ ਸੁਖਮਨਪਾਲ ਸਿੰਘ ਨੇ ਪਹਿਲਾ, ਨੈਤਿਕ ਨੇ ਦੂਜਾ ਅਤੇ ਲਵਪ੍ਰੀਤ ਸਿੰਘ ਤੇ ਕੇਸ਼ਵ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 60 ਕਿਲੋਗ੍ਰਾਮ ਭਾਰ ਵਰਗ ਵਿੱਚ ਸੰਦੀਪ ਸਿੰਘ ਨੇ ਪਹਿਲਾ ਅਤੇ ਬਲਰਾਜ ਮਾਹੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ 66 ਕਿਲੋਗ੍ਰਾਮ ਭਾਰ ਵਰਗ ਵਿੱਚ ਰੋਹਿਤ ਕੁਮਾਰ ਨੇ ਪਹਿਲਾ ਅਤੇ ਅਨਮੋਲ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ।

ਉਨ੍ਹਾਂ ਦੱਸਿਆ ਕਿ ਸੀਨੀਅਰ ਮੈਨ ਵਰਗ ਦੇ 55 ਕਿਲੋਗ੍ਰਾਮ ਭਾਰ ਵਰਗ ਵਿੱਚ ਵਰਿੰਦਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 60 ਕਿਲੋਗ੍ਰਾਮ ਭਾਰ ਵਰਗ ਵਿੱਚ ਸਾਹਿਲਦੀਪ ਨੇ ਪਹਿਲਾ ਅਤੇ ਸਰਾਜਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨੇ ਸਾਫਟਬਾਲ ਦੇ ਨਤੀਜਿਆਂ ਬਾਰੇ ਦੱਸਿਆ ਕਿ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਮੋਗਾ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ 13-9 ਦੇ ਫਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ। ਅੰਡਰ-21 ਲੜਕੀਆਂ ਦੇ ਮੁਕਾਬਲੇ ਵਿੱਚ ਲੁਧਿਆਣਾ ਦੀ ਟੀਮ ਨੇ ਪਟਿਆਲਾ ਨੂੰ 1-0 ਨਾਲ ਹਰਾ ਕੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ। ਇਸੇ ਤਰ੍ਹਾਂ 21-30 ਉਮਰ ਵਰਗ ਦੀਆਂ ਲੜਕੀਆਂ ਦੇ ਮੁਕਾਬਲੇ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਮੋਗਾ ਦੀ ਟੀਮ ਨੂੰ 13-3 ਦੇ ਫਰਕ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ

Exit mobile version