ਫ਼ਤਹਿਗੜ੍ਹ ਸਾਹਿਬ, 17 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਵਿਧਾਇਕ ਫਤਹਿਗੜ੍ਹ ਸਾਹਿਬ ਲਖਬੀਰ ਸਿੰਘ ਰਾਏ ਨੇ ਅੱਜ ਬਲਾਕ ਸਰਹਿੰਦ ਦੇ ਪਿੰਡ ਬਾਗੜੀਆਂ ਵਿਖੇ ਤਿੰਨ ਏਕੜ ਜ਼ਮੀਨ ਵਿੱਚ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਗਾਉਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨ ਲਈ ਖੇਡ ਸਹੂਲਤਾਂ ਦਾ ਵਿਕਾਸ ਕਰਨਾ ਬੇਹੱਦ ਜ਼ਰੂਰੀ ਹੈ। ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਮੌਕੇ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਤੇ ਆਪਸੀ ਸਹਿਯੋਗ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਉਨ੍ਹਾਂ ਦੱਸਿਆ ਕਿ ਪਿੰਡ ਬਾਗੜੀਆਂ ਵਿਖੇ ਤਿਆਰ ਕੀਤੇ ਜਾਣ ਵਾਲੇ ਖੇਡ ਮੈਦਾਨ ਵਿੱਚ ਖਿਡਾਰੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਟਰੈਕ ਬਣਾਇਆ ਜਾਵੇਗਾ ਅਤੇ ਰਾਤ ਸਮੇਂ ਖੇਡ ਗਤੀਵਿਧੀਆਂ ਨੂੰ ਜਾਰੀ ਰੱਖਣ ਲਈ ਲਾਈਟਾਂ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਵਾਲੀਬਾਲ, ਫੁੱਟਬਾਲ ਅਤੇ ਹੋਰ ਖੇਡਾਂ ਲਈ ਵੱਖ-ਵੱਖ ਗਰਾਊਂਡ ਵੀ ਤਿਆਰ ਕੀਤੇ ਜਾਣਗੇ, ਜਿਸ ਨਾਲ ਪਿੰਡ ਦੇ ਨੌਜਵਾਨਾਂ ਨੂੰ ਆਪਣੇ ਪਿੰਡ ਵਿੱਚ ਹੀ ਖੇਡ ਅਭਿਆਸ ਕਰਨ ਅਤੇ ਆਪਣੀ ਪ੍ਰਤਿਭਾ ਨਿਖਾਰਨ ਦੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਤਹਿਤ ਪਿੰਡ ਪੱਧਰ ’ਤੇ ਖੇਡ ਮੈਦਾਨਾਂ ਦਾ ਵਿਕਾਸ ਕਰਨਾ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਅਜਿਹੇ ਮੈਦਾਨਾਂ ਨਾਲ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਰੁਚੀ ਅਨੁਸਾਰ ਖੇਡਾਂ ਵਿੱਚ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਸੁਖਾਵਾਂ ਮਾਹੌਲ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਗਤੀਵਿਧੀਆਂ ਵਿੱਚ ਲਗਾਉਣਾ ਅਤੇ ਇੱਕ ਸਿਹਤਮੰਦ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਹੈ।
ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਨੌਜਵਾਨਾਂ ਵਿੱਚ ਆਤਮ-ਵਿਸ਼ਵਾਸ, ਮਿਹਨਤ, ਅਨੁਸ਼ਾਸਨ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦਾ ਵੀ ਮਹੱਤਵਪੂਰਨ ਮਾਧਿਅਮ ਹਨ। ਇਸ ਲਈ ਪਿੰਡਾਂ ਵਿੱਚ ਖੇਡਾਂ ਲਈ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪਿੰਡ ਬਾਗੜੀਆਂ ਵਿਖੇ ਬਣਨ ਵਾਲਾ ਇਹ ਖੇਡ ਮੈਦਾਨ ਖੇਡ ਪ੍ਰੇਮੀਆਂ ਲਈ ਲਾਹੇਵੰਦ ਸਾਬਤ ਹੋਵੇਗਾ ਅਤੇ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰੇਗਾ। ਇਸ ਮੌਕੇ ਇਸ ਮੌਕੇ ਸਰਪੰਚ ਜਸਬੀਰ ਕੌਰ ਪੰਚ ਅਮਰਜੀਤ ਸਿੰਘ ਪੰਚ ਕਰਨੈਲ ਸਿੰਘ ਸਤਵਿੰਦਰ ਸਿੰਘ ਸਰਾਓ ਸੁਖੀ ਸਰਾਓ ਸੁਖਜਿੰਦਰ ਸਿੰਘ ਸਤਨਾਮ ਸਿੰਘ ਕੁਲਵਿੰਦਰ ਸਿੰਘ ਪਰਵਿੰਦਰ ਸਿੰਘ ਆਕਾਸ਼ਦੀਪ ਸਿੰਘ ਅਰਸ਼ਦੀਪ ਸਿੰਘ ਆਦਿ ਵੀ ਹਾਜ਼ਰ ਸਨ।