Homeਪੰਜਾਬਪਿੰਡ ਲੱਖੇਵਾਲ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਾਰਕ ਅਤੇ...

ਪਿੰਡ ਲੱਖੇਵਾਲ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਾਰਕ ਅਤੇ ਜਿੰਮ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ

₹25 Lakh Park and Gym Inaugurated in Lakhewal by MLA Narinder Kaur Bharaj

ਸੰਗਰੂਰ/ ਭਵਾਨੀਗੜ੍ਹ, 02 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਲੱਖੇਵਾਲ ਵਿਖੇ ਕੁੱਲ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਾਰਕ ਅਤੇ ਜਿੰਮ ਦਾ ਉਦਘਾਟਨ ਕਰਕੇ ਇਹ ਸਹੂਲਤਾਂ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀਆਂ। ਇਨ੍ਹਾਂ ਵਿੱਚ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਪਾਰਕ ਅਤੇ 5 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਜਿੰਮ ਸ਼ਾਮਲ ਹਨ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪਾਰਕਾਂ ਅਤੇ ਜਿੰਮਾਂ ਵਰਗੀਆਂ ਸਹੂਲਤਾਂ ਦਾ ਵਿਕਾਸ ਲੋਕਾਂ ਦੀ ਸਿਹਤ ਅਤੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਵੱਲ ਅਹਿਮ ਕਦਮ ਹੈ। ਵਿਧਾਇਕ ਨੇ ਕਿਹਾ ਕਿ ਪਾਰਕ ਬਣਨ ਨਾਲ ਬੱਚਿਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੂੰ ਸੈਰ ਕਰਨ ਅਤੇ ਵਿਹਲਾ ਸਮਾਂ ਸੁਖਾਵੇਂ ਮਾਹੌਲ ਵਿੱਚ ਬਿਤਾਉਣ ਲਈ ਸਾਂਝੀ ਥਾਂ ਮਿਲੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਜਨਤਕ ਥਾਵਾਂ ਜਿੱਥੇ ਪਿੰਡ ਦੀ ਦਿੱਖ ਨੂੰ ਸੰਵਾਰਦੀਆਂ ਹਨ, ਉੱਥੇ ਆਪਸੀ ਮੇਲ-ਜੋਲ ਅਤੇ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੀਆਂ ਹਨ। ਜਿੰਮ ਦੀ ਸਹੂਲਤ ਬਾਰੇ ਗੱਲ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਨੌਜਵਾਨਾਂ ਨੂੰ ਸਰੀਰਕ ਤੰਦਰੁਸਤੀ ਪ੍ਰਤੀ ਜਾਗਰੂਕ ਕਰਨਾ ਅਤੇ ਕਸਰਤ ਲਈ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।
ਪਿੰਡ ਵਿੱਚ ਹੀ ਜਿੰਮ ਦੀ ਸਹੂਲਤ ਮਿਲਣ ਨਾਲ ਨੌਜਵਾਨ ਨਿਯਮਤ ਕਸਰਤ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾ ਸਕਣਗੇ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੁੜ ਕੇ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਪਿੰਡਾਂ ਵਿੱਚ ਬਿਹਤਰ ਜਨਤਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਚਾਇਤਾਂ ਅਤੇ ਪਿੰਡ ਵਾਸੀਆਂ ਦਾ ਸਹਿਯੋਗ ਵੀ ਅਹਿਮ ਹੈ। ਉਨ੍ਹਾਂ ਦੁਹਰਾਇਆ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਨਿਰੰਤਰ ਜਾਰੀ ਰਹਿਣਗੇ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਕ ਅਤੇ ਜਿੰਮ ਨੂੰ ਆਪਣੀ ਸਾਂਝੀ ਸੰਪਤੀ ਸਮਝਦਿਆਂ ਇਨ੍ਹਾਂ ਦੀ ਸਫ਼ਾਈ, ਸੰਭਾਲ ਅਤੇ ਸੁਚੱਜੀ ਵਰਤੋਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਨ੍ਹਾਂ ਸਹੂਲਤਾਂ ਦਾ ਲਾਭ ਲੰਮੇ ਸਮੇਂ ਤੱਕ ਸਮੁੱਚੇ ਪਿੰਡ ਨੂੰ ਮਿਲ ਸਕਦਾ ਹੈ। ਸ ਮੌਕੇ ਸਰਪੰਚ ਸੁਖਵਿੰਦਰ ਸਿੰਘ, ਪੰਚ ਪਰਵਿੰਦਰ ਸਿੰਘ, ਕਾਲਾ ਸਿੰਘ, ਸਤਪਾਲ ਸੈਲੀ, ਜਗਪਾਲ ਕਾਲਾਝਾੜ, ਉਮਕਾਰ ਸਿੰਘ ਅਤੇ ਜਗਤਾਰ ਸਿੰਘ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine

Most Popular

Recent Comments