ਭਵਾਨੀਗੜ੍ਹ, 21 ਜੁਲਾਈ,2026 (ਪ੍ਰਭਜੋਤ ਸਿੰਘ): ਪਿੰਡ ਕਪਿਆਲ ਦੇ ਨੌਜਵਾਨਾਂ ਨੂੰ ਸਿਹਤ ਅਤੇ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਸਥਾਪਿਤ ਕੀਤੇ ਗਏ ਆਧੁਨਿਕ ‘ਮੁੱਖ ਮੰਤਰੀ ਜਿੰਮ’ ਦਾ ਉਦਘਾਟਨ ਹਲਕਾ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਵਿਧਾਇਕਾ ਦਾ ਸਵਾਗਤ ਕੀਤਾ ਗਿਆ।

ਉਦਘਾਟਨ ਮੌਕੇ ਸੰਬੋਧਨ ਕਰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸਹੂਲਤਾਂ ਨੌਜਵਾਨਾਂ ਨੂੰ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਸਹਾਇਕ ਸਾਬਤ ਹੋਣਗੀਆਂ।
ਉਨ੍ਹਾਂ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਵਿੱਚ ਬੇਅੰਤ ਸਮਰੱਥਾ ਹੈ ਅਤੇ ਉਨ੍ਹਾਂ ਨੂੰ ਸਹੀ ਮੌਕੇ ਤੇ ਸਹੂਲਤਾਂ ਮਿਲਣ ਨਾਲ ਉਹ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਉਪਲਬਧੀਆਂ ਹਾਸਲ ਕਰ ਸਕਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਕਪਿਆਲ ਪਿੰਡ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਭਵਿੱਖ ਵਿੱਚ ਹੋਰ ਵਿਕਾਸ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ।
ਵਿਧਾਇਕਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਪਿੰਡ ਵਿੱਚ ਖੇਡ ਮੈਦਾਨਾਂ ਅਤੇ ਜਿੰਮ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਨੌਜਵਾਨ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਵਰਤ ਸਕਣ।
ਇਸ ਮੌਕੇ ਪਿੰਡ ਦੇ ਸਰਪੰਚ ਹਰਪਾਲ ਸਿੰਘ ਨੇ ਪਿੰਡ ਵਾਸੀਆਂ ਵੱਲੋਂ ਵਿਧਾਇਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਮੁੱਖ ਮੰਤਰੀ ਜਿੰਮ’ ਦੀ ਸਹੂਲਤ ਮਿਲਣ ਨਾਲ ਨੌਜਵਾਨਾਂ ਵਿੱਚ ਉਤਸ਼ਾਹ ਵਧਿਆ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਪਿੰਡ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਸਰਗਰਮ ਰਹੇਗੀ।
ਸਮਾਗਮ ਦੌਰਾਨ ਸਰਪੰਚ ਹਰਪਾਲ ਸਿੰਘ, ਪੰਚਾਇਤ ਮੈਂਬਰਾਂ ਤੋਂ ਇਲਾਵਾ ਸੰਤਪਾਲ ਸਿੰਘ, ਅਵਤਾਰ ਸਿੰਘ, ਸੁੱਖਾ ਮਾਨ, ਗੁਰਪ੍ਰੀਤ ਸਿੰਘ ਫੱਗੂਵਾਲ ਅਤੇ ਹੋਰ ਪ੍ਰਮੁੱਖ ਵਿਅਕਤੀ ਹਾਜ਼ਰ ਰਹੇ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਪਿੰਡ ਵਾਸੀ ਵੀ ਮੌਜੂਦ ਸਨ।