Homeਪੰਜਾਬਪਿੰਡ ਮਾਝੀ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ...

ਪਿੰਡ ਮਾਝੀ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸ਼ੁਰੂਆਤ

MLA Narinder Kaur Bharaj inaugurates the construction of a new Health and Wellness Centre in Majhi village with an investment of ₹55 lakh.

ਭਵਾਨੀਗੜ੍ਹ, 18 ਅਗਸਤ, 2026 (ਹਰਸ਼ਪ੍ਰੀਤ ਕੌਰ) :  ਪਿੰਡਾਂ ਵਿੱਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਵਿਧਾਨ ਸਭਾ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਮਾਝੀ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ।  ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਸੁਖਾਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਿਹਤ ਸੇਵਾਵਾਂ ਦਾ ਢਾਂਚਾ ਮਜ਼ਬੂਤ ਹੋਣ ਨਾਲ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਆਪਣੇ ਘਰਾਂ ਦੇ ਨੇੜੇ ਹੀ ਉਪਲਬਧ ਹੋਣਗੀਆਂ ਅਤੇ ਉਨ੍ਹਾਂ ਨੂੰ ਛੋਟੀਆਂ-ਮੋਟੀਆਂ ਸਿਹਤ ਸਮੱਸਿਆਵਾਂ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ।
ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਪਿੰਡ ਪੱਧਰ ਤਕ ਮਜ਼ਬੂਤ ਕਰਨਾ ਸਰਕਾਰ ਦੀ ਲੋਕ-ਪੱਖੀ ਸੋਚ ਦਾ ਅਹਿਮ ਹਿੱਸਾ ਹੈ। ਹੈਲਥ ਐਂਡ ਵੈਲਨੈੱਸ ਸੈਂਟਰ ਰਾਹੀਂ ਇਲਾਕਾ ਵਾਸੀਆਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇ ਨਾਲ-ਨਾਲ ਸਿਹਤ ਸਬੰਧੀ ਜਾਗਰੂਕਤਾ, ਬਿਮਾਰੀਆਂ ਦੀ ਮੁੱਢਲੀ ਜਾਂਚ ਅਤੇ ਸਮੇਂ ਸਿਰ ਸਿਹਤ ਸਲਾਹ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਲੋੜੀਂਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੂੰ ਵੀ ਮਿਆਰੀ ਸਿਹਤ ਸਹੂਲਤਾਂ ਬਿਨਾਂ ਕਿਸੇ ਮੁਸ਼ਕਲ ਦੇ ਉਪਲਬਧ ਹੋਣ। ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਹਲਕਾ ਭਵਾਨੀਗੜ੍ਹ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਪ੍ਰੋਜੈਕਟ ਤਿਆਰ ਕਰਕੇ ਉਨ੍ਹਾਂ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ, ਤਾਂ ਜੋ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਨਿਰਮਾਣ ਏਜੰਸੀ ਨੂੰ ਹਦਾਇਤ ਕੀਤੀ ਕਿ ਸੈਂਟਰ ਦੇ ਨਿਰਮਾਣ ਕਾਰਜ ਵਿੱਚ ਗੁਣਵੱਤਾ ਦੇ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਕੰਮ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਵਿਧਾਇਕ ਨੇ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਿੰਡ ਮਾਝੀ ਵਿਖੇ ਬਣਨ ਵਾਲਾ ਇਹ ਸਿਹਤ ਕੇਂਦਰ ਪਿੰਡ ਵਾਸੀਆਂ ਲਈ ਲਾਹੇਵੰਦ ਸਾਬਤ ਹੋਵੇਗਾ ਅਤੇ ਇਸ ਨਾਲ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੂੰ ਵੀ ਸਿਹਤ ਸੇਵਾਵਾਂ ਦਾ ਲਾਭ ਮਿਲ ਸਕੇਗਾ। ਇਸ ਮੌਕੇ ਸਰਪੰਚ ਕਰਨੈਲ ਸਿੰਘ ਮਾਝੀ, ਲਖਵਿੰਦਰ ਸਿੰਘ ਫੱਗੂਵਾਲ, ਸਮੂਹ ਗ੍ਰਾਮ ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਨੇ ਇਸ ਪ੍ਰੋਜੈਕਟ ਦੀ ਸ਼ੁਰੂਆਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੈਲਥ ਐਂਡ ਵੈਲਨੈੱਸ ਸੈਂਟਰ ਦੇ ਬਣਨ ਨਾਲ ਪਿੰਡ ਵਿੱਚ ਸਿਹਤ ਸਹੂਲਤਾਂ ਹੋਰ ਸੁਖਾਲੀਆਂ ਅਤੇ ਮਜ਼ਬੂਤ ਹੋਣਗੀਆਂ।
RELATED ARTICLES
- Advertisment -
Google search engine
Google search engine
Google search engine

Most Popular

Recent Comments