Homeਪੰਜਾਬਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 2.39 ਕਰੋੜ ਰੁਪਏ ਦੀ ਲਾਗਤ ਨਾਲ ਬਣਨ...

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 2.39 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜਕਾਂ ਦੇ ਨੀਂਹ ਪੱਥਰ

MLA Narinder Kaur Bharaj lays foundation stone for two roads worth Rs. 2.39 crore.

ਭਵਾਨੀਗੜ੍ਹ, 28 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਹਲਕਾ ਸੰਗਰੂਰ ਦੇ ਪੇਂਡੂ ਖੇਤਰਾਂ ਵਿੱਚ ਸੜਕੀ ਸੰਪਰਕ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਪੁੱਟਦਿਆਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਕੁੱਲ 238.88 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਬਣਾਈਆਂ ਜਾਣ ਵਾਲੀਆਂ ਦੋ ਸੜਕਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ 214.99 ਲੱਖ ਰੁਪਏ ਦੀ ਲਾਗਤ ਨਾਲ ਬਿੰਬੜੀ ਤੋਂ ਥੂਹੀ–ਅੜਕਵਾਸ ਨਹਿਰ ਦੇ ਨਾਲ 4.50 ਕਿਲੋਮੀਟਰ ਲੰਬੀ ਨਵੀਂ ਸੜਕ ਬਣਾਈ ਜਾਵੇਗੀ। ਇਸੇ ਤਰ੍ਹਾਂ ਮਾਝੀ–ਫੂੰਮਣਵਾਲ ਰੋਡ ਤੋਂ ਡੇਰਾ ਬਾਬਾ ਗੁਜਰਾਂ ਵਾਲਾ ਤੱਕ 0.50 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ 23.89 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੁੱਲ ਪੰਜ ਕਿਲੋਮੀਟਰ ਲੰਬੀਆਂ ਇਨ੍ਹਾਂ ਦੋਵਾਂ ਸੜਕਾਂ ਦੇ ਨਿਰਮਾਣ ਨਾਲ ਬਿੰਬੜੀ, ਥੂਹੀ, ਅੜਕਵਾਸ, ਮਾਝੀ, ਫੂੰਮਣਵਾਲ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਬਿਹਤਰ, ਸੁਖਾਲੀ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲੇਗੀ। ਇਨ੍ਹਾਂ ਸੜਕਾਂ ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ, ਵਿਦਿਆਰਥੀਆਂ, ਕਿਸਾਨਾਂ ਅਤੇ ਖੇਤਾਂ ਵਿੱਚ ਵਸਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ’ਤੇ ਲਾਭ ਹੋਵੇਗਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਲਾਕਾ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਇਨ੍ਹਾਂ ਸੜਕਾਂ ਦੇ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲ ਦੇ ਆਧਾਰ ’ਤੇ ਪ੍ਰਵਾਨ ਕਰਦਿਆਂ ਲੋੜੀਂਦੇ ਫੰਡ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਹਲਕਾ ਸੰਗਰੂਰ ਵਿੱਚ ਸੜਕਾਂ, ਸਿੱਖਿਆ, ਸਿਹਤ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦਾ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਵਿਧਾਇਕ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੋਵਾਂ ਸੜਕਾਂ ਦਾ ਨਿਰਮਾਣ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਕੰਮ ਦੌਰਾਨ ਉੱਚ ਮਿਆਰੀ ਸਮੱਗਰੀ ਦੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੜਾਅਵਾਰ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਬਾਕੀ ਪਿੰਡਾਂ ਦੀਆਂ ਲੋੜੀਂਦੀਆਂ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੀ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਿਕਰਮ ਨਕਟੇ, ਮਾਝੀ ਦੀ ਸਰਪੰਚ ਜਸਵਿੰਦਰ ਕੌਰ, ਜੱਸਾ ਭੜੋ, ਰਣਦੀਪ ਡੇਹਲੇਵਾਲ, ਜਗਵਿੰਦਰ ਡੇਹਲੇਵਾਲ, ਸੁਖਮਨ ਬਾਲਦ, ਮਨਿੰਦਰ ਫੂੰਮਣਵਾਲ, ਸਰਪੰਚ ਨਕਟੇ ਅਤੇ ਲਖਵਿੰਦਰ ਸਿੰਘ ਤੋਂ ਇਲਾਵਾ ਸਬੰਧਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਨੁਮਾਇੰਦੇ, ਪਾਰਟੀ ਆਗੂ, ਵਲੰਟੀਅਰ ਅਤੇ ਇਲਾਕਾ ਵਾਸੀ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments