Homeਪੰਜਾਬਪੰਜਾਬ ਵਿੱਚ ਮਾਨਸੂਨ ਸਰਗਰਮ, 3 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ

ਪੰਜਾਬ ਵਿੱਚ ਮਾਨਸੂਨ ਸਰਗਰਮ, 3 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ

ਚੰਡੀਗੜ੍ਹ:11ਅਗਸਤ (ਛਤਰਪਾਲ ਸਿੰਘ):ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ।

ਚੰਡੀਗੜ੍ਹ ਵਿੱਚ ਅੱਜ ਆਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਸ਼ਹਿਰ ਦੇ ਇੱਕ-ਦੋ ਸਥਾਨਾਂ ’ਤੇ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਵਿੱਚ ਬਦਲਾਅ ਦਾ ਅਸਰ ਤਾਪਮਾਨ ’ਤੇ ਵੀ ਦੇਖਣ ਨੂੰ ਮਿਲਿਆ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ। ਗੁਰਦਾਸਪੁਰ 35.8 ਡਿਗਰੀ ਸੈਲਸੀਅਸ ਨਾਲ ਸੂਬੇ ਦਾ ਸਭ ਤੋਂ ਗਰਮ ਸਥਾਨ ਰਿਹਾ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 31.5 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਲਗਭਗ 2 ਡਿਗਰੀ ਘੱਟ ਹੈ।

ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਪਹਿਲਾਂ ਸੋਮਵਾਰ ਸਵੇਰੇ 8:30 ਵਜੇ ਤੋਂ ਸ਼ਾਮ 5:30 ਵਜੇ ਤੱਕ ਸੂਬੇ ਦੇ ਪੰਜ ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ। ਇਸ ਦੌਰਾਨ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 53 ਮਿਲੀਮੀਟਰ ਮੀਂਹ ਰਿਕਾਰਡ ਹੋਇਆ।

ਇਸ ਤੋਂ ਇਲਾਵਾ ਪਠਾਨਕੋਟ ਦੇ ਥੀਨ ਡੈਮ ਅਤੇ ਰੂਪਨਗਰ ਦੇ ਰੋਪੜ ਕੇਵੀਕੇ ਵਿੱਚ 0.5-0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਲੁਧਿਆਣਾ ਅਤੇ ਪਟਿਆਲਾ ਵਿੱਚ ਵੀ ਹਲਕੀ ਜਾਂ ਟਰੇਸ ਮਾਤਰਾ ਵਿੱਚ ਬਾਰਿਸ਼ ਦਰਜ ਹੋਈ। ਮੌਸਮ ਵਿਭਾਗ ਨੇ ਆਉਣ ਵਾਲੇ ਸਮੇਂ ਦੌਰਾਨ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਦੀ ਗਤੀਵਿਧੀ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments