ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ
ਫ਼ਤਹਿਗੜ੍ਹ ਸਾਹਿਬ, 04 ਅਕਤੂਬਰ: (ਗੁਰਮੀਤ ਸਿੰਘ ਤੁੰਗ) : ਪੰਜਾਬ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਕੋਟਲਾ ਬਜਵਾੜਾ ਵਿਖੇ ਰੂਪਨਗਰ ਰੇਂਜ ਦੇ ਡੀਆਈਜੀ ਸ੍ਰੀ ਨਾਨਕ ਸਿੰਘ ਦੀ ਅਗਵਾਈ ਹੇਠ ਕੋਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸ਼ੁਭਮ ਅਗਰਵਾਲ,ਐਸ.ਪੀ ਅਮਨਦੀਪ ਸਿੰਘ ਬਰਾੜ, ਡੀਐਸਪੀ ਫ਼ਤਹਿਗੜ੍ਹ ਸਾਹਿਬ ਸ੍ਰੀ ਕੁਲਬੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
ਡੀ.ਆਈ.ਜੀ ਨਾਨਕ ਸਿੰਘ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੀ ਹਦਾਇਤਾ ਅਨੁਸਾਰ ਨਸ਼ਿਆਂ ਖ਼ਿਲਾਫ਼ ਰੂਪਨਗਰ ਰੇਂਜ ਦੇ ਤਿੰਨੋਂ ਜ਼ਿਲ੍ਹਿਆਂ ਵਿੱਚ ਲਗਾਤਾਰ ਕੋਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਅੱਜ ਸਵੇਰ ਤੋਂ ਕੋਟਲਾ ਬਜਵਾੜਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵਿਆਪਕ ਪੱਧਰ ’ਤੇ ਸਰਚ ਅਤੇ ਚੈਕਿੰਗ ਮੁਹਿੰਮ ਚਲਾਈ ਗਈ, ਜੋ ਕਿ ਲਗਾਤਾਰ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਸਰਚ ਅਪ੍ਰੇਸ਼ਨ ਦੌਰਾਨ ਹੁਣ ਤੱਕ 40 ਤੋਂ ਵੱਧ ਸੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣ ਕੇ 18 ਤੋਂ ਵੱਧ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਹੋਰ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।
ਡੀ.ਆਈ.ਜੀ ਨਾਨਕ ਸਿੰਘ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ਿਆਂ ਦਾ ਕਾਰੋਬਾਰ ਤੁਰੰਤ ਛੱਡ ਦੇਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਡੀ.ਆਈ.ਜੀ ਨਾਨਕ ਸਿੰਘ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਤਸਕਰੀ ਜਾਂ ਵਿਕਰੀ ਸਬੰਧੀ ਕਿਸੇ ਵੀ ਜਾਣਕਾਰੀ ਬਾਰੇ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ ’ਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ
