ਮੁੰਬਈ, 19 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ): ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ਼ ’ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਘਟਨਾ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ। ਪੁਲਿਸ ਮੁਤਾਬਕ, ਇਸ ਮਾਮਲੇ ਵਿੱਚ ਭਾਰਤੀ ਨਿਆਏ ਸੰਹਿਤਾ (BNS) ਦੀਆਂ ਧਾਰਾਵਾਂ 109(1) ਅਤੇ 3(5), ਨਾਲ ਹੀ ਅਸਲਾ ਐਕਟ ਦੀਆਂ ਧਾਰਾਵਾਂ 3 ਅਤੇ 25 ਤਹਿਤ ਕੇਸ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਪੁਲਿਸ ਦੇ ਡਿਪਟੀ ਕਮਿਸ਼ਨਰ ਮੋਹਿਤ ਗਰਗ ਅਨੁਸਾਰ, ਐਤਵਾਰ ਸ਼ਾਮ ਕਰੀਬ 7 ਵਜੇ ਮੁੰਬਈ ਦੇ ਜੂਹੂ ਇਲਾਕੇ ਵਿੱਚ ਇੱਕ ਫੁੱਟਬਾਲ ਕਲੱਬ ਤੋਂ ਕਾਰ ਰਾਹੀਂ ਨਿਕਲਦੇ ਸਮੇਂ ਟਾਈਗਰ ਸ਼ਰਾਫ਼ ਦੀ ਗੱਡੀ ’ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾਈਆਂ। ਇਸ ਘਟਨਾ ਦੌਰਾਨ ਅਦਾਕਾਰ ਵਾਲ-ਵਾਲ ਬਚ ਗਏ, ਜਦਕਿ ਦੋ ਵਿਅਕਤੀ ਜ਼ਖ਼ਮੀ ਹੋਏ। ਜ਼ਖ਼ਮੀਆਂ ਵਿੱਚ ਟਾਈਗਰ ਦਾ ਡਰਾਈਵਰ ਵੀ ਸ਼ਾਮਲ ਹੈ, ਜਿਸ ਨੂੰ ਗੋਲੀਆਂ ਲੱਗਣ ਦੀ ਸੂਚਨਾ ਹੈ।
ਘਟਨਾ ਦੀ ਖ਼ਬਰ ਮਿਲਣ ਤੋਂ ਬਾਅਦ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਐਤਵਾਰ ਰਾਤ ਟਾਈਗਰ ਸ਼ਰਾਫ਼ ਦੇ ਘਰ ਪਹੁੰਚੇ। ਉਨ੍ਹਾਂ ਨੇ ਅਦਾਕਾਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਹਾਲ-ਚਾਲ ਪੁੱਛਿਆ ਅਤੇ ਸੁਰੱਖਿਆ ਸਬੰਧੀ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਮੌਕੇ ਟਾਈਗਰ ਦੀ ਮਾਤਾ ਆਇਸ਼ਾ ਸ਼ਰਾਫ਼ ਵੀ ਮੌਜੂਦ ਸਨ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਿੰਦੇ ਨੇ ਫਾਇਰਿੰਗ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਦੱਸਿਆ ਕਿ ਘਟਨਾ ਦੌਰਾਨ ਪੰਜ ਗੋਲੀਆਂ ਚਲਾਈਆਂ ਗਈਆਂ ਅਤੇ ਟਾਈਗਰ ਦੇ ਹੱਥ ’ਤੇ ਬਾਰੂਦ ਤੇ ਕੱਚ ਦੇ ਟੁਕੜਿਆਂ ਕਾਰਨ ਸੱਟਾਂ ਲੱਗੀਆਂ। ਉਨ੍ਹਾਂ ਕਿਹਾ ਕਿ ਜਨਤਕ ਹਸਤੀਆਂ ਨੂੰ ਧਮਕਾਉਣ ਜਾਂ ਡਰਾਉਣ ਦੀਆਂ ਕੋਸ਼ਿਸ਼ਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਸਰਕਾਰ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇਗੀ। ਸ਼ਿੰਦੇ ਨੇ ਕਿਹਾ ਕਿ ਮੁੰਬਈ ਪੁਲਿਸ ਅਜਿਹੀਆਂ ਗੈਂਗਵਾਰ ਅਤੇ ਡਰਾਉਣ-ਧਮਕਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਰਵਾਈ ਕਰੇਗੀ। ਫਿਲਹਾਲ ਪੁਲਿਸ ਮੁਲਜ਼ਮਾਂ ਦੀ ਪਛਾਣ, ਫਾਇਰਿੰਗ ਦੇ ਮਕਸਦ ਅਤੇ ਘਟਨਾ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।
