ਮੂਨਕ, 24 ਅਗਸਤ, 2026 (ਰਾਜੇਸ਼ ਕੁਮਾਰ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਤਹਿਤ ਜ਼ਿਲ੍ਹਾ ਸੰਗਰੂਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਡਾ. ਰਵਜੋਤ ਗਰੇਵਾਲ, ਐੱਸ.ਐੱਸ.ਪੀ. ਸੰਗਰੂਰ ਨੇ ਦੱਸਿਆ ਕਿ ਸਬ-ਡਵੀਜ਼ਨ ਮੂਨਕ ਪੁਲਿਸ ਵੱਲੋਂ ਮਿਤੀ 17.08.2026 ਤੋਂ 23.08.2026 ਤਕ ਚਲਾਈ ਗਈ ਵਿਸ਼ੇਸ਼ ਚੈਕਿੰਗ ਦੌਰਾਨ ਨਸ਼ਾ ਤਸਕਰਾਂ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਭਗੌੜੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਇਸ ਮੁਹਿੰਮ ਦੌਰਾਨ ਐਕਸਾਈਜ਼ ਐਕਟ ਅਧੀਨ 01 ਮੁਕੱਦਮਾ ਦਰਜ ਕਰਕੇ 01 ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੇ ਕਬਜ਼ੇ ‘ਚੋਂ 70 ਲੀਟਰ ਲਾਹਣ ਬਰਾਮਦ ਕੀਤੀ ਗਈ। NDPS ਐਕਟ ਤਹਿਤ 01 ਪਰਚਾ ਦਰਜ ਕਰਕੇ 01 ਮੁਲਜ਼ਮ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ, ਜਦਕਿ ਨਸ਼ੇ ਦੀ ਦਲਦਲ ਵਿੱਚ ਫਸੇ 04 ਹੋਰ ਵਿਅਕਤੀਆਂ ਨੂੰ ਮੁੜ-ਵਸੇਬਾ ਕੇਂਦਰ ਤੋਂ ਇਲਾਜ ਅਤੇ ਦਵਾਈ ਦੁਆਈ ਗਈ। ਇਸ ਤੋਂ ਇਲਾਵਾ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ 03 ਇਸ਼ਤਿਹਾਰੀ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਟ੍ਰੈਫਿਕ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਨੇ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ 84 ਚਲਾਨ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਜਾਂਚ ਦੌਰਾਨ 83 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ 03 ਵਿਅਕਤੀਆਂ ਵਿਰੁੱਧ ਹੋਰ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਐੱਸ.ਐੱਸ.ਪੀ. ਸੰਗਰੂਰ ਨੇ ਦੱਸਿਆ ਕਿ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਪੰਚਾਇਤਾਂ, ਸਪੋਰਟਸ ਕਲੱਬਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦਾ ਪੂਰਨ ਸਹਿਯੋਗ ਦੇਣ। ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਇਹ ਜੰਗ ਲਗਾਤਾਰ ਜਾਰੀ ਰਹੇਗੀ।
ਮੂਨਕ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਤਹਿਤ 17 ਤੋਂ 23 ਅਗਸਤ ਤਕ 2 ਕੇਸ ਦਰਜ
Munak Police take action against drug traffickers and criminal elements, registering two cases from August 17 to 23.
