Homeਪਟਿਆਲਾ ਅਪਡੇਟਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਗਰ ਨਿਗਮ ਦੀ ਵੱਡੀ ਪਹਿਲ:...

ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਗਰ ਨਿਗਮ ਦੀ ਵੱਡੀ ਪਹਿਲ: ਨਗਰ ਨਿਗਮ ‘ਚ ਲਗਾਏ ਗਏ ਵਿਸ਼ੇਸ਼ ਕੈਂਪ

 ਪਟਿਆਲਾ, 24 ਜੁਲਾਈ, 2026 (ਹਰਸ਼ਪ੍ਰੀਤ ਕੌਰ): ਸ਼ਹਿਰ ਵਾਸੀਆਂ ਨੂੰ ਨਗਰ ਨਿਗਮ ਦੀਆਂ ਵੱਖ-ਵੱਖ ਸੇਵਾਵਾਂ ਦਾ ਲਾਭ ਸਮੇਂ ਸਿਰ, ਸੁਖਾਲੇ ਤਰੀਕੇ ਨਾਲ ਅਤੇ ਬਿਨਾਂ ਕਿਸੇ ਖ਼ੱਜਲ-ਖ਼ੁਆਰੀ ਦੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪਟਿਆਲਾ ਦੇ ਨਗਰ ਨਿਗਮ ਵੱਲੋਂ ਇੱਕ ਬਹੁਤ ਹੀ ਅਹਿਮ ਪਹਿਲਕਦਮੀ ਕੀਤੀ ਗਈ ਹੈ। ਇਸੇ ਤਹਿਤ ਨਗਰ ਨਿਗਮ ਦਫ਼ਤਰ ਵਿਖੇ ਬਿਲਡਿੰਗ ਬ੍ਰਾਂਚ, ਵਾਟਰ ਸਪਲਾਈ ਅਤੇ ਸੀਵਰੇਜ ਬ੍ਰਾਂਚ ਨਾਲ ਸਬੰਧਿਤ ਵਿਸ਼ੇਸ਼ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਕੈਂਪਾਂ ਦੌਰਾਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਭਾਰੀ ਗਿਣਤੀ ਵਿੱਚ ਸ਼ਹਿਰ ਵਾਸੀ ਆਪਣੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਅਤੇ ਲੰਮੇ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਨੂੰ ਲੈ ਕੇ ਪਹੁੰਚੇ। ਕੈਂਪ ਵਿੱਚ ਮੌਜੂਦ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਗੰਭੀਰਤਾ ਨਾਲ ਸੁਣੀਆਂ ਅਤੇ ਯੋਗ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਕੇ ਨਾਗਰਿਕਾਂ ਨੂੰ ਵੱਡੀ ਰਾਹਤ ਦਿੱਤੀ।
ਇਸ ਮੌਕੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਟੀਚਾ ਆਮ ਜਨਤਾ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਬਿਨਾਂ ਕਿਸੇ ਦੇਰੀ ਦੇ ਤੇਜ਼ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਲੋਕਾਂ ਨੂੰ ਆਪਣੇ ਛੋਟੇ-ਛੋਟੇ ਕੰਮਾਂ ਲਈ ਵੀ ਨਿਗਮ ਦਫ਼ਤਰ ਦੇ ਵਾਰ-ਵਾਰ ਚੱਕਰ ਲਗਾਉਣੇ ਪੈਂਦੇ ਹਨ, ਜਿਸ ਨਾਲ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੋਵਾਂ ਦਾ ਨੁਕਸਾਨ ਹੁੰਦਾ ਹੈ। ਇਸੇ ਪਰੇਸ਼ਾਨੀ ਨੂੰ ਖ਼ਤਮ ਕਰਨ ਲਈ ਇਹ ਵਿਸ਼ੇਸ਼ ਕੈਂਪ ਲਗਾਏ ਗਏ ਹਨ, ਤਾਂ ਜੋ ਲੋਕਾਂ ਨੂੰ ਇੱਕੋ ਛੱਤ ਹੇਠ ਆਪਣੀਆਂ ਸਮੱਸਿਆਵਾਂ ਦਾ ਹੱਲ ਮਿਲ ਸਕੇ।
ਗੱਲਬਾਤ ਦੌਰਾਨ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਕੈਂਪ ਦੌਰਾਨ ਬਿਲਡਿੰਗ ਪਲਾਨ, ਐਨ.ਓ.ਸੀ, ਲੰਬਿਤ ਫਾਈਲਾਂ ਅਤੇ ਹੋਰ ਪ੍ਰਸ਼ਾਸਨਿਕ ਪ੍ਰਵਾਨਗੀਆਂ ਨਾਲ ਜੁੜੇ ਮੁੱਦਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਪੀਣ ਵਾਲੇ ਪਾਣੀ ਦੀ ਘੱਟ ਸਪਲਾਈ, ਸੀਵਰੇਜ ਜਾਮ ਹੋਣ, ਗੰਦੇ ਪਾਣੀ ਦੀ ਨਿਕਾਸੀ ਅਤੇ ਹੋਰ ਤਕਨੀਕੀ ਖ਼ਰਾਬੀਆਂ ਸਬੰਧੀ ਆਈਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਸੁਣਿਆ ਗਿਆ। ਮੌਕੇ ‘ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ।
ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਦਾ ਵਿਕਾਸ ਸਿਰਫ਼ ਨਵੇਂ ਪ੍ਰੋਜੈਕਟ ਸ਼ੁਰੂ ਕਰਨ ਨਾਲ ਹੀ ਨਹੀਂ, ਸਗੋਂ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਨਾਲ ਵੀ ਜੁੜਿਆ ਹੋਇਆ ਹੈ। ਉਨ੍ਹਾਂ ਨਿਗਮ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਕਿਸੇ ਵੀ ਨਾਗਰਿਕ ਨੂੰ ਬਿਨਾਂ ਵਜ੍ਹਾ ਦਫ਼ਤਰਾਂ ਦੇ ਚੱਕਰ ਨਾ ਕਟਵਾਏ ਜਾਣ ਅਤੇ ਹਰ ਸ਼ਿਕਾਇਤ ਦਾ ਨਿਪਟਾਰਾ ਨਿਰਧਾਰਿਤ ਸਮੇਂ ਅੰਦਰ ਕੀਤਾ ਜਾਵੇ। ਉਨ੍ਹਾਂ ਤਾੜਨਾ ਕੀਤੀ ਕਿ ਕੰਮ ਵਿੱਚ ਲਾਪਰਵਾਹੀ ਜਾਂ ਬੇਲੋੜੀ ਦੇਰੀ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੇਅਰ ਨੇ ਵਿਸ਼ਵਾਸ ਦਿਵਾਇਆ ਕਿ ਨਗਰ ਨਿਗਮ ਲੋਕਾਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨ ਲਈ ਵਚਨਬੱਧ ਹੈ ਅਤੇ ਆਉਂਦੇ ਦਿਨਾਂ ਵਿੱਚ ਵੀ ਅਜਿਹੇ ਵਿਸ਼ੇਸ਼ ਕੈਂਪ ਲਗਾਤਾਰ ਲਗਾਏ ਜਾਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਬਿਨਾਂ ਕਿਸੇ ਝਿਜਕ ਦੇ ਸਿੱਧੇ ਨਗਰ ਨਿਗਮ ਦੇ ਧਿਆਨ ਵਿੱਚ ਲਿਆਉਣ, ਤਾਂ ਜੋ ਉਨ੍ਹਾਂ ਦਾ ਜਲਦੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ। ਕੈਂਪ ਵਿੱਚ ਪਹੁੰਚੇ ਲੋਕਾਂ ਨੇ ਵੀ ਨਿਗਮ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ, ਕਿਉਂਕਿ ਇੱਕੋ ਦਿਨ ਵਿੱਚ ਵੱਖ-ਵੱਖ ਬ੍ਰਾਂਚਾਂ ਦੇ ਅਧਿਕਾਰੀਆਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੇ ਕੰਮਾਂ ਦਾ ਮੌਕੇ ‘ਤੇ ਹੀ ਨਿਪਟਾਰਾ ਹੋ ਗਿਆ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments