ਭਵਾਨੀਗੜ੍ਹ, 30 ਅਗਸਤ, 2026 (ਛਤਰਪਾਲ ਸਿੰਘ) : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਭਵਾਨੀਗੜ੍ਹ ਸ਼ਹਿਰ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਚਲਾਈ ਗਈ। ਇਸ ਮੌਕੇ ਵਿਧਾਇਕ ਨੇ ਖੁਦ ਸਫ਼ਾਈ ਅਭਿਆਨ ਵਿੱਚ ਸ਼ਮੂਲੀਅਤ ਕਰਦਿਆਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸਫ਼ਾਈ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਸਹਿਯੋਗ ਦਾ ਭਰੋਸਾ ਵੀ ਦਿੱਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਭਵਾਨੀਗੜ੍ਹ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਕੂੜੇ ਦੇ ਆਰਜ਼ੀ ਡੰਪ ਬਣ ਗਏ ਸਨ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੁੱਖ ਡੰਪਾਂ ਦੀ ਸਫ਼ਾਈ ਪਹਿਲਾਂ ਹੀ ਕਰਵਾਈ ਜਾ ਚੁੱਕੀ ਹੈ, ਪਰ ਹੁਣ ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਦੇ ਹਰ ਕੋਨੇ, ਗਲੀ, ਸੜਕ ਅਤੇ ਜਨਤਕ ਸਥਾਨ ਨੂੰ ਕੂੜੇ ਦੇ ਢੇਰਾਂ ਤੋਂ ਪੂਰੀ ਤਰ੍ਹਾਂ ਮੁਕਤ ਕਰਨਾ ਹੈ। ਇਸ ਵਿਸ਼ੇਸ਼ ਸਫ਼ਾਈ ਮੁਹਿੰਮ ਨੂੰ ਅਗਲੇ 10 ਦਿਨਾਂ ਤਕ ਲਗਾਤਾਰ ਚਲਾਇਆ ਜਾਵੇਗਾ, ਤਾਂ ਜੋ ਭਵਾਨੀਗੜ੍ਹ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਮੁੜ ਸੁਚਾਰੂ ਬਣਾਇਆ ਜਾ ਸਕੇ ਅਤੇ ਕੂੜੇ ਦੇ ਆਰਜ਼ੀ ਡੰਪਾਂ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਰਫ਼ ਮੁੱਖ ਸੜਕਾਂ ਜਾਂ ਪ੍ਰਮੁੱਖ ਥਾਵਾਂ ਦੀ ਸਫ਼ਾਈ ਤਕ ਹੀ ਮੁਹਿੰਮ ਨੂੰ ਸੀਮਤ ਨਹੀਂ ਰੱਖਿਆ ਜਾਵੇਗਾ, ਸਗੋਂ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਅਤੇ ਛੋਟੀਆਂ ਗਲੀਆਂ ਤੱਕ ਵੀ ਸਫ਼ਾਈ ਟੀਮਾਂ ਪਹੁੰਚ ਕਰਨਗੀਆਂ। ਵਿਧਾਇਕ ਨੇ ਦੱਸਿਆ ਕਿ ਸਫ਼ਾਈ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਨਤੀਜਾਮੁਖੀ ਬਣਾਉਣ ਲਈ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀ ਜ਼ਿੰਮੇਵਾਰੀ ਵੱਖ-ਵੱਖ ਆਗੂਆਂ ਅਤੇ ਕੌਂਸਲਰਾਂ ਨੂੰ ਸੌਂਪੀ ਗਈ ਹੈ।
ਹਰੇਕ ਜ਼ਿੰਮੇਵਾਰ ਵਿਅਕਤੀ ਨੂੰ ਲਗਭਗ ਚਾਰ-ਚਾਰ ਵਾਰਡਾਂ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਪ੍ਰਬੰਧ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਕੂੜੇ ਦਾ ਢੇਰ ਜਾਂ ਗੰਦਗੀ ਵਾਲੀ ਥਾਂ ਸਫ਼ਾਈ ਤੋਂ ਵਾਂਝੀ ਨਾ ਰਹੇ। ਵਿਧਾਇਕ ਭਰਾਜ ਨੇ ਦੱਸਿਆ ਕਿ ਮੁਹਿੰਮ ਨੂੰ ਤਕਨੀਕ ਨਾਲ ਜੋੜਦਿਆਂ ਇੱਕ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ। ਇਸ ਪੋਰਟਲ ਰਾਹੀਂ ਵਾਰਡਾਂ ਵਿੱਚ ਤਾਇਨਾਤ ਟੀਮਾਂ ਵੱਲੋਂ ਕੂੜੇ ਵਾਲੀ ਥਾਂ ਦੀ ਲੋਕੇਸ਼ਨ ਸਮੇਤ ਤਸਵੀਰ ਅੱਪਲੋਡ ਕੀਤੀ ਜਾਵੇਗੀ। ਇਸ ਤੋਂ ਬਾਅਦ ਸਬੰਧਤ ਸਥਾਨ ’ਤੇ ਤੁਰੰਤ ਸਫ਼ਾਈ ਕਰਵਾਉਣ ਲਈ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨਾਲ ਸਫ਼ਾਈ ਕਾਰਜਾਂ ਦੀ ਨਿਗਰਾਨੀ ਵਧੇਰੇ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣੇਗੀ ਅਤੇ ਇਹ ਵੀ ਪਤਾ ਲੱਗ ਸਕੇਗਾ ਕਿ ਕਿਹੜੇ ਸਥਾਨ ’ਤੇ ਸਫ਼ਾਈ ਦੀ ਲੋੜ ਹੈ ਅਤੇ ਕਿਹੜੇ ਸਥਾਨ ਦੀ ਸਫ਼ਾਈ ਕਰਵਾਈ ਜਾ ਚੁੱਕੀ ਹੈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਿਰਫ਼ ਪ੍ਰਸ਼ਾਸਨ ਜਾਂ ਨਗਰ ਕੌਂਸਲ ਦੀ ਹੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦਾ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ ਅਤੇ ਜਨਤਕ ਥਾਵਾਂ ’ਤੇ ਕੂੜਾ ਨਾ ਖਿਲਾਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਨਾਗਰਿਕ ਦੇ ਧਿਆਨ ਵਿੱਚ ਕੂੜੇ ਦਾ ਢੇਰ ਜਾਂ ਗੰਦਗੀ ਵਾਲੀ ਕੋਈ ਥਾਂ ਆਉਂਦੀ ਹੈ ਤਾਂ ਉਹ ਤੁਰੰਤ ਨਗਰ ਕੌਂਸਲ ਦੇ ਪ੍ਰਧਾਨ, ਈ.ਓ. ਜਾਂ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ, ਤਾਂ ਜੋ ਸਬੰਧਤ ਥਾਂ ’ਤੇ ਤੁਰੰਤ ਸਫ਼ਾਈ ਕਰਵਾਈ ਜਾ ਸਕੇ।
ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦਾ ਉਦੇਸ਼ ਸਿਰਫ਼ ਕੂੜਾ ਚੁੱਕਣਾ ਨਹੀਂ, ਬਲਕਿ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸ਼ਹਿਰ ਵਿੱਚ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ, ਨਗਰ ਕੌਂਸਲ, ਸਫ਼ਾਈ ਕਰਮਚਾਰੀ ਅਤੇ ਸ਼ਹਿਰ ਵਾਸੀ ਮਿਲ ਕੇ ਕੰਮ ਕਰਨ ਤਾਂ ਭਵਾਨੀਗੜ੍ਹ ਨੂੰ ਸਾਫ਼, ਸੁੰਦਰ ਅਤੇ ਸੁਚੱਜਾ ਸ਼ਹਿਰ ਬਣਾਉਣ ਦਾ ਟੀਚਾ ਜ਼ਰੂਰ ਹਾਸਲ ਕੀਤਾ ਜਾ ਸਕਦਾ ਹੈ। ਵਿਧਾਇਕਾ ਭਰਾਜ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ, ਨਗਰ ਕੌਂਸਲ ਅਤੇ ਸਬੰਧਤ ਟੀਮਾਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀਆਂ ਹਨ ਅਤੇ ਅਗਲੇ 10 ਦਿਨਾਂ ਦੌਰਾਨ ਮੁਹਿੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ। ਇਸ ਮੌਕੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ, ਕਾਰਜ ਸਾਧਕ ਅਫ਼ਸਰ (ਈ.ਓ.), ਕੌਂਸਲਰ, ਪਾਰਟੀ ਵਰਕਰ, ਸਫ਼ਾਈ ਕਰਮਚਾਰੀ ਅਤੇ ਸ਼ਹਿਰ ਵਾਸੀ ਮੌਜੂਦ ਸਨ।