ਮੁੱਖ ਮੰਤਰੀ ਨੇ ਆਰਟੀਕਲ 370 ਹਟਾਉਣ ਨੂੰ ਡਾ. ਮੁਖਰਜੀ ਦੇ ਸੁਪਨੇ ਦੀ ਪੂਰਤੀ ਦੱਸਿਆ, ਪੰਜਾਬ ਦੀ ਮੌਜੂਦਾ ਸਥਿਤੀ ‘ਤੇ ਵੀ ਚੁੱਕੇ ਸਵਾਲ
ਪਠਾਨਕੋਟ, 6 ਜੁਲਾਈ: (ਸੰਜੀਵ ਸ਼ਰਮਾ) : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਠਾਨਕੋਟ ਵਿੱਚ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਯੰਤੀ ਮੌਕੇ ਆਯੋਜਿਤ ਸਮਾਗਮ ਵਿੱਚ ਹਿੱਸਾ ਲੈਂਦਿਆਂ ਉਨ੍ਹਾਂ ਦੇ ਜੀਵਨ, ਵਿਚਾਰਾਂ ਅਤੇ ਦੇਸ਼ ਦੀ ਏਕਤਾ ਲਈ ਦਿੱਤੇ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਮੁਖਰਜੀ ਨੇ ਭਾਰਤ ਦੀ ਅਖੰਡਤਾ ਲਈ ਆਪਣਾ ਸਰਵਉੱਚ ਬਲੀਦਾਨ ਦਿੱਤਾ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਜੰਮੂ-ਕਸ਼ਮੀਰ ਤੋਂ ਆਰਟੀਕਲ 370 ਹਟਾ ਕੇ ਸਾਕਾਰ ਕੀਤਾ ਗਿਆ।

ਸੈਣੀ ਨੇ ਕਿਹਾ ਕਿ ਡਾ. ਮੁਖਰਜੀ ਸਿਰਫ਼ ਇੱਕ ਰਾਜਨੇਤਾ ਹੀ ਨਹੀਂ ਸਨ, ਸਗੋਂ ਦੂਰਅੰਦੇਸ਼ੀ ਵਿਚਾਰਕ, ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਰਾਸ਼ਟਰਵਾਦੀ ਆਗੂ ਵੀ ਸਨ। ਉਨ੍ਹਾਂ ਕਿਹਾ ਕਿ ਕਲਕੱਤਾ ਯੂਨੀਵਰਸਿਟੀ ਦੇ ਸਭ ਤੋਂ ਨੌਜਵਾਨ ਵਾਈਸ-ਚਾਂਸਲਰ ਬਣਨ ਤੋਂ ਲੈ ਕੇ ਆਜ਼ਾਦ ਭਾਰਤ ਦੇ ਪਹਿਲੇ ਉਦਯੋਗ ਮੰਤਰੀ ਵਜੋਂ ਸੇਵਾ ਕਰਨ ਤੱਕ ਉਨ੍ਹਾਂ ਦਾ ਜੀਵਨ ਦੇਸ਼ ਸੇਵਾ ਨੂੰ ਸਮਰਪਿਤ ਰਿਹਾ।
ਮੁੱਖ ਮੰਤਰੀ ਨੇ ਕਿਹਾ ਕਿ “ਇੱਕ ਦੇਸ਼ ਵਿੱਚ ਦੋ ਵਿਧਾਨ, ਦੋ ਪ੍ਰਧਾਨ ਅਤੇ ਦੋ ਨਿਸ਼ਾਨ ਨਹੀਂ ਚੱਲਣਗੇ” ਦਾ ਨਾਅਰਾ ਸਿਰਫ਼ ਰਾਜਨੀਤਿਕ ਨਹੀਂ, ਸਗੋਂ ਰਾਸ਼ਟਰੀ ਏਕਤਾ ਦਾ ਪ੍ਰਤੀਕ ਸੀ। ਉਨ੍ਹਾਂ ਕਿਹਾ ਕਿ 5 ਅਗਸਤ 2019 ਨੂੰ ਆਰਟੀਕਲ 370 ਹਟਣ ਨਾਲ ਡਾ. ਮੁਖਰਜੀ ਦਾ ਵਿਜ਼ਨ ਪੂਰਾ ਹੋਇਆ ਅਤੇ ਅੱਜ ਪੂਰੇ ਦੇਸ਼ ਵਿੱਚ ਇੱਕ ਸੰਵਿਧਾਨ ਅਤੇ ਇੱਕ ਤਿਰੰਗਾ ਸ਼ਾਨ ਨਾਲ ਲਹਿਰਾ ਰਿਹਾ ਹੈ।
ਆਪਣੇ ਸੰਬੋਧਨ ਦੌਰਾਨ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਵਿੱਚ ਹੋਏ ਵਿਕਾਸ ਕਾਰਜਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ 11 ਸਾਲਾਂ ਵਿੱਚ ਗਰੀਬਾਂ ਲਈ ਪੱਕੇ ਘਰ, ਆਯੁਸ਼ਮਾਨ ਭਾਰਤ, ਡਿਜੀਟਲ ਇੰਡੀਆ, ਸਕਿੱਲ ਇੰਡੀਆ ਅਤੇ ਮੇਕ ਇਨ ਇੰਡੀਆ ਵਰਗੀਆਂ ਯੋਜਨਾਵਾਂ ਨੇ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ ਵੀ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਹਰਿਆਣਾ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਸੂਬੇ ਵਿੱਚ ਬਿਨਾਂ ਪਰਚੀ-ਖਰਚੀ ਦੇ ਲੱਖਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, 24 ਫਸਲਾਂ ਦੀ ਐਮਐਸਪੀ ‘ਤੇ ਖਰੀਦ ਕੀਤੀ ਜਾ ਰਹੀ ਹੈ ਅਤੇ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਸਮੇਤ ਕਈ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ।
ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਸਥਿਤੀ ‘ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਨੌਜਵਾਨਾਂ, ਕਿਸਾਨਾਂ ਅਤੇ ਮਹਿਲਾਵਾਂ ਨਾਲ ਕੀਤੇ ਕਈ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਦਿੱਲੀ ਦੀ ਰਾਜਨੀਤੀ ਨਹੀਂ, ਸਗੋਂ ਪੰਜਾਬ ਦੇ ਲੋਕ ਖੁਦ ਤੈਅ ਕਰਨਗੇ ਅਤੇ ਭਾਜਪਾ ਸੂਬੇ ਦੇ ਲੋਕਾਂ ਤੋਂ ਸੇਵਾ ਦਾ ਮੌਕਾ ਮੰਗ ਰਹੀ ਹੈ।
ਸਮਾਗਮ ਵਿੱਚ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਬੱਬੂ, ਸਾਬਕਾ ਵਿਧਾਇਕ ਸੀਮਾ ਕੁਮਾਰੀ ਸਮੇਤ ਭਾਜਪਾ ਦੇ ਕਈ ਆਗੂ ਅਤੇ ਵਰਕਰ ਵੀ ਮੌਜੂਦ ਸਨ।