Home ਪਟਿਆਲਾ ਅਪਡੇਟ ਸ਼ਹੀਦ ਦਿਵਸ ਸਮਾਗਮ ‘ਚ ਨਾਇਬ ਸਿੰਘ ਸੈਣੀ ਨੇ ਮਹਾਨ ਸ਼ਹੀਦਾਂ ਨੂੰ ਕੀਤੀ...

ਸ਼ਹੀਦ ਦਿਵਸ ਸਮਾਗਮ ‘ਚ ਨਾਇਬ ਸਿੰਘ ਸੈਣੀ ਨੇ ਮਹਾਨ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ

0
ਨਾਇਬ ਸਿੰਘ ਸੈਣੀ ਨੇ ਨੌਕਰੀਆਂ ਅਤੇ ਭਰਤੀ ਪ੍ਰਕਿਰਿਆ ‘ਤੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

ਪਟਿਆਲਾ: (ਬਲਜੀਤ ਸਰਨਾ) : ਸ਼ਹੀਦ ਦਿਵਸ ਮੌਕੇ ਆਯੋਜਿਤ ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਵੀ ਤਿੱਖਾ ਸਿਆਸੀ ਹਮਲਾ ਬੋਲਦਿਆਂ ਰੁਜ਼ਗਾਰ, ਭਰਤੀ ਪ੍ਰਕਿਰਿਆ ਅਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ।

ਸਮਾਗਮ ਨੂੰ ਸੰਬੋਧਨ ਕਰਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ਼ਹੀਦਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਬਣਾਉਣ ਲਈ ਸਰਵੋੱਚ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਇਨਕਲਾਬੀਆਂ ਨੂੰ ਸ਼ਰਧਾਂਜਲੀ ਭੇਟ ਕਰਨਾ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਸਮਾਗਮ ਦੇ ਪ੍ਰਬੰਧਕਾਂ ਦਾ ਵੀ ਧੰਨਵਾਦ ਕੀਤਾ।

ਇਸ ਮੌਕੇ ਮੁੱਖ ਮੰਤਰੀ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਨੌਕਰੀਆਂ ਅਤੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਦੇ ਵਾਅਦੇ ਕੀਤੇ ਗਏ ਸਨ, ਪਰ ਹੁਣ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਹੁਣ ਤੱਕ ਕਿੰਨੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪਾਰਦਰਸ਼ੀ ਅਤੇ ਯੋਗਤਾ-ਅਧਾਰਿਤ ਭਰਤੀ ਪ੍ਰਕਿਰਿਆ ਰਾਹੀਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਭਰਤੀ ਮੈਰਿਟ ਦੇ ਆਧਾਰ ‘ਤੇ ਹੁੰਦੀ ਹੈ, ਜਦਕਿ ਪੰਜਾਬ ਵਿੱਚ ਭਰਤੀ ਪ੍ਰਕਿਰਿਆ ਨੂੰ ਲੈ ਕੇ ਲਗਾਤਾਰ ਵਿਵਾਦ ਸਾਹਮਣੇ ਆ ਰਹੇ ਹਨ।

ਨਾਇਬ ਸਿੰਘ ਸੈਣੀ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਆਬਕਾਰੀ ਇੰਸਪੈਕਟਰਾਂ ਦੀ ਭਰਤੀ ਦੌਰਾਨ ਗੰਭੀਰ ਬੇਨਿਯਮੀਆਂ ਦੇ ਦੋਸ਼ ਲੱਗੇ ਹਨ। ਉਨ੍ਹਾਂ ਕਿਹਾ ਕਿ ਇੱਕੋ ਸਮੇਂ ਦੋ ਪ੍ਰੀਖਿਆ ਕੇਂਦਰਾਂ ਵਿੱਚ ਹਾਜ਼ਰੀ ਅਤੇ ਚੋਣ ਨਾਲ ਜੁੜੇ ਦਾਅਵਿਆਂ ਨੇ ਨੌਜਵਾਨਾਂ ਦੇ ਭਰੋਸੇ ਨੂੰ ਝਟਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਹੁਣ ਸਰਕਾਰ ਤੋਂ ਆਪਣੇ ਵਾਅਦਿਆਂ ਦਾ ਹਿਸਾਬ ਮੰਗ ਰਹੇ ਹਨ।

ਆਪਣੇ ਸੰਬੋਧਨ ਦੇ ਅੰਤ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਵੱਡਾ ਅੰਤਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਸਿਰਫ਼ ਦਾਅਵੇ ਕੀਤੇ ਗਏ ਹਨ ਅਤੇ ਹੁਣ ਸੂਬੇ ਦੇ ਨੌਜਵਾਨ ਜਵਾਬ ਚਾਹੁੰਦੇ ਹਨ।

Exit mobile version