Home ਸੰਸਾਰ ਨਿਊਜ਼ੀਲੈਂਡ ਵਿੱਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ...

ਨਿਊਜ਼ੀਲੈਂਡ ਵਿੱਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਦੀ ਤਿਆਰੀ

Prime Minister Christopher Luxon backs a proposed law to restrict social media access for under-16s.

0

ਵੈਲਿੰਗਟਨ, 24 ਅਗਸਤ 2026 (ਦੀਪਕ ਦੱਤਾ) : ਨਿਊਜ਼ੀਲੈਂਡ ਸਰਕਾਰ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ਇਸਤੇਮਾਲ ’ਤੇ ਪਾਬੰਦੀ ਲਗਾਉਣ ਲਈ ਸੰਸਦ ਵਿੱਚ ਨਵਾਂ ਬਿੱਲ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਕਿਹਾ ਕਿ ਬੱਚਿਆਂ ਨੂੰ ਸੋਸ਼ਲ ਮੀਡੀਆ ਦੇ ਨੁਕਸਾਨਦੇਹ ਪ੍ਰਭਾਵਾਂ ਤੋਂ ਬਚਾਉਣਾ ਜ਼ਰੂਰੀ ਹੈ। ਪ੍ਰਸਤਾਵਿਤ ਕਾਨੂੰਨ ਤਹਿਤ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਯੂਜ਼ਰ ਦੀ ਉਮਰ ਦੀ ਪੁਸ਼ਟੀ ਕਰਨ ਲਈ ਉਚਿਤ ਕਦਮ ਚੁੱਕਣੇ ਪੈਣਗੇ। ਇਸ ਲਈ ਮੌਜੂਦਾ ਅਕਾਊਂਟ ਜਾਣਕਾਰੀ, ਚਿਹਰਾ ਪਛਾਣ ਤਕਨਾਲੋਜੀ ਅਤੇ ਡਿਜ਼ੀਟਲ ਪਛਾਣ ਦਸਤਾਵੇਜ਼ਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਪਲੇਟਫਾਰਮਾਂ ’ਤੇ ਉਨ੍ਹਾਂ ਦੀ ਵਿਸ਼ਵ ਪੱਧਰੀ ਆਮਦਨ ਦੇ 10 ਫੀਸਦੀ ਤੱਕ ਜੁਰਮਾਨੇ ਦੀ ਤਜਵੀਜ਼ ਹੈ।

ਲਕਸਨ ਨੇ ਕਿਹਾ ਕਿ ਸੋਸ਼ਲ ਮੀਡੀਆ ਬੱਚਿਆਂ ਨੂੰ ਨੁਕਸਾਨਦੇਹ ਸਮੱਗਰੀ, ਲਤ ਲਗਾਉਣ ਵਾਲੀ ਤਕਨਾਲੋਜੀ ਅਤੇ ਅਜਿਹੇ ਦਬਾਅ ਦਾ ਸਾਹਮਣਾ ਕਰਵਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਪਰਿਵਾਰਕ ਜ਼ਿੰਦਗੀ, ਮਾਨਸਿਕ ਸਿਹਤ, ਨੀਂਦ ਅਤੇ ਸਿੱਖਿਆ ਪ੍ਰਭਾਵਿਤ ਹੋ ਰਹੀ ਹੈ। ਹਾਲਾਂਕਿ ਬਿੱਲ ਨੂੰ ਸੰਸਦ ਵਿੱਚ ਲੋੜੀਂਦਾ ਸਮਰਥਨ ਮਿਲੇਗਾ ਜਾਂ ਨਹੀਂ, ਇਸ ’ਤੇ ਸਵਾਲ ਬਣਿਆ ਹੋਇਆ ਹੈ। ਸਰਕਾਰ ਦੀ ਗਠਜੋੜ ਭਾਈਵਾਲ ਨਿਊਜ਼ੀਲੈਂਡ ਫਰਸਟ ਨੇ ਪ੍ਰਸਤਾਵ ਦਾ ਵਿਰੋਧ ਕਰਨ ਦਾ ਸੰਕੇਤ ਦਿੱਤਾ ਹੈ। ਪਾਰਟੀ ਆਗੂ ਵਿਨਸਟਨ ਪੀਟਰਸ ਨੇ ਕਿਹਾ ਕਿ ਅਜਿਹਾ ਕਾਨੂੰਨ ਦੇਸ਼ ਨੂੰ ਇੱਕ ਗਲਤ ਦਿਸ਼ਾ ਵੱਲ ਲੈ ਜਾ ਸਕਦਾ ਹੈ ਅਤੇ ਬੱਚਿਆਂ ਨੂੰ ਸੋਸ਼ਲ ਮੀਡੀਆ ਤੋਂ ਦੂਰ ਰੱਖਣ ਦੀ ਜ਼ਿੰਮੇਵਾਰੀ ਮਾਪਿਆਂ ਦੀ ਹੋਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਦਸੰਬਰ ਵਿੱਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਲਗਾਉਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣਿਆ ਸੀ। ਹੁਣ ਨਿਊਜ਼ੀਲੈਂਡ ਵੀ ਇਸੇ ਤਰ੍ਹਾਂ ਦੇ ਕਦਮ ’ਤੇ ਵਿਚਾਰ ਕਰ ਰਿਹਾ ਹੈ।

 

Exit mobile version