ਸ਼ਾਨਦਾਰ ਸਕੂਲਾਂ, ਆਧੁਨਿਕ ਹਸਪਤਾਲਾਂ, ਮੁਫ਼ਤ ਬਿਜਲੀ ਅਤੇ ਸਰਕਾਰੀ ਨੌਕਰੀਆਂ ਦੇ ਕੰਮਾਂ ਨੇ ਵਿਰੋਧੀਆਂ ਦੀ ਨੀਂਦ ਉਡਾਈ: ਮੁੱਖ ਮੰਤਰੀ
ਚੰਡੀਗੜ੍ਹ, 04 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਵਿਰੋਧੀ ਧਿਰਾਂ ਭਾਵੇਂ ਜਿੰਨੀਆਂ ਮਰਜ਼ੀ ਸਾਜ਼ਿਸ਼ਾਂ ਘੜ ਲੈਣ, ਪਰ ਜਦੋਂ ਤੱਕ ਪੰਜਾਬ ਦੇ ਲੋਕਾਂ ਦਾ ਸਾਥ ਉਨ੍ਹਾਂ ਨਾਲ ਹੈ, ਉਹ ਲੋਕ ਸੇਵਾ ਦਾ ਆਪਣਾ ਫ਼ਰਜ਼ ਨਿਭਾਉਂਦੇ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮ ਵਿਰੋਧੀਆਂ ਨੂੰ ਪਰੇਸ਼ਾਨ ਕਰ ਰਹੇ ਹਨ। ਉਨ੍ਹਾਂ ਅਨੁਸਾਰ ਪੰਜਾਬ ਵਿੱਚ ਸ਼ਾਨਦਾਰ ਸਕੂਲਾਂ ਦੀ ਸਥਾਪਨਾ, ਆਧੁਨਿਕ ਹਸਪਤਾਲਾਂ ਦੀ ਸਹੂਲਤ, ਲੋਕਾਂ ਨੂੰ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਕੀਤੇ ਗਏ ਯਤਨ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੀਆਂ ਅਸੀਸਾਂ ਅਤੇ ਸਮਰਥਨ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਅਤੇ ਪੰਜਾਬ ਦੀ ਤਰੱਕੀ ਲਈ ਕੰਮ ਕਰਨਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਉਦੇਸ਼ ਹੈ।ਮੁੱਖ ਮੰਤਰੀ ਦੇ ਇਸ ਬਿਆਨ ਨੂੰ ਪੰਜਾਬ ਦੀ ਮੌਜੂਦਾ ਸਿਆਸੀ ਸਰਗਰਮੀ ਦਰਮਿਆਨ ਵਿਰੋਧੀ ਪਾਰਟੀਆਂ ਨੂੰ ਦਿੱਤੇ ਗਏ ਸਿਆਸੀ ਜਵਾਬ ਵਜੋਂ ਦੇਖਿਆ ਜਾ ਰਿਹਾ ਹੈ।






