ਕੁਰੂਕਸ਼ੇਤਰ, 30 ਅਕਤੂਬਰ, 2026 (ਸੰਜੀਵ ਸ਼ਰਮਾ) : ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਕਿਹਾ ਕਿ ਹਰਿਆਣਾ ਰਾਜ ਦੇ ਗਠਨ ਦੇ 60 ਸਾਲ ਪੂਰੇ ਹੋਣ ਦੇ ਮੌਕੇ ’ਤੇ 1 ਨਵੰਬਰ ਨੂੰ ਕੁਰੂਕਸ਼ੇਤਰ ਵਿਖੇ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਹੀਰਕ ਜਯੰਤੀ ਸਮਾਗਮ ਵਿੱਚ ਮਾਣਯੋਗ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਦੇ ਪ੍ਰਸਤਾਵਿਤ ਦੌਰੇ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਅਧਿਕਾਰੀ ਤਿਆਰੀਆਂ ਨੂੰ ਗੰਭੀਰਤਾ ਨਾਲ ਅੰਤਿਮ ਰੂਪ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਕਮੀ ਨਾ ਰਹੇ। ਡੀਸੀ ਵਿਸ਼ਰਾਮ ਕੁਮਾਰ ਕੁਰੂਕਸ਼ੇਤਰ ਯੂਨੀਵਰਸਿਟੀ ਵਿਖੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਪੁਲਿਸ ਸੁਪਰਡੈਂਟ ਚੰਦਰ ਮੋਹਨ, ਸਮਾਗਮ ਦੇ ਨੋਡਲ ਅਧਿਕਾਰੀ ਪੰਕਜ ਸੇਤੀਆ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਡੀਸੀ ਨੇ ਕਿਹਾ ਕਿ ਰਾਸ਼ਟਰਪਤੀ ਦੇ ਦੌਰੇ ਦੌਰਾਨ ਸਾਰੇ ਪ੍ਰੋਗਰਾਮ ਨਿਰਧਾਰਤ ਸਮੇਂ ਅਨੁਸਾਰ ਅਤੇ ਪੂਰੀ ਮਰਿਆਦਾ ਨਾਲ ਕਰਵਾਏ ਜਾਣ। ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ।
ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਆਪਣੇ ਦੌਰੇ ਦੌਰਾਨ ਸ੍ਰੀ ਦੇਵੀਕੂਪ ਭਦਰਕਾਲੀ ਮੰਦਰ, ਕੁਰੂਕਸ਼ੇਤਰ ਯੂਨੀਵਰਸਿਟੀ ਅਤੇ ਗੁਰਕੁਲ ਸਮੇਤ ਵੱਖ-ਵੱਖ ਸਮਾਗਮਾਂ ਵਿੱਚ ਸ਼ਾਮਲ ਹੋਣਗੇ। ਦੌਰੇ ਦੀ ਸ਼ੁਰੂਆਤ ਭਦਰਕਾਲੀ ਮੰਦਰ ਵਿਖੇ ਮੱਥਾ ਟੇਕਣ ਅਤੇ ਪੂਜਾ-ਅਰਚਨਾ ਨਾਲ ਹੋਵੇਗੀ। ਇਸ ਤੋਂ ਬਾਅਦ ਰਾਸ਼ਟਰਪਤੀ ਕੁਰੂਕਸ਼ੇਤਰ ਯੂਨੀਵਰਸਿਟੀ ਵਿਖੇ ਹਰਿਆਣਾ ਦੇ 60 ਸਾਲਾਂ ਦੇ ਇਤਿਹਾਸ, ਵਿਕਾਸ ਅਤੇ ਪ੍ਰਾਪਤੀਆਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਦੇਖਣਗੇ। ਇਸ ਦੇ ਨਾਲ ਹੀ ਸਾਲ 2047 ਤੱਕ ਵਿਕਸਿਤ ਹਰਿਆਣਾ ਬਣਾਉਣ ਦੀ ਕਲਪਨਾ ’ਤੇ ਆਧਾਰਿਤ ਪ੍ਰਦਰਸ਼ਨੀ ਦਾ ਵੀ ਨਿਰੀਖਣ ਕਰਨਗੇ। ਇਸ ਉਪਰੰਤ ਉਹ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਚ ਕਰਵਾਏ ਜਾਣ ਵਾਲੇ ਹੀਰਕ ਜਯੰਤੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਰਤਨਾਵਲੀ ਮਹੋਤਸਵ ਦਾ ਪੋਸਟਰ ਵੀ ਜਾਰੀ ਕਰਨਗੇ। ਇਸ ਤੋਂ ਬਾਅਦ ਉਹ ਗੁਰਕੁਲ ਵਿਖੇ ਮਹਾਨ ਆਜ਼ਾਦੀ ਘੁਲਾਟੀਏ ਸਵਾਮੀ ਸ਼ਰਧਾਨੰਦ ਜੀ ਦੇ ਬਲੀਦਾਨ ਦੇ ਸ਼ਤਾਬਦੀ ਵਰ੍ਹੇ ਦੀ ਯਾਦ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਰਹਿਣਗੇ।
ਡੀਸੀ ਨੇ ਅਧਿਕਾਰੀਆਂ ਨਾਲ ਸਮਾਗਮ ਦੇ ਰੂਟ ਪਲਾਨ, ਸਟੇਜ ਪ੍ਰਬੰਧ, ਪ੍ਰਦਰਸ਼ਨੀ, ਸੁਰੱਖਿਆ ਪ੍ਰਬੰਧਾਂ, ਪਾਰਕਿੰਗ, ਵੀਆਈਪੀ ਅਤੇ ਆਮ ਲੋਕਾਂ ਦੇ ਆਉਣ-ਜਾਣ ਦੇ ਰਸਤਿਆਂ ਅਤੇ ਬੈਠਣ ਦੀ ਵਿਵਸਥਾ ਸਮੇਤ ਵੱਖ-ਵੱਖ ਪਹਿਲੂਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਰਾਸ਼ਟਰਪਤੀ ਦੇ ਆਉਣ-ਜਾਣ ਵਾਲੇ ਰਸਤਿਆਂ, ਗ੍ਰੀਨ ਜ਼ੋਨ ਅਤੇ ਸਟੇਜ ਵਾਲੀ ਥਾਂ ’ਤੇ ਸਾਰੇ ਪ੍ਰਬੰਧ ਪ੍ਰੋਟੋਕੋਲ ਅਨੁਸਾਰ ਕੀਤੇ ਜਾਣ। ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸਮਾਗਮ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਦੇ ਦੌਰੇ ਦੇ ਮੱਦੇਨਜ਼ਰ ਪੂਰੇ ਰੂਟ ਅਤੇ ਸਮਾਗਮ ਵਾਲੀਆਂ ਥਾਵਾਂ ’ਤੇ ਸਫ਼ਾਈ ਦੇ ਨਾਲ-ਨਾਲ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ, ਉਹ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਗੰਭੀਰਤਾ ਅਤੇ ਤਨਦੇਹੀ ਨਾਲ ਨਿਭਾਉਣ।






