ਮੁੱਖ ਮੰਤਰੀ ਨੇ ਜੀ.ਐੱਮ.ਡੀ.ਏ. ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ, ਸਫ਼ਾਈ ਤੋਂ ਲੈ ਕੇ ਬੁਨਿਆਦੀ ਸਹੂਲਤਾਂ ਤੱਕ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਗੁਰੂਗ੍ਰਾਮ, 25 ਨਵੰਬਰ 2026 (ਸੰਜੀਵ ਸ਼ਰਮਾ): ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਗੁਰੂਗ੍ਰਾਮ ਵਿਖੇ ਗੁਰੂਗ੍ਰਾਮ ਮਹਾਨਗਰ ਵਿਕਾਸ ਅਥਾਰਟੀ (ਜੀ.ਐੱਮ.ਡੀ.ਏ.) ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਸ਼ਹਿਰ ਦੀ ਸਫ਼ਾਈ ਵਿਵਸਥਾ, ਸੀਐਂਡਡੀ ਵੇਸਟ (ਨਿਰਮਾਣ ਅਤੇ ਢਾਹੁਣ ਤੋਂ ਨਿਕਲਣ ਵਾਲਾ ਮਲਬਾ) ਦੇ ਪ੍ਰਬੰਧਨ, ਜਲ ਭਰਾਅ ਦੀ ਰੋਕਥਾਮ, ਸੜਕਾਂ, ਪੀਣ ਵਾਲੇ ਪਾਣੀ ਅਤੇ ਸੀਵਰੇਜ ਦੇ ਮਿਸਿੰਗ ਲਿੰਕ ਪ੍ਰਾਜੈਕਟਾਂ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗੁਰੂਗ੍ਰਾਮ ਦੀਆਂ ਵਿਵਸਥਾਵਾਂ ਵਿੱਚ ਜ਼ਮੀਨੀ ਪੱਧਰ ’ਤੇ ਸਪੱਸ਼ਟ ਬਦਲਾਅ ਦਿਖਾਈ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਬਜਟ ਦੀ ਕੋਈ ਕਮੀ ਨਹੀਂ ਹੈ। ਅਧਿਕਾਰੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਵਚਨਬੱਧਤਾ ਨਾਲ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ। ਸਿਰਫ਼ ਕੰਮਾਂ ਦੀ ਪ੍ਰਗਤੀ ਰਿਪੋਰਟ ਹੀ ਨਹੀਂ, ਸਗੋਂ ਉਨ੍ਹਾਂ ਦੇ ਅਸਲ ਨਤੀਜੇ ਵੀ ਦਿਖਾਈ ਦੇਣੇ ਚਾਹੀਦੇ ਹਨ। ਮੀਟਿੰਗ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਦੀ ਵਿਧਾਇਕਾ ਬਿਮਲਾ ਚੌਧਰੀ, ਸੋਹਨਾ ਦੇ ਵਿਧਾਇਕ ਤੇਜਪਾਲ ਤੰਵਰ ਅਤੇ ਗੁਰੂਗ੍ਰਾਮ ਦੇ ਵਿਧਾਇਕ ਮੁਕੇਸ਼ ਸ਼ਰਮਾ, ਹਰਿਆਣਾ ਸਰਕਾਰ ਦੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਲਾਹਕਾਰ ਡੀ.ਐੱਸ. ਢੇਸੀ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਡਾ. ਯਸ਼ਪਾਲ ਯਾਦਵ ਅਤੇ ਸ਼ਹਿਰੀ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਅਸ਼ੋਕ ਕੁਮਾਰ ਮੀਣਾ ਵੀ ਮੌਜੂਦ ਸਨ।
ਸਫ਼ਾਈ ਅਤੇ ਸੀਐਂਡਡੀ ਵੇਸਟ ਪ੍ਰਬੰਧਨ ਲਈ ਮਾਈਕ੍ਰੋ ਮੈਨੇਜਮੈਂਟ ਪੱਧਰ ’ਤੇ ਕੰਮ ਕਰਨ ਦੇ ਨਿਰਦੇਸ਼
ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਅਤੇ ਸੀਐਂਡਡੀ ਵੇਸਟ ਦੇ ਸਹੀ ਨਿਪਟਾਰੇ ਲਈ ਅਧਿਕਾਰੀ ਮਾਈਕ੍ਰੋ ਮੈਨੇਜਮੈਂਟ ਪੱਧਰ ’ਤੇ ਕੰਮ ਕਰਨ। ਨਿਰਮਾਣ ਅਤੇ ਢਾਹੁਣ ਦੇ ਕੰਮਾਂ ਤੋਂ ਨਿਕਲਣ ਵਾਲੇ ਮਲਬੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਪੂਰੀ ਪ੍ਰਕਿਰਿਆ ਵਿੱਚ ਸਬੰਧਤ ਕੰਪਨੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੂੜੇ ਦਾ ਨਿਪਟਾਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਹੋਵੇ।
ਸੀਐਂਡਡੀ ਵੇਸਟ ਦੇ ਅਸਥਾਈ ਭੰਡਾਰਨ ਲਈ ਜ਼ਿਲ੍ਹੇ ਵਿੱਚ 10 ਥਾਵਾਂ ’ਤੇ ਇੱਕ-ਇੱਕ ਹੈਕਟੇਅਰ ਜ਼ਮੀਨ ਕੀਤੀ ਜਾਵੇਗੀ ਨਿਰਧਾਰਤ
ਮੀਟਿੰਗ ਵਿੱਚ ਜੀ.ਐੱਮ.ਡੀ.ਏ. ਦੇ ਸੀ.ਈ.ਓ. ਡੀ.ਕੇ. ਬੇਹਰਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸੀਐਂਡਡੀ ਵੇਸਟ ਦੇ ਬਿਹਤਰ ਪ੍ਰਬੰਧਨ ਸਬੰਧੀ ਨਾਗਰਿਕਾਂ ਨਾਲ ਮੀਟਿੰਗ ਕੀਤੀ ਗਈ ਸੀ। ਇਸ ਦੌਰਾਨ ਨਾਗਰਿਕਾਂ ਤੋਂ ਮਿਲੇ ਸੁਝਾਵਾਂ ਦੇ ਆਧਾਰ ’ਤੇ ਜ਼ਿਲ੍ਹੇ ਵਿੱਚ 10 ਵੱਖ-ਵੱਖ ਥਾਵਾਂ ’ਤੇ ਇੱਕ-ਇੱਕ ਹੈਕਟੇਅਰ ਜ਼ਮੀਨ ਨਿਰਧਾਰਤ ਕਰਨ ਦੀ ਯੋਜਨਾ ਬਣਾਈ ਗਈ ਹੈ। ਇਨ੍ਹਾਂ ਥਾਵਾਂ ’ਤੇ ਨਿਰਮਾਣ ਅਤੇ ਢਾਹੁਣ ਦੇ ਕੰਮਾਂ ਤੋਂ ਨਿਕਲਣ ਵਾਲੇ ਮਲਬੇ ਨੂੰ ਅਸਥਾਈ ਤੌਰ ’ਤੇ ਇਕੱਠਾ ਕੀਤਾ ਜਾਵੇਗਾ।
ਇਸ ਲਈ ਨਿਰਧਾਰਤ ਜ਼ਮੀਨ ਨੂੰ ਚਾਰੇ ਪਾਸਿਓਂ ਘੇਰਿਆ ਜਾਵੇਗਾ, ਤਾਂ ਜੋ ਮਲਬਾ ਬੇਕਾਬੂ ਢੰਗ ਨਾਲ ਨਾ ਫੈਲੇ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਗੰਦਗੀ ਤੇ ਪ੍ਰਦੂਸ਼ਣ ਦੀ ਸਮੱਸਿਆ ਪੈਦਾ ਨਾ ਹੋਵੇ। ਇਸ ਵਿਵਸਥਾ ਨਾਲ ਸੀਐਂਡਡੀ ਵੇਸਟ ਦੇ ਇਕੱਠ ਅਤੇ ਉਸ ਦੇ ਵਿਗਿਆਨਕ ਨਿਪਟਾਰੇ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਸਕੇਗਾ। ਮੁੱਖ ਮੰਤਰੀ ਨੇ ਸੀਐਂਡਡੀ ਵੇਸਟ ਦੇ ਲੰਬੇ ਸਮੇਂ ਲਈ ਸਹੀ ਨਿਪਟਾਰੇ ਵਾਸਤੇ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ਦੇ ਨੇੜੇ ਜ਼ਿਲ੍ਹੇ ਵਿੱਚ ਲਗਭਗ 500 ਏਕੜ ਜ਼ਮੀਨ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਭਵਿੱਖ ਵਿੱਚ ਗੁਰੂਗ੍ਰਾਮ, ਮਾਨੇਸਰ ਅਤੇ ਫਰੀਦਾਬਾਦ ਦੇ ਸੀਐਂਡਡੀ ਵੇਸਟ ਦਾ ਇੱਥੇ ਨਿਪਟਾਰਾ ਕੀਤਾ ਜਾ ਸਕੇ।
ਦਿੱਲੀ ਤੋਂ ਗੈਰ-ਕਾਨੂੰਨੀ ਢੰਗ ਨਾਲ ਸੀਐਂਡਡੀ ਵੇਸਟ ਲਿਆਉਣ ਵਾਲਿਆਂ ’ਤੇ ਲੱਗੇਗਾ ਭਾਰੀ ਜੁਰਮਾਨਾ
ਮੀਟਿੰਗ ਵਿੱਚ ਦਿੱਲੀ ਤੋਂ ਗੁਰੂਗ੍ਰਾਮ ਵਿੱਚ ਗੈਰ-ਕਾਨੂੰਨੀ ਢੰਗ ਨਾਲ ਸੀਐਂਡਡੀ ਵੇਸਟ ਲਿਆਉਣ ਵਾਲੇ ਵਾਹਨਾਂ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾਇਆ ਗਿਆ। ਇਸ ਸਬੰਧੀ ਸੀਪੀ ਸ਼ਿਵਾਸ ਕਵੀਰਾਜ ਨੇ ਜਾਣਕਾਰੀ ਦਿੱਤੀ ਕਿ ਹੁਣ ਤੱਕ ਅਜਿਹੇ 12 ਵਾਹਨ ਜ਼ਬਤ ਕੀਤੇ ਜਾ ਚੁੱਕੇ ਹਨ ਅਤੇ ਸਬੰਧਤ ਵਿਅਕਤੀਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਕੇ ਕਾਰਵਾਈ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਇਸ ਤਰ੍ਹਾਂ ਗੈਰ-ਕਾਨੂੰਨੀ ਢੰਗ ਨਾਲ ਕੂੜਾ ਸੁੱਟਣ ਵਾਲਿਆਂ ’ਤੇ ਪ੍ਰਭਾਵਸ਼ਾਲੀ ਰੋਕ ਲਗਾਈ ਜਾਵੇ। ਸਬੰਧਤ ਰਸਤਿਆਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਯਕੀਨੀ ਬਣਾਈ ਜਾਵੇ ਅਤੇ ਦੋਸ਼ੀਆਂ ’ਤੇ ਭਾਰੀ ਜੁਰਮਾਨੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਗੁਰੂਗ੍ਰਾਮ ਦੀ ਸਫ਼ਾਈ ਵਿਵਸਥਾ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਾਹਰੋਂ ਕੂੜਾ ਲਿਆ ਕੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਸ਼ਹਿਰ ਵਿੱਚ ਕਿਤੇ ਵੀ ਧੂੜ ਨਹੀਂ ਉੱਡਣੀ ਚਾਹੀਦੀ, ਗ੍ਰੀਨ ਬੈਲਟ ਅਤੇ ਫੁੱਟਪਾਥਾਂ ਦੀ ਹੋਵੇ ਬਿਹਤਰ ਸਾਂਭ-ਸੰਭਾਲ
ਮੁੱਖ ਮੰਤਰੀ ਨੇ ਸ਼ਹਿਰ ਦੀ ਸਫ਼ਾਈ ਅਤੇ ਸੁੰਦਰੀਕਰਨ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗੁਰੂਗ੍ਰਾਮ ਵਿੱਚ ਕਿਤੇ ਵੀ ਧੂੜ ਉੱਡਦੀ ਹੋਈ ਦਿਖਾਈ ਨਹੀਂ ਦੇਣੀ ਚਾਹੀਦੀ। ਸੜਕਾਂ ਦੇ ਕਿਨਾਰਿਆਂ ’ਤੇ ਸਥਿਤ ਗ੍ਰੀਨ ਬੈਲਟ ਵਿੱਚ ਘਾਹ ਲਗਾਈ ਜਾਵੇ ਅਤੇ ਉਨ੍ਹਾਂ ਦੀ ਨਿਯਮਤ ਸਾਂਭ-ਸੰਭਾਲ ਯਕੀਨੀ ਬਣਾਈ ਜਾਵੇ। ਉਨ੍ਹਾਂ ਫੁੱਟਪਾਥਾਂ ’ਤੇ ਟਾਈਲਾਂ ਦੀ ਥਾਂ ਸੁਚੱਜੀਆਂ ਅਤੇ ਟਿਕਾਊ ਸਲੈਬਾਂ ਲਗਾਉਣ ਦੇ ਨਾਲ-ਨਾਲ ਪ੍ਰਮੁੱਖ ਸੜਕਾਂ ਦੇ ਕਿਨਾਰਿਆਂ ’ਤੇ ਬਿਹਤਰ ਫੁੱਟਪਾਥ ਵਿਕਸਤ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਅਤੇ ਜਨਤਕ ਥਾਵਾਂ ਦਾ ਰੂਪ ਸੁਚੱਜਾ ਅਤੇ ਆਕਰਸ਼ਕ ਹੋਣਾ ਚਾਹੀਦਾ ਹੈ। ਇਸ ਲਈ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।
ਮੁੱਖ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਸ਼ਹਿਰ ਦੀ ਮੌਜੂਦਾ ਸਫ਼ਾਈ ਵਿਵਸਥਾ ਦੀ ਜਾਣਕਾਰੀ ਲੈਂਦਿਆਂ ਕਿਹਾ ਕਿ ਸਫ਼ਾਈ ਕਾਰਜਾਂ ਲਈ ਜਿਨ੍ਹਾਂ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਉਨ੍ਹਾਂ ਦੀ ਹਾਜ਼ਰੀ ਅਤੇ ਕੰਮ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ। ਇਹ ਯਕੀਨੀ ਬਣਾਇਆ ਜਾਵੇ ਕਿ ਨਿਰਧਾਰਤ ਗਿਣਤੀ ਅਨੁਸਾਰ ਸਫ਼ਾਈ ਕਰਮਚਾਰੀ ਜ਼ਮੀਨੀ ਪੱਧਰ ’ਤੇ ਮੌਜੂਦ ਰਹਿ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ। ਸ਼ਹਿਰ ਦੀ ਹਰੇਕ ਪ੍ਰਮੁੱਖ ਸੜਕ ਲਈ ਇੱਕ ਅਧਿਕਾਰੀ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ, ਤਾਂ ਜੋ ਸਫ਼ਾਈ ਵਿਵਸਥਾ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਹੋਣ ’ਤੇ ਜਵਾਬਦੇਹੀ ਨਿਰਧਾਰਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਕਿਸੇ ਮੁਹਿੰਮ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਇਸ ਨੂੰ ਸ਼ਹਿਰ ਦੀ ਨਿਯਮਤ ਵਿਵਸਥਾ ਦਾ ਹਿੱਸਾ ਬਣਾਇਆ ਜਾਣਾ ਚਾਹੀਦਾ ਹੈ।
ਪੀਣ ਵਾਲੇ ਪਾਣੀ, ਸੜਕਾਂ ਅਤੇ ਸੀਵਰੇਜ ਦੇ ਮਿਸਿੰਗ ਲਿੰਕ ਪ੍ਰਾਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਦੇ ਨਿਰਦੇਸ਼
ਮੁੱਖ ਮੰਤਰੀ ਨੇ ਜੀ.ਐੱਮ.ਡੀ.ਏ. ਦੇ ਸੜਕਾਂ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਨੈੱਟਵਰਕ ਨਾਲ ਸਬੰਧਤ ਮਿਸਿੰਗ ਲਿੰਕ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਤੇਜ਼ੀ ਨਾਲ ਪੂਰਾ ਕੀਤਾ ਜਾਵੇ। ਪੀਣ ਵਾਲੇ ਪਾਣੀ ਦੀ ਸਪਲਾਈ ਦੇ ਮੁੱਖ ਨੈੱਟਵਰਕ ਨਾਲ ਛੁੱਟੇ ਹੋਏ ਲਿੰਕ ਜੋੜ ਕੇ ਸ਼ਹਿਰ ਵਿੱਚ ਨਿਰਵਿਘਨ ਜਲ ਸਪਲਾਈ ਯਕੀਨੀ ਬਣਾਈ ਜਾਵੇ। ਇਸੇ ਤਰ੍ਹਾਂ ਸੜਕ ਨੈੱਟਵਰਕ ਵਿੱਚ ਜਿੱਥੇ ਵੀ ਸੰਪਰਕ ਦੀ ਘਾਟ ਹੈ, ਉੱਥੇ ਮਿਸਿੰਗ ਲਿੰਕ ਵਿਕਸਤ ਕਰਕੇ ਆਵਾਜਾਈ ਨੂੰ ਸੁਖਾਲਾ ਬਣਾਇਆ ਜਾਵੇ। ਉਨ੍ਹਾਂ ਸੀਵਰੇਜ ਨੈੱਟਵਰਕ ਦੇ ਅਧੂਰੇ ਲਿੰਕ ਵੀ ਜਲਦੀ ਜੋੜਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਸੀਵਰੇਜ ਅਤੇ ਪਾਣੀ ਦੀ ਨਿਕਾਸੀ ਦੀ ਵਿਵਸਥਾ ਸੁਚਾਰੂ ਬਣੀ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਪ੍ਰਾਜੈਕਟਾਂ ਵਿੱਚ ਜ਼ਮੀਨ ਦੀ ਉਪਲਬਧਤਾ ਰੁਕਾਵਟ ਬਣ ਰਹੀ ਹੈ, ਉੱਥੇ ਅਧਿਕਾਰੀ ਜ਼ਮੀਨ ਦੀ ਅਦਲਾ-ਬਦਲੀ ਸਮੇਤ ਹੋਰ ਵਿਹਾਰਕ ਵਿਕਲਪਾਂ ’ਤੇ ਕੰਮ ਕਰਕੇ ਹੱਲ ਕੱਢਣ। ਸ਼ਹਿਰ ਦੀ ਵਧਦੀ ਆਬਾਦੀ ਅਤੇ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਬੁਨਿਆਦੀ ਸਹੂਲਤਾਂ ਦਾ ਮਜ਼ਬੂਤ ਅਤੇ ਸੁਚੱਜਾ ਢਾਂਚਾ ਤਿਆਰ ਕੀਤਾ ਜਾਵੇ।
ਪ੍ਰਮੁੱਖ ਚੌਕਾਂ ਅਤੇ ਚੌਰਾਹਿਆਂ ਦੇ ਸੁੰਦਰੀਕਰਨ ਦੀ ਜ਼ਿੰਮੇਵਾਰੀ ਖੁਦ ਲੈਣ ਸੰਯੁਕਤ ਕਮਿਸ਼ਨਰ
ਮੀਟਿੰਗ ਵਿੱਚ ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ ਨੇ ਸੁਝਾਅ ਦਿੱਤਾ ਕਿ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਆਪਣੇ-ਆਪਣੇ ਖੇਤਰਾਂ ਦੇ ਪ੍ਰਮੁੱਖ ਚੌਕਾਂ ਅਤੇ ਚੌਰਾਹਿਆਂ ਦੇ ਸੁੰਦਰੀਕਰਨ ਦੀ ਜ਼ਿੰਮੇਵਾਰੀ ਖੁਦ ਸੰਭਾਲਣ। ਚੌਕਾਂ ਅਤੇ ਚੌਰਾਹਿਆਂ ’ਤੇ ਸਫ਼ਾਈ, ਹਰਿਆਲੀ, ਢੁਕਵੀਂ ਰੌਸ਼ਨੀ ਅਤੇ ਸੁਚੱਜੀ ਸਾਂਭ-ਸੰਭਾਲ ਯਕੀਨੀ ਬਣਾਈ ਜਾਵੇ। ਇਸ ਨਾਲ ਸ਼ਹਿਰ ਦੀ ਸੁੰਦਰਤਾ ਵਧਣ ਦੇ ਨਾਲ-ਨਾਲ ਨਾਗਰਿਕਾਂ ਨੂੰ ਵੀ ਬਿਹਤਰ ਜਨਤਕ ਸਹੂਲਤਾਂ ਮਿਲਣਗੀਆਂ।
ਬੇਸਹਾਰਾ ਪਸ਼ੂਆਂ ਨੂੰ ਫੜ ਕੇ ਗਊਸ਼ਾਲਾਵਾਂ ਵਿੱਚ ਭੇਜਣ ਦੀ ਕਾਰਵਾਈ ਜਾਰੀ ਰੱਖੀ ਜਾਵੇ
ਮੀਟਿੰਗ ਵਿੱਚ ਸ਼ਹਿਰ ਵਿੱਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਬਾਰੇ ਵੀ ਚਰਚਾ ਕੀਤੀ ਗਈ। ਗੁਰੂਗ੍ਰਾਮ ਨਗਰ ਨਿਗਮ ਦੇ ਕਮਿਸ਼ਨਰ ਡਾ. ਪੰਕਜ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਹੁਣ ਤੱਕ ਲਗਭਗ 250 ਤੋਂ ਵੱਧ ਬੇਸਹਾਰਾ ਗਊਵੰਸ਼ ਨੂੰ ਫੜ ਕੇ ਗਊਸ਼ਾਲਾਵਾਂ ਵਿੱਚ ਭੇਜਿਆ ਜਾ ਚੁੱਕਾ ਹੈ। ਇਸ ਦੌਰਾਨ ਕੁਝ ਥਾਵਾਂ ’ਤੇ ਪਸ਼ੂਆਂ ਨੂੰ ਫੜਨ ਵਾਲੀਆਂ ਟੀਮਾਂ ਨਾਲ ਕੁੱਟਮਾਰ ਦੀਆਂ ਘਟਨਾਵਾਂ ਦਾ ਮਾਮਲਾ ਵੀ ਸਾਹਮਣੇ ਆਇਆ। ਮੁੱਖ ਮੰਤਰੀ ਨੇ ਇਨ੍ਹਾਂ ਘਟਨਾਵਾਂ ਦਾ ਸਖ਼ਤ ਨੋਟਿਸ ਲੈਂਦਿਆਂ ਨਿਰਦੇਸ਼ ਦਿੱਤੇ ਕਿ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਅਤੇ ਕਰਮਚਾਰੀਆਂ ਨਾਲ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਪੁਲਿਸ ਸਖ਼ਤ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਸੁਰੱਖਿਆ ਅਤੇ ਸ਼ਹਿਰ ਦੀ ਵਿਵਸਥਾ ਬਣਾਈ ਰੱਖਣ ਲਈ ਨਿਰਧਾਰਤ ਨਿਯਮਾਂ ਅਨੁਸਾਰ ਕਾਰਵਾਈ ਲਗਾਤਾਰ ਜਾਰੀ ਰਹਿਣੀ ਚਾਹੀਦੀ ਹੈ। ਮੀਟਿੰਗ ਵਿੱਚ ਫਰੀਦਾਬਾਦ ਨਗਰ ਨਿਗਮ ਦੇ ਕਮਿਸ਼ਨਰ ਯਸ਼ੇਂਦਰ ਸਿੰਘ, ਡੀ.ਸੀ. ਉੱਤਮ ਸਿੰਘ, ਜੀ.ਐੱਮ.ਡੀ.ਏ. ਦੇ ਵਧੀਕ ਸੀ.ਈ.ਓ. ਮੁਹੰਮਦ ਇਮਰਾਨ ਰਜ਼ਾ, ਗੁਰੂਗ੍ਰਾਮ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਯਸ਼ ਜਲੂਕਾ ਅਤੇ ਰਵਿੰਦਰ ਯਾਦਵ ਸਮੇਤ ਜੀ.ਐੱਮ.ਡੀ.ਏ. ਅਤੇ ਗੁਰੂਗ੍ਰਾਮ ਨਗਰ ਨਿਗਮ ਦੇ ਵੱਖ-ਵੱਖ ਅਧਿਕਾਰੀ ਮੌਜੂਦ ਸਨ।
