ਚੰਡੀਗੜ੍ਹ, 28 ਅਗਸਤ, 2026 (ਛਤਰਪਾਲ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਭੈਣ-ਭਰਾ ਦੇ ਪਿਆਰ ਅਤੇ ਪਵਿੱਤਰ ਰਿਸ਼ਤੇ ਨੂੰ ਸਮਰਪਿਤ ਇਸ ਤਿਉਹਾਰ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਧੀਆਂ ਅਤੇ ਭੈਣਾਂ ਦੇ ਸਨਮਾਨ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਹਮੇਸ਼ਾ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਆਪਣੀ ਪੋਸਟ ਵਿੱਚ ਕਿਹਾ ਕਿ ਭੈਣਾਂ ਵੱਲੋਂ ਮਿਲ ਰਹੇ ਪਿਆਰ ਅਤੇ ਅਸੀਸਾਂ ਨਾਲ ਉਨ੍ਹਾਂ ਦਾ ਇਰਾਦਾ ਹੋਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ-ਭੈਣਾਂ ਦੇ ਹੱਕਾਂ, ਸਨਮਾਨ ਅਤੇ ਸੁਰੱਖਿਆ ਲਈ ਉਹ ਹਮੇਸ਼ਾ ਡਟ ਕੇ ਕੰਮ ਕਰਦੇ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀਆਂ ਦੀ ਭਲਾਈ ਲਈ ਸਰਕਾਰ ਦੀ ਸੋਚ ਅਤੇ ਵਚਨਬੱਧਤਾ ਹਮੇਸ਼ਾ ਸਮਰਪਿਤ ਰਹੇਗੀ। ਇਸ ਦੇ ਨਾਲ ਹੀ ਸੀਐਮ ਮਾਨ ਨੇ ਰੱਖੜ ਪੁੰਨਿਆ ਅਤੇ ਬਾਬਾ ਬਕਾਲਾ ਸਾਹਿਬ ਦੇ ਇਤਿਹਾਸਕ ਜੋੜ ਮੇਲੇ ਮੌਕੇ ਵੀ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਨੂੰ ਨਮਨ ਕਰਦਿਆਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ, ਅਮਨ ਅਤੇ ਖੁਸ਼ਹਾਲੀ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਰਕਾਰ ਦੀ ਮੁੱਖ ਸੋਚ ਹੈ। ਮੁੱਖ ਮੰਤਰੀ ਨੇ ਗੁਰੂ ਸਾਹਿਬ ਅੱਗੇ ਸਮੂਹ ਪੰਜਾਬ ਵਾਸੀਆਂ ਦੀ ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਸਭ ਦਾ ਭਲਾ ਕਰਨ।







