ਪਟਿਆਲਾ, 28 ਅਗਸਤ, 2026 (ਦੀਪਕ ਦੱਤਾ): ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ ਸੈਂਟਰ ਫ਼ਾਰ ਇੰਨਟਰਨਲ ਕੁਆਲਿਟੀ ਅਸ਼ੋਰੈਂਸ (CIQA) ਦੇ ਸਹਿਯੋਗ ਨਾਲ “The Role of Media in Strengthening Democracy” ਵਿਸ਼ੇ ’ਤੇ ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦਾ ਮੁੱਖ ਉਦੇਸ਼ ਮੀਡੀਆ ਦੀ ਭੂਮਿਕਾ ਅਤੇ ਲੋਕਤੰਤਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਅਤੇ ਨਾਗਰਿਕ ਭਾਗੀਦਾਰੀ ਨੂੰ ਵਧਾਉਣ ਸਬੰਧੀ ਅਕਾਦਮਿਕ ਵਿਚਾਰ-ਵਟਾਂਦਰਾ ਕਰਨਾ ਸੀ। ਮਾਣਯੋਗ ਉਪ-ਕੁਲਪਤੀ ਪ੍ਰੋ. (ਡਾ.) ਰਤਨ ਸਿੰਘ ਵੱਲੋਂ ਇਸ ਮੌਕੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਸ਼ੇ ਦੇ ਮਹੱਤਵ ਬਾਰੇ ਦੱਸਿਆ ਅਤੇ ਮੀਡੀਆ ਦੀ ਸਕਾਰਾਤਮਕ ਭੂਮਿਕਾ ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਇੱਕ ਜ਼ਿੰਮੇਵਾਰ, ਸੁਤੰਤਰ ਅਤੇ ਨਿਰਪੱਖ ਮੀਡੀਆ ਨਾ ਸਿਰਫ਼ ਲੋਕਤੰਤਰੀ ਪ੍ਰਕਿਰਿਆਵਾਂ ਨੂੰ ਮਜ਼ਬੂਤ ਕਰਦਾ ਹੈ, ਸਗੋਂ ਨਾਗਰਿਕਾਂ ਨੂੰ ਜਾਗਰੂਕ ਅਤੇ ਸਰਗਰਮ ਬਣਾਉਣ ਵਿੱਚ ਵੀ ਅਹਿਮ ਯੋਗਦਾਨ ਪਾਉਂਦਾ ਹੈ। ਇਸ ਮੌਕੇ ਆਮ ਆਦਮੀ ਪਾਰਟੀ, ਪੰਜਾਬ ਦੇ ਸਟੇਟ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਸ. ਬਲਤੇਜ ਸਿੰਘ ਪੰਨੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਡਾ. ਗੁਰਪ੍ਰੀਤ ਸਿੰਘ ਬਰਾੜ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਕੀਨੋਟ ਐਡਰੈੱਸ ਦਿੱਤਾ।

ਸ. ਬਲਤੇਜ ਸਿੰਘ ਪੰਨੂ ਨੇ ਸੈਮੀਨਾਰ ਦੌਰਾਨ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਮੀਡੀਆ ਦੀ ਅਹਿਮ ਭੂਮਿਕਾ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ। ਉਹਨਾਂ ਨੇ ਸੈਮੀਨਾਰ ਵਿੱਚ ਡਿਜ਼ੀਟਲ ਮੀਡੀਆ ਅਤੇ ਲੋਕਤੰਤਰੀ ਪਰਿਵਰਤਨ, ਸੋਸ਼ਲ ਮੀਡੀਆ ਅਤੇ ਰਾਜਨੀਤਿਕ ਸਰਗਰਮੀ, ਮੀਡੀਆ ਦੀ ਆਜ਼ਾਦੀ, ਪਾਰਦਰਸ਼ਤਾ ਅਤੇ ਜਵਾਬਦੇਹੀ, ਫੇਕ ਨਿਊਜ਼, ਮੀਡੀਆ ਬਾਇਸ, ਸੈਂਸਰਸ਼ਿਪ, ਮੀਡੀਆ ਅਤੇ ਸਮਾਜ, ਸਮਾਵੇਸ਼ੀ ਲੋਕਤੰਤਰ, ਮੀਡੀਆ ਅਤੇ ਚੋਣ ਰਾਜਨੀਤੀ ਤੋਂ ਇਲਾਵਾ ਆਰਟੀਫ਼ੀਸ਼ਲ ਇੰਟੈਲੀਜੈਂਸ ਅਤੇ ਤਕਨਾਲੋਜੀ ਦੇ ਮੀਡੀਆ ਅਤੇ ਲੋਕਤੰਤਰ ’ਤੇ ਪੈ ਰਹੇ ਪ੍ਰਭਾਵਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ। ਡਾ. ਗੁਰਪ੍ਰੀਤ ਸਿੰਘ ਬਰਾੜ ਨੇ ਸੰਬੋਧਨ ਕਰਿਦਆਂ ਦੱਸਿਆ ਕਿ ਮੀਡੀਆ ਨੂੰ ਲੋਕਤੰਤਰ ਦਾ ਚੌਥਾ ਸਤੰਭ ਮੰਨਿਆ ਜਾਂਦਾ ਹੈ ਅਤੇ ਇਹ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ, ਜਨਤਕ ਰਾਏ ਦੇ ਨਿਰਮਾਣ ਅਤੇ ਸਰਕਾਰਾਂ ਤੇ ਸੰਸਥਾਵਾਂ ਦੀ ਜਵਾਬਦੇਹੀ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਉਹਨਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅਜੋਕੇ ਡਿਜ਼ੀਟਲ ਯੁੱਗ ਵਿੱਚ ਮੀਡੀਆ ਦੀ ਭੂਮਿਕਾ ਹੋਰ ਵੀ ਮਹੱਤਵਪੂਰਨ ਹੋ ਗਈ ਹੈ। ਡਾ. ਨਵਨੀਨ ਮੁਲਤਾਨੀ (ਡੀਨ ਰਿਸਰਚ) ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਡਾ. ਸੁਖਪਾਲ ਕੌਰ, ਮੁਖੀ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਭਾਗੀਦਾਰਾਂ ਦਾ ਰਸਮੀ ਧੰਨਵਾਦ ਕੀਤਾ ਗਿਆ। ਕਮਲਵੀਰ ਸਿੰਘ, ਅਸਿਸਟੈਂਟ ਪ੍ਰੋਫੈਸਰ ਨੇ ਸੈਮੀਨਾਰ ਦੇ ਵਿਸ਼ੇ ਬਾਰੇ ਜਾਗਰੂਕ ਕੀਤਾ ਅਤੇ ਡਾ. ਗੁਰਜੀਤ ਕੌਰ ਵੱਲੋਂ ਸਟੇਜ ਦਾ ਸੰਚਾਲਨ ਬਾਖੂਬੀ ਕੀਤਾ ਗਿਆ।