ਪੰਚਕੂਲਾ, 12 ਅਕਤੂਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਦੇਸ਼ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਅੱਗੇ ਵਧਣ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੂਰਦਰਸ਼ੀ ਨਿਰਦੇਸ਼ਾਂ ਤਹਿਤ ਭਾਰਤ ਵਿਕਸਤ ਰਾਸ਼ਟਰ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਅਤੇ ਅੱਜ ਵਿਸ਼ਵ ਪੱਧਰ ‘ਤੇ ਦੇਸ਼ ਦਾ ਸਨਮਾਨ ਵਧਿਆ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਸ਼ਵਿਨ ਨਵਰਾਤਿਆਂ ਦੇ ਪਹਿਲੇ ਦਿਨ ਮਾਤਾ ਮਨਸਾ ਦੇਵੀ ਮੰਦਰ ਵਿੱਚ ਪੂਜਾ-ਅਰਚਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਦੇਸ਼ ਦੀ 140 ਕਰੋੜ ਜਨਤਾ ਦੇ ਸਮੂਹਿਕ ਯਤਨਾਂ ਨਾਲ ਭਾਰਤ ਨੇ ਵਿਕਾਸ ਦੇ ਖੇਤਰ ਵਿੱਚ ਉੱਤਮ ਤਰੱਕੀ ਕੀਤੀ ਹੈ। ਉਨ੍ਹਾਂ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਪਣੇ ਲੰਬੇ ਸ਼ਾਸਨਕਾਲ ਦੌਰਾਨ ਪਾਰਟੀ ਸਪੱਸ਼ਟ ਨੀਤੀਆਂ ਅਤੇ ਮਜ਼ਬੂਤ ਇੱਛਾ ਸ਼ਕਤੀ ਨਾਲ ਦੇਸ਼ ਨੂੰ ਅੱਗੇ ਵਧਾਉਣ ਵਿੱਚ ਸਫ਼ਲ ਨਹੀਂ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਇੰਡੀ ਗਠਜੋੜ ਕੋਲ ਠੋਸ ਮੁੱਦਿਆਂ ਦੀ ਘਾਟ ਹੈ ਅਤੇ ਉਹ ਝੂਠੇ ਦੋਸ਼ਾਂ ਰਾਹੀਂ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਹੁਣ ਵਿਰੋਧੀ ਧਿਰ ਦੀ ਰਾਜਨੀਤੀ ਨੂੰ ਸਮਝ ਚੁੱਕੀ ਹੈ।
ਮੈਰਿਟ ਆਧਾਰਿਤ ਭਰਤੀ ਨਾਲ ਨੌਜਵਾਨਾਂ ਨੂੰ ਮਿਲ ਰਹੇ ਮੌਕੇ
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਗਰੀਬ ਤੋਂ ਗਰੀਬ ਵਿਅਕਤੀ ਦੇ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਸਮਾਨ ਵਿਕਾਸ ਲਈ ਵਚਨਬੱਧ ਹੈ। ਸਰਕਾਰ ਦੀ ਤਰਜੀਹ ਹੈ ਕਿ ਹਰੇਕ ਯੋਗ ਨਾਗਰਿਕ ਨੂੰ ਯੋਜਨਾਵਾਂ ਦਾ ਲਾਭ ਮਿਲੇ ਅਤੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਅੱਗੇ ਵਧਣ ਦਾ ਮੌਕਾ ਪ੍ਰਾਪਤ ਹੋਵੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨੌਜਵਾਨਾਂ ਨੂੰ ਬਿਨਾਂ ਖਰਚੀ-ਪਰਚੀ ਦੇ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2014 ਤੋਂ ਪਹਿਲਾਂ ਭਰਤੀ ਪ੍ਰਕਿਰਿਆ ਵਿੱਚ ਭਾਈ-ਭਤੀਜਾਵਾਦ ਅਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਸੀ, ਜਦੋਂ ਕਿ ਮੌਜੂਦਾ ਵਿਵਸਥਾ ਵਿੱਚ ਪਾਰਦਰਸ਼ਤਾ ਅਤੇ ਯੋਗਤਾ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਕਾਨੂੰਨ-ਵਿਵਸਥਾ ਬਣਾਈ ਰੱਖਣਾ ਸਰਕਾਰ ਦੀ ਤਰਜੀਹ
ਕਾਨੂੰਨ-ਵਿਵਸਥਾ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸ਼ਾਂਤੀ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਸਰਵਉੱਚ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਰਾਣੀਆਂ ਕਾਂਗਰਸ ਸਰਕਾਰਾਂ ਦੇ ਕਾਰਜਕਾਲ ਵਿੱਚ ਲੋਕਾਂ ਵਿੱਚ ਡਰ ਦਾ ਮਾਹੌਲ ਸੀ ਅਤੇ ਕਈ ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ ਕਰਵਾਉਣ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੁਲਿਸ ਨੂੰ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਸਮਾਜ-ਵਿਰੋਧੀ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਜੇਕਰ ਕੋਈ ਵਿਅਕਤੀ ਕਿਸੇ ਨੂੰ ਡਰਾਉਣ ਜਾਂ ਧਮਕਾਉਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ। ਸਰਕਾਰ ਦਾ ਉਦੇਸ਼ ਸੂਬੇ ਵਿੱਚ ਸੁਰੱਖਿਅਤ ਮਾਹੌਲ ਨੂੰ ਯਕੀਨੀ ਬਣਾਉਣਾ ਹੈ, ਤਾਂ ਜੋ ਹਰੇਕ ਨਾਗਰਿਕ ਬਿਨਾਂ ਕਿਸੇ ਡਰ ਦੇ ਜੀਵਨ ਬਤੀਤ ਕਰ ਸਕੇ।
ਪੰਜਾਬ ਵਿੱਚ 2027 ਵਿੱਚ ਬਣੇਗੀ ਭਾਜਪਾ ਸਰਕਾਰ
ਪੰਜਾਬ ਵਿਧਾਨ ਸਭਾ ਚੋਣਾਂ ਨਾਲ ਜੁੜੇ ਸਵਾਲ ‘ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਸ਼ਵਾਸ ਜਤਾਇਆ ਕਿ ਸਾਲ 2027 ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ, ਮਹਿਲਾਵਾਂ, ਕਿਸਾਨ ਅਤੇ ਗਰੀਬ ਵਰਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਵਿਸ਼ਵਾਸ ਪ੍ਰਗਟ ਕਰ ਰਹੇ ਹਨ ਅਤੇ ਭਾਜਪਾ ਨੂੰ ਮਜ਼ਬੂਤ ਕਰਨਾ ਚਾਹੁੰਦੇ ਹਨ। ਹਰਿਆਣਾ ਅਤੇ ਪੰਜਾਬ ਦੀ ਸਥਿਤੀ ਦੀ ਤੁਲਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਨੌਜਵਾਨ ਖੇਡਾਂ ਵਿੱਚ ਤਗ਼ਮੇ ਜਿੱਤ ਕੇ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੂਬੇ ਦਾ ਨਾਂ ਰੌਸ਼ਨ ਕਰ ਰਹੇ ਹਨ। ਉੱਥੇ ਹੀ, ਉਨ੍ਹਾਂ ਪੰਜਾਬ ਵਿੱਚ ਨੌਜਵਾਨਾਂ ਵਿੱਚ ਨਸ਼ੇ ਦੀ ਸਮੱਸਿਆ ‘ਤੇ ਚਿੰਤਾ ਪ੍ਰਗਟਾਈ ਅਤੇ ਕਿਹਾ ਕਿ ਇਸ ਚੁਣੌਤੀ ਨਾਲ ਨਜਿੱਠਣ ਲਈ ਪ੍ਰਭਾਵੀ ਯਤਨਾਂ ਦੀ ਲੋੜ ਹੈ। ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸਰਕਾਰ ਨੇ ਇਮਾਨਦਾਰੀ ਦੇ ਨਾਂ ‘ਤੇ ਜਨਤਾ ਨਾਲ ਜੋ ਵਾਦੇ ਕੀਤੇ ਸਨ, ਉਨ੍ਹਾਂ ‘ਤੇ ਉਹ ਖਰੀ ਨਹੀਂ ਉਤਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਅਸਲੀਅਤ ਨੂੰ ਪਛਾਣ ਚੁੱਕੇ ਹਨ ਅਤੇ ਉਨ੍ਹਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਵਿਕਾਸ, ਪਾਰਦਰਸ਼ੀ ਸ਼ਾਸਨ, ਯੁਵਾ ਸਸ਼ਕਤੀਕਰਨ ਅਤੇ ਜਨਭਲਾਈ ਦੇ ਮੁੱਦਿਆਂ ‘ਤੇ ਭਾਜਪਾ ਨੂੰ ਪੰਜਾਬ ਵਿੱਚ ਜਨਤਾ ਦਾ ਸਮਰਥਨ ਪ੍ਰਾਪਤ ਹੋਵੇਗਾ। ਇਸ ਮੌਕੇ ਮੇਅਰ ਸ੍ਰੀ ਸ਼ਾਮ ਲਾਲ ਬੰਸਲ, ਹਰਿਆਣਾ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਬੰਤੋ ਕਟਾਰੀਆ, ਵਿਧਾਨ ਸਭਾ ਦੇ ਸਾਬਕਾ ਸਪੀਕਰ ਸ੍ਰੀ ਗਿਆਨਚੰਦ ਗੁਪਤਾ, ਡਿਪਟੀ ਕਮਿਸ਼ਨਰ ਅਤੇ ਮਾਤਾ ਮਨਸਾ ਦੇਵੀ ਪੂਜਾਥਲ ਬੋਰਡ ਦੇ ਮੁੱਖ ਪ੍ਰਸ਼ਾਸਕ ਸ੍ਰੀ ਸਤਪਾਲ ਸ਼ਰਮਾ, ਭਾਜਪਾ ਜ਼ਿਲ੍ਹਾ ਪ੍ਰਧਾਨ ਸ੍ਰੀ ਅਜੈ ਮਿੱਤਲ, ਮੀਡੀਆ ਸੰਪਰਕ ਪ੍ਰਮੁੱਖ ਸ੍ਰੀ ਪ੍ਰਵੀਨ ਅੱਤਰੇ ਸਮੇਤ ਹੋਰ ਪਤਵੰਤੇ ਮੌਜੂਦ ਸਨ।
