ਫਤਿਹਾਬਾਦ, 31 ਅਕਤੂਬਰ 2026 (ਸੰਜੀਵ ਸ਼ਰਮਾ): ਭਾਜਪਾ ਵੱਲੋਂ ਚਲਾਈ ਜਾ ਰਹੀ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਮੁਹਿੰਮ ਤਹਿਤ ਜ਼ਿਲ੍ਹਾ ਭਾਜਪਾ ਦੀ ਉਪ ਪ੍ਰਧਾਨ ਅਤੇ ਨਗਰ ਕੌਂਸਲ ਦੀ ਵਾਈਸ ਚੇਅਰਪਰਸਨ ਸਵਿਤਾ ਟੂਟੇਜਾ ਨੇ ਐੱਸਆਈਆਰ (ਵਿਸ਼ੇਸ਼ ਗਹਿਰੀ ਸੋਧ) ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਗੁੰਮਰਾਹਕੁੰਨ ਅਤੇ ਬੇਬੁਨਿਆਦ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਲੋਕਾਂ ਨੂੰ ਗੁੰਮਰਾਹ ਕਰਨ ਲਈ ਐੱਸਆਈਆਰ ਵਰਗੇ ਮਹੱਤਵਪੂਰਨ ਮੁੱਦੇ ’ਤੇ ਬੇਵਜ੍ਹਾ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਸਵਿਤਾ ਟੂਟੇਜਾ ਨੇ ਕਿਹਾ ਕਿ ਵੋਟਰ ਸੂਚੀ ਦੀ ਸੁਧਾਈ ਲੋਕਤੰਤਰੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਇੱਕ ਜ਼ਰੂਰੀ ਪ੍ਰਕਿਰਿਆ ਹੈ। ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵੋਟਰ ਸੂਚੀ ਦਾ ਸਹੀ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਨੁਸਾਰ ਐੱਸਆਈਆਰ ਦਾ ਮਕਸਦ ਕਿਸੇ ਵੀ ਯੋਗ ਵੋਟਰ ਦਾ ਅਧਿਕਾਰ ਖੋਹਣਾ ਨਹੀਂ, ਸਗੋਂ ਵੋਟਰ ਸੂਚੀ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਗ਼ਲਤੀਆਂ ਤੋਂ ਮੁਕਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰੇਕ ਯੋਗ ਨਾਗਰਿਕ ਨੂੰ ਵੋਟ ਪਾਉਣ ਦਾ ਅਧਿਕਾਰ ਪ੍ਰਾਪਤ ਹੈ ਅਤੇ ਇਸ ਅਧਿਕਾਰ ਦੀ ਰੱਖਿਆ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਵਿਰੋਧੀ ਧਿਰ ਨੂੰ ਸੰਵਿਧਾਨਕ ਪ੍ਰਕਿਰਿਆਵਾਂ ’ਤੇ ਸਵਾਲ ਚੁੱਕਣ ਦੀ ਬਜਾਏ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣੀ ਚਾਹੀਦੀ ਹੈ। ਬਿਨਾਂ ਤੱਥਾਂ ਦੇ ਦੋਸ਼ ਲਗਾਉਣਾ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨਾ ਲੋਕਤੰਤਰੀ ਰਵਾਇਤਾਂ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੋਕਤੰਤਰੀ ਕਦਰਾਂ-ਕੀਮਤਾਂ, ਪਾਰਦਰਸ਼ਤਾ ਅਤੇ ਨਿਰਪੱਖ ਚੋਣ ਪ੍ਰਕਿਰਿਆ ਪ੍ਰਤੀ ਵਚਨਬੱਧ ਹੈ। ਵਿਰੋਧੀ ਧਿਰ ਨੂੰ ਵੀ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਾਲੀਆਂ ਪ੍ਰਕਿਰਿਆਵਾਂ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ।






